ਡੀ.ਏ. ਦੇ ਬਕਾਏ ਲਈ ਮੁਲਾਜ਼ਮਾਂ ਨੂੰ ਕਿਉਂ ਤਰਸਾ ਰਹੀ ਹੈ ‘ਆਪ’ ਸਰਕਾਰ: ਬਲਬੀਰ ਸਿੰਘ ਸਿੱਧੂ
ਕਿਸੇ ਵੀ ਮੁਲਾਜ਼ਮ ਨੂੰ ਡਰਾਉਣ, ਧਮਕਾਉਣ ਜਾਂ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਸਿੱਧੂ
10 ਸਤੰਬਰ 2026, ਮੋਹਾਲੀ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕ ਦੀ ਮੰਗ ਕਰ ਰਹੇ ਹਨ, ਇਹ ਕੋਈ ਖੈਰਾਤ ਨਹੀਂ ਸਗੋਂ ਉਨ੍ਹਾਂ ਦੀ ਮਿਹਨਤ ਨਾਲ ਜੁੜਿਆ ਜਾਇਜ਼ ਹੱਕ ਹੈ। ਸਰਕਾਰ ਨੂੰ ਹੁਣ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਡੀ.ਏ. ਦਾ ਬਕਾਇਆ ਕਦੋਂ ਤੱਕ ਅਦਾ ਕੀਤਾ ਜਾਵੇਗਾ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ ਸਾਢੇ ਛੇ ਲੱਖ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ ਅਤੇ ਕਈ ਸਾਲਾਂ ਤੋਂ ਡੀ.ਏ. ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਸਰਕਾਰ ਉੱਤੇ ਹਜ਼ਾਰਾਂ ਕਰੋੜ ਰੁਪਏ ਦੀ ਵਿੱਤੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸੇਵਾ ਵਿੱਚ ਲਗਾ ਰਹੇ ਹਨ, ਉਨ੍ਹਾਂ ਨੂੰ ਆਪਣੇ ਹੀ ਹੱਕ ਲਈ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਕਰਨਾ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਅਦਾਲਤ ਤੱਕ ਗਏ ਅਤੇ ਅਦਾਲਤੀ ਕਾਰਵਾਈ ਵਿੱਚ ਵੀ ਉਨ੍ਹਾਂ ਦੇ ਹੱਕ ਵਿੱਚ ਫ਼ੈਸਲੇ ਆਏ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਮਾਮਲੇ ਨੂੰ ਲਟਕਾਉਣਾ ਅਤੇ ਅੱਗੇ ਕਾਨੂੰਨੀ ਲੜਾਈ ਵੱਲ ਲਿਜਾਣ ਦੀ ਤਿਆਰੀ ਕਰਨਾ ਸਮਝ ਤੋਂ ਬਾਹਰ ਹੈ। ਸ. ਸਿੱਧੂ ਨੇ ਸਵਾਲ ਕੀਤਾ ਕਿ ਜੇ ਸਰਕਾਰ ਕੋਲ ਇਸ਼ਤਿਹਾਰਾਂ, ਸਮਾਗਮਾਂ ਅਤੇ ਹੋਰ ਪ੍ਰਚਾਰਕ ਗਤੀਵਿਧੀਆਂ ਲਈ ਪੈਸਾ ਹੈ ਤਾਂ ਫਿਰ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਸਮੇਂ ਖਜ਼ਾਨਾ ਖਾਲੀ ਕਿਉਂ ਹੋ ਜਾਂਦਾ ਹੈ?
ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਅਤੇ ਕਿਹਾ ਸੀ ਕਿ ਕਿਸੇ ਵੀ ਵਰਗ ਨੂੰ ਆਪਣੇ ਹੱਕਾਂ ਲਈ ਧਰਨੇ-ਮੁਜ਼ਾਹਰੇ ਨਹੀਂ ਕਰਨੇ ਪੈਣਗੇ। ਪਰ ਅੱਜ ਹਾਲਾਤ ਇਸ ਦੇ ਬਿਲਕੁਲ ਉਲਟ ਹਨ। ਮੁਲਾਜ਼ਮ, ਪੈਨਸ਼ਨਰ, ਕਿਸਾਨ, ਨੌਜਵਾਨ ਅਤੇ ਹੋਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਹਨ। ਉਨ੍ਹਾਂ ਕਿਹਾ ਕਿ ‘ਬਦਲਾਅ’ ਦੇ ਨਾਮ ’ਤੇ ਸੱਤਾ ਵਿੱਚ ਆਈ ਸਰਕਾਰ ਨੇ ਲੋਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਹੈ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨਾਂ ਦੀਆਂ ਚਿੰਤਾਵਾਂ ਅਤੇ ਉਦਯੋਗਾਂ ਨਾਲ ਜੁੜੇ ਮੁੱਦਿਆਂ ਨੇ ਹਰ ਵਰਗ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਅਤੇ ਇਸ਼ਤਿਹਾਰਾਂ ਦੀ ਰਾਜਨੀਤੀ ਤੋਂ ਬਾਹਰ ਆ ਕੇ ਜ਼ਮੀਨੀ ਹਕੀਕਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕ ਹੁਣ ਸਰਕਾਰ ਦੇ ਵਾਅਦਿਆਂ ਨਹੀਂ, ਸਗੋਂ ਉਸ ਦੇ ਕੰਮਾਂ ਦਾ ਹਿਸਾਬ ਮੰਗ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਗੇ ਵੀ ਇਸ ਸੰਘਰਸ਼ ਵਿੱਚ ਮੁਲਾਜ਼ਮਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਵਿਧਾਨ ਸਭਾ ਤੋਂ ਲੈ ਕੇ ਸੜਕ ਤੱਕ ਉਠਾਉਂਦੀ ਰਹੇਗੀ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਹਰ ਸੰਭਵ ਲੋਕਤੰਤਰਿਕ ਤਰੀਕੇ ਨਾਲ ਸੰਘਰਸ਼ ਕੀਤਾ ਜਾਵੇਗਾ।
ਸ. ਬਲਬੀਰ ਸਿੰਘ ਸਿੱਧੂ ਨੇ ਸਰਕਾਰ ਅਤੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਡੀ.ਏ. ਸਮੇਤ ਆਪਣੇ ਜਾਇਜ਼ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਡਰਾਉਣ, ਧਮਕਾਉਣ ਜਾਂ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਸਰਕਾਰ ਜਾਂ ਕਿਸੇ ਵੀ ਅਧਿਕਾਰੀ ਵੱਲੋਂ ਕਿਸੇ ਮੁਲਾਜ਼ਮ ਨਾਲ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰਨ, ਦਬਾਅ ਬਣਾਉਣ ਜਾਂ ਉਸ ਦੇ ਹੱਕਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਂਗਰਸ ਪਾਰਟੀ ਉਸ ਮੁਲਾਜ਼ਮ ਦੇ ਨਾਲ ਡਟ ਕੇ ਖੜ੍ਹੀ ਹੋਵੇਗੀ। ਸ. ਸਿੱਧੂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਅਜਿਹੀਆਂ ਧੱਕੇਸ਼ਾਹੀਆਂ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਜਾਇਜ਼ ਹੱਕਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਹੱਕ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਬਕਾਇਆ ਹਨ, ਉਨ੍ਹਾਂ ਨੂੰ ਲਟਕਾਉਣ ਦੀ ਬਜਾਏ ਸਰਕਾਰ ਬਣਦਿਆਂ ਹੀ ਤਰਜੀਹ ਦੇ ਕੇ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਲਈ ਸੜਕਾਂ ’ਤੇ ਆਉਣ ਲਈ ਮਜ਼ਬੂਰ ਨਹੀਂ ਕਰੇਗੀ, ਸਗੋਂ ਉਨ੍ਹਾਂ ਨਾਲ ਗੱਲਬਾਤ ਅਤੇ ਇਨਸਾਫ਼ ਦੇ ਆਧਾਰ ’ਤੇ ਨੀਤੀ ਬਣਾਏਗੀ।
ਅਖੀਰ ਵਿੱਚ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਤੋਂ ਸਿੱਧਾ ਸਵਾਲ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ.ਏ. ਬਕਾਇਆ ਆਖ਼ਰ ਕਦੋਂ ਦਿੱਤਾ ਜਾਵੇਗਾ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਬਹਾਨੇ ਬਣਾਉਣ ਦੀ ਬਜਾਏ ਤਾਰੀਖ਼ ਦੱਸਣੀ ਚਾਹੀਦੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਆਪਣੇ ਹੱਕਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਜਨਤਾ ਸਰਕਾਰ ਦੇ ਹਰ ਵਾਅਦੇ ਅਤੇ ਹਰ ਫ਼ੈਸਲੇ ਦਾ ਹਿਸਾਬ ਕਰੇਗੀ।
- Download Babushahi App
-
-