ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 11 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬਸਾਂਝੇ ਅਤੇ ਪਾਵਨ ਗ੍ਰੰਥ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਧਰਮਾਂ, ਵਰਗਾਂ ਨਾਲ ਸਬੰਧਤ ਭਗਤਾਂ ਦੀ ਬਾਣੀ ਦਰਜ ਹੈ, ਜੋ ਮਨੁੱਖ ਨੂੰ ਵੰਡੀਆਂ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖ ਨੂੰ ਕਰਤਾ ਪੁਰਖ ਨਾਲ ਜੋੜਨ ਦੇ ਨਾਲ-ਨਾਲ ਸੱਚ, ਨਿਮਰਤਾ, ਸੇਵਾ, ਦਇਆ ਅਤੇ ਪਰਉਪਕਾਰ ਵਰਗੇ ਮਨੁੱਖੀ ਗੁਣਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਸੇਧ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਕੇਵਲ ਅਧਿਆਤਮਕ ਜੀਵਨ ਲਈ ਹੀ ਨਹੀਂ, ਸਗੋਂ ਸਮਾਜਿਕ ਜੀਵਨ ਨੂੰ ਵੀ ਸੁਚੱਜਾ, ਨੈਤਿਕ ਅਤੇ ਆਦਰਸ਼ ਬਣਾਉਣ ਲਈ ਪੂਰਨ ਮਾਰਗਦਰਸ਼ਨ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਨੁੱਖ ਗੁਰਬਾਣੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਮਲ ਦਾ ਹਿੱਸਾ ਬਣਾਏ ਤਾਂ ਸਮਾਜ ਵਿੱਚੋਂ ਨਫ਼ਰਤ, ਵਿਤਕਰੇ ਅਤੇ ਵੈਰ-ਵਿਰੋਧ ਨੂੰ ਦੂਰ ਕਰਕੇ ਸਾਂਝ ਅਤੇ ਸਦਭਾਵਨਾ ਵਾਲਾ ਮਾਹੌਲ ਸਿਰਜਿਆ ਜਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਆਪਣੀਆਂ ਜੀਵਨ ਦੀ ਸੇਧਾਂ ਨਿਰਧਾਰਤ ਕਰਨ, ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਅਤੇ ਖੰਡੇ ਦੀ ਪਾਹੁਲ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਵੀ ਕੀਤੀ।
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜੇਗਾ ਨਗਰ ਕੀਰਤਨ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਣਗੇ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।
- Download Babushahi App
-
-