'ਪੰਜਾਬ ਯੂਥ ਰਨ' ਦੌੜ ਦੌਰਾਨ ਬਠਿੰਡਾ ਦੀਆਂ ਸੜਕਾਂ ਤੇ ਨਜ਼ਰ ਆਇਆ ਸਿਰਾਂ ਦਾ ਸੈਲਾਬ
ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਬਠਿੰਡਾ ’ਚ ਰਚਿਆ ਇਤਿਹਾਸ
ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਬਠਿੰਡਾ ਨੇ ਭਰੀ ਹੁੰਕਾਰ, ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੇ ਦੌੜ ਕੇ ਦਿੱਤਾ ਸਿਹਤਮੰਦ ਪੰਜਾਬ ਦਾ ਸੰਦੇਸ਼
‘ਉੱਡਦਾ ਪੰਜਾਬ’ ਨਹੀਂ, ਹੁਣ ਬਣ ਰਿਹਾ ‘ਪੜ੍ਹਦਾ ਤੇ ਖੇਡਦਾ ਪੰਜਾਬ’ : ਮਹਿਤਾ
ਅਸੋ਼ੋਕਵਰਮਾ
ਬਠਿੰਡਾ, 13 ਸਤੰਬਰ 2026 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੇਡਾਂ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿੱਚ ਕਰਵਾਈ ਗਈ ‘ਪੰਜਾਬ ਯੂਥ ਰਨ’ ਵਿੱਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਇੱਕੋ ਸਮੇਂ ਦੌੜ ਕੇ ਇਤਿਹਾਸ ਰਚ ਦਿੱਤਾ। 5 ਕਿਲੋਮੀਟਰ ਲੰਬੀ ਇਸ ਮੈਰਾਥਨ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਅਜਿਹਾ ਜਨਸੈਲਾਬ ਉਮੜਿਆ ਕਿ ਬਠਿੰਡਾ ਪੂਰੀ ਤਰ੍ਹਾਂ ‘ਨਸ਼ਾ ਮੁਕਤ ਪੰਜਾਬ, ਸਿਹਤਮੰਦ ਪੰਜਾਬ ਅਤੇ ਖੇਡਦਾ ਪੰਜਾਬ’ ਦੇ ਸੰਦੇਸ਼ ਨਾਲ ਰੰਗਿਆ ਨਜ਼ਰ ਆਇਆ।
ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿੱਚ ਕਰਵਾਈ ਗਈ ਇਸ ਦੌੜ ਵਿੱਚ ਬੱਚਿਆਂ, ਨੌਜਵਾਨਾਂ, ਲੜਕੀਆਂ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓਐਸਡੀ ਸ. ਰਾਜਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਡਾਇਟੀਸ਼ੀਅਨ ਸ. ਅੰਮ੍ਰਿਤ ਦਿਓਲ, ‘ਆਪ’ ਦੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਪ੍ਰਧਾਨ, ਕੌਂਸਲਰ, ਚੇਅਰਮੈਨ, ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਸਨ।
ਇਸ ਮੌਕੇ ਪੀਸੀਏ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤੇਜ਼ੀ ਨਾਲ ਸਕਾਰਾਤਮਕ ਬਦਲਾਅ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਪਛਾਣ ‘ਉੱਡਦਾ ਪੰਜਾਬ’ ਵਜੋਂ ਨਹੀਂ, ਸਗੋਂ ‘ਪੜ੍ਹਦਾ ਪੰਜਾਬ ਅਤੇ ਖੇਡਦਾ ਪੰਜਾਬ’ ਵਜੋਂ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਅੱਜ ਇਤਿਹਾਸ ਰਚ ਦਿੱਤਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਲੜਕੇ-ਲੜਕੀਆਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੇ ਮੈਰਾਥਨ ਵਿੱਚ ਹਿੱਸਾ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਸਮਾਜ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਲਿਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ‘ਪੰਜਾਬ ਯੂਥ ਰਨ’ ਸਿਰਫ਼ ਇੱਕ ਦੌੜ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਸਮੂਹਿਕ ਲੜਾਈ ਦਾ ਸੰਕਲਪ ਹੈ। ਬਠਿੰਡਾ ਦੇ ਲੋਕਾਂ ਨੇ ਜਿਸ ਉਤਸ਼ਾਹ ਨਾਲ ਇਸ ਵਿੱਚ ਹਿੱਸਾ ਲਿਆ ਹੈ, ਉਹ ‘ਰੰਗਲਾ ਪੰਜਾਬ’ ਦੀ ਦਿਸ਼ਾ ਵੱਲ ਇੱਕ ਮਜ਼ਬੂਤ ਕਦਮ ਹੈ।
ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੀ ਸਰਕਾਰ : ਘੁੰਮਣ
ਮੁੱਖ ਮਹਿਮਾਨ ਸ. ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਦਾ ਸਭ ਤੋਂ ਵਧੀਆ ਸਾਧਨ ਹਨ। ‘ਪੰਜਾਬ ਯੂਥ ਰਨ’ ਵਿੱਚ 25 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਬਜਾਏ ਖੇਡਾਂ, ਸਿਹਤ, ਸਿੱਖਿਆ ਅਤੇ ਤਰੱਕੀ ਦੀ ਰਾਹ ਚੁਣਨਾ ਚਾਹੁੰਦਾ ਹੈ।ਸ. ਘੁੰਮਣ ਨੇ ਸ੍ਰੀ ਅਮਰਜੀਤ ਮਹਿਤਾ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਵਿੱਚ ਮੈਰਾਥਨ ਵਿੱਚ ਪਹੁੰਚੇ ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਠਿੰਡਾ ਨੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇੱਕ ਪ੍ਰੇਰਣਾਦਾਇਕ ਮਿਸਾਲ ਪੇਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ‘ਪੰਜਾਬ ਯੂਥ ਰਨ’ ਵਰਗੇ ਆਯੋਜਨ ਨੌਜਵਾਨਾਂ ਵਿੱਚ ਸਕਾਰਾਤਮਕ ਊਰਜਾ ਪੈਦਾ ਕਰਦੇ ਹਨ ਅਤੇ ਸਮਾਜ ਨੂੰ ਨਵੀਂ ਦਿਸ਼ਾ ਦਿੰਦੇ ਹਨ। ਮੈਰਾਥਨ ਨੂੰ ਸਫਲ ਬਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਵੀ ਅਹਿਮ ਭੂਮਿਕਾ ਰਹੀ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਸੁਹੇਲ ਕਾਸਿਮ ਮੀਰ ਸਮੇਤ ਪੂਰੇ ਪ੍ਰਸ਼ਾਸਨਿਕ ਅਮਲੇ ਵੱਲੋਂ ਸੁਰੱਖਿਆ, ਟ੍ਰੈਫਿਕ, ਰੂਟ ਪ੍ਰਬੰਧਨ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਗਿਆ ਸੀ।
ਮੈਰਾਥਨ ਵਿੱਚ ਸ਼ਾਮਲ ਹੋਣ ਵਾਲੇ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਮੈਡਲ ਪ੍ਰਦਾਨ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।
ਕੈਸ਼ ਰਜਿਸਟ੍ਰੇਸ਼ਨ ਵਾਲੇ ਭਾਗੀਦਾਰਾਂ ਵਿੱਚ ਪੁਰਸ਼, ਮਹਿਲਾ, ਅੰਡਰ-19, 19 ਤੋਂ 35 ਸਾਲ, 35 ਤੋਂ 50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਜੇਤੂਆਂ ਨੂੰ ਚੈੱਕ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਇਸ ਮੇਰਾਥਨ ਗਾਈ ਵਾਲਾ ਹੁੰਦਾ ਨੇ ਇਹ ਸੰਦੇਸ਼ ਦਿੱਤਾ ਹੈ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਨਹੀਂ, ਸਗੋਂ ਖੇਡਾਂ ਦੇ ਮੈਦਾਨ ਵਿੱਚ ਆਪਣੀ ਪਛਾਣ ਬਣਾਉਣ ਲਈ ਤਿਆਰ ਹੈ। ਬਠਿੰਡਾ ਦੀ ਇਹ ਇਤਿਹਾਸਕ ਦੌੜ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡਾਂ ਨੂੰ ਸਮਰਪਿਤ ਪੰਜਾਬ ਦੇ ਨਿਰਮਾਣ ਦੀ ਦਿਸ਼ਾ ਵਿੱਚ ਇੱਕ ਮਜ਼ਬੂਤ ਕਦਮ ਬਣ ਕੇ ਸਾਹਮਣੇ ਆਈ ਹੈ।ਇਸ ਮੌਕੇ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਜੀਦਾ, ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟੇਡ ਦੇ ਚੇਅਰਮੈਨ ਸ੍ਰੀ ਅਮਰਦੀਪ ਸਿੰਘ ਰਾਜਨ ਤੋਂ ਇਲਾਵਾ ਹੋਰ ਵੱਖ ਵੱਖ ਆਹੁਦੇਦਾਰ ਆਦਿ ਹਾਜ਼ਰ ਸਨ।
- Download Babushahi App
-
-