ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ; ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਦੋਸ਼
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ/ਖਡੂਰ ਸਾਹਿਬ, 15 ਸਤੰਬਰ, 2026
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਹ ਕਾਰਵਾਈ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸਾਜ਼ਿਸ਼ਾਂ ਦੇ ਦੋਸ਼ਾਂ ਦੇ ਅਧਾਰ 'ਤੇ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵੱਲੋਂ ਇਸ ਬਾਰੇ ਲਿਖਤੀ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਇਸ ਤੋਂ ਇਲਾਵਾ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ 'ਪੰਜਾਬ ਬਚਾਓ ਰੈਲੀ' ਦੌਰਾਨ ਵੀ ਸਥਾਨਕ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਸੀ।
ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਇਹ ਫੈਸਲਾ ਲੈਂਦਿਆਂ ਕਿਹਾ ਕਿ ਪਾਰਟੀ ਅਨੁਸ਼ਾਸਨ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
- Download Babushahi App
-
-