ਚੋਰੀ ਦੇ ਮਾਮਲੇ 'ਚ ਨਾਮਜ਼ਦ ਨੌਜਵਾਨ ਦੀ ਪੁਲਿਸ ਹਿਰਾਸਤ ਦੌਰਾਨ ਸ਼ੱਕੀ ਹਾਲਾਤਾਂ ਵਿੱਚ ਮੌਤ
ਅਸ਼ੋਕ ਵਰਮਾ
ਸੰਗਤ ਮੰਡੀ, 16 ਸਤੰਬਰ 2026 :ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਵਿਖੇ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਨੌਜਵਾਨ ਦੀ ਬੀਤੀ ਰਾਤ ਭੇਦ ਭਰੇ ਹਾਲਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਬੀਤੇ 13 ਸਤੰਬਰ ਨੂੰ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਮੁਖਬਰੀ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਦਲੇਰ ਸਿੰਘ ਪੁੱਤਰ ਬਖਸ਼ੀਸ ਸਿੰਘ, ਜਗਦੀਪ ਸਿੰਘ ਪੁੱਤਰ ਇਕਬਾਲ ਸਿੰਘ, ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ, ਕੁਲਦੀਪ ਕੌਰ ਪਤਨੀ ਬਖਸ਼ੀਸ ਸਿੰਘ ਵਾਸੀ ਪਿੰਡ ਮੁਲਤਾਨੀਆਂ ਅਤੇ ਆਦਿਲ ਪੁੱਤਰ ਵਾਹਿਦਾ ਖਾਨ ਵਾਸੀ ਚੰਦੋਈ, ਜ਼ਿਲ੍ਹਾ ਬਦਾਇਊਂ ਉੱਤਰ ਪ੍ਰਦੇਸ਼ ਸਮੇਤ ਕੁੱਲ 5 ਵਿਅਕਤੀਆਂ ਵਿਰੁੱਧ ਥਾਣਾ ਸੰਗਤ ਵਿਖੇ ਤਾਰਾਂ ਚੋਰੀ, ਲੁੱਟ ਖੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ ਜਗਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ 3 ਵਿਅਕਤੀਆਂ ਦਾ ਅਦਾਲਤ ਤੋਂ 16 ਸਤੰਬਰ ਤੱਕ ਦਾ ਪੁਲਿਸ ਰਿਮਾਂਡ ਮਿਲਿਆ ਸੀ, ਪ੍ਰੰਤੂ 15 ਸਤੰਬਰ ਦੀ ਰਾਤ ਨੂੰ ਮੁਲਜ਼ਮ ਦਲੇਰ ਸਿੰਘ ਪੁੱਤਰ ਬਖਸ਼ੀਸ ਸਿੰਘ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਨੂੰ ਸੰਗਤ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ । ਉਨ੍ਹਾਂ ਦੱਸਿਆ ਕਿ ਉਥੇ ਡਾਕਟਰ ਨਾ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਭੇਜਿਆ ਗਿਆ ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਡੀ.ਐਸ.ਪੀ. ਬਠਿੰਡਾ ਦਿਹਾਤੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਦਲੇਰ ਸਿੰਘ ਵਿਰੁੱਧ ਪਹਿਲਾਂ ਵੀ ਚੋਰੀ, ਬਲਾਤਕਾਰ ਅਤੇ ਕਤਲ ਆਦਿ ਦੇ ਮਾਮਲੇ ਦਰਜ ਸਨ ਅਤੇ ਉਹ ਪਿਛਲੇ ਦਿਨੀਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਆਦੀ ਹੋਣ ਕਾਰਨ ਉਹ ਏਡਜ਼, ਕਾਲਾ ਪੀਲੀਆ ਆਦਿ ਬਿਮਾਰੀਆਂ ਤੋਂ ਪੀੜਤ ਸੀ। ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ ਅਤੇ ਫਿਰ ਹੀ ਕੋਈ ਕਾਰਵਾਈ ਹੋ ਸਕੇਗੀ।
- Download Babushahi App
-
-