ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਾਲ ਗ੍ਰਿਫ਼ਤਾਰ ਬੰਦੀ ਸਿੰਘਾਂ ਦੇ 313 ਤਹਿਤ ਬਿਆਨ ਦਰਜ
ਅਦਾਲਤੀ ਕਾਰਵਾਈ ਉਪਰੰਤ ਮੁੜ ਵੱਖ-ਵੱਖ ਜੇਲ੍ਹਾਂ ਵਿੱਚ ਭੇਜਿਆ
ਕੁਲਵਿੰਦਰ ਸਿੰਘ
ਅੰਮ੍ਰਿਤਸਰ 17 ਸਤੰਬਰ
ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਨਾਲ ਗ੍ਰਿਫ਼ਤਾਰ ਕਰਕੇ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਕੀਤੇ ਗਏ ਸਿੰਘਾਂ ਨੂੰ ਅੱਜ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰ. ਪਰਮਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ ਕਾਰਵਾਈ ਦੌਰਾਨ ਚਾਚਾ ਹਰਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਕੁਲਵੰਤ ਸਿੰਘ ਰਾਉਕੇ, ਭਾਈ ਬਸੰਤ ਸਿੰਘ ਦੌਲਤਪੁਰਾ, ਭਾਈ ਹਰਮੇਲ ਸਿੰਘ ਯੋਧੇ, ਭਾਈ ਬਲਵਿੰਦਰ ਸਿੰਘ ਜੰਗੀਆਣਾ, ਭਾਈ ਭਗਵੰਤ ਸਿੰਘ ਬਾਜੇਕੇ ਅਤੇ ਭਾਈ ਈਸ਼ਵਰ ਸਿੰਘ ਨੂੰ ਪੇਸ਼ ਕੀਤਾ ਗਿਆ। ਅੱਜ ਦੀ ਅਦਾਲਤੀ ਕਾਰਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਇਨ੍ਹਾਂ ਸਾਰੇ ਸਿੰਘਾਂ ਦੇ ਫੌਜਦਾਰੀ ਪ੍ਰਕਿਰਿਆ ਸੰਹਿਤਾ ਦੀ ਧਾਰਾ 313 ਤਹਿਤ ਬਿਆਨ ਦਰਜ ਕੀਤੇ ਗਏ। ਇਸ ਕਾਨੂੰਨੀ ਪ੍ਰਕਿਰਿਆ ਤਹਿਤ ਮਾਮਲੇ ਨਾਲ ਸਬੰਧਤ ਦੋਸ਼ਾਂ ਅਤੇ ਅਦਾਲਤ ਸਾਹਮਣੇ ਪੇਸ਼ ਕੀਤੇ ਗਏ ਸਬੂਤਾਂ ਸਬੰਧੀ ਸਿੰਘਾਂ ਦਾ ਪੱਖ ਵੀ ਦਰਜ ਕੀਤਾ ਗਿਆ। ਬਿਆਨ ਦਰਜ ਕਰਨ ਦੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਅਗਲੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਨ੍ਹਾਂ ਸਾਰੇ ਸਿੰਘਾਂ ਨੂੰ ਮੁੜ ਉਨ੍ ਦੀਆਂ ਜੇਲ੍ਹਾਂ ਵਿੱਚ ਵਾਪਸ ਭੇਜ ਦਿੱਤਾ ਗਿਆ।
ਇਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੱਜ ਦੀ ਪੇਸ਼ੀ ਦੌਰਾਨ ਸਾਰੇ ਬੰਦੀ ਸਿੰਘਾਂ ਦੇ 313 ਤਹਿਤ ਬਿਆਨ ਦਰਜ ਹੋਣਾ ਮਾਮਲੇ ਦੀ ਕਾਨੂੰਨੀ ਕਾਰਵਾਈ ਦਾ ਇੱਕ ਮਹੱਤਵਪੂਰਨ ਪੜਾਅ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਪੂਰੀ ਤਰ੍ਹਾਂ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਅੱਗੇ ਵਧ ਰਹੀ ਹੈ ਅਤੇ ਬੰਦੀ ਸਿੰਘਾਂ ਦੇ ਹੱਕਾਂ ਅਤੇ ਕਾਨੂੰਨੀ ਪੱਖ ਨੂੰ ਮਾਣਯੋਗ ਅਦਾਲਤ ਸਾਹਮਣੇ ਰੱਖਿਆ ਜਾ ਰਿਹਾ ਹੈ। ਇਸ ਮੌਕੇ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੰਘਾਂ ਨਾਲ ਸਬੰਧਤ ਮਾਮਲੇ ਵਿੱਚ ਅਦਾਲਤੀ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਤੋਂ ਬਾਅਦ ਸਾਰੇ ਸਿੰਘਾਂ ਨੂੰ ਮੁੜ ਵੱਖ-ਵੱਖ ਜੇਲ੍ਹਾਂ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਹੋਵੇਗੀ।
- Download Babushahi App
-
-