ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਲਈ ਸੂਬੇ ਭਰ ’ਚ CCTV ਕੈਮਰੇ ਲਗਾਉਣ ਸਬੰਧੀ SC ਕਮਿਸ਼ਨ ਵੱਲੋਂ ਕਾਰਵਾਈ, ਲਿਆ ਸੂ-ਮੋਟੋ ਨੋਟਿਸ
ਮਾਮਲੇ ਦੀ ਸੁਣਵਾਈ 21 ਸਤੰਬਰ ਨੂੰ; ਸਬੰਧਤ ਅਧਿਕਾਰੀਆਂ ਨੂੰ ਤੱਥਾਂ ਅਤੇ ਸੂਚਨਾ ਸਮੇਤ ਹਾਜ਼ਰ ਹੋਣ ਦੇ ਨਿਰਦੇਸ਼
ਬਾਬਾ ਸਾਹਿਬ ਦੇ ਬੁੱਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਬੇਅਦਬੀ ਰੋਕਣ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਜ਼ਰੂਰੀ: ਗੁਲਜ਼ਾਰ ਸਿੰਘ ਬੌਬੀ
ਸੰਗਰੂਰ, 17 ਸਤੰਬਰ 2026- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨਾਲ ਸਬੰਧਤ ਵਾਇਰਲ ਹੋਈ ਵੀਡੀਓ ਦਾ ਕਮਿਸ਼ਨ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004 ਦੀ ਧਾਰਾ 10 ਤਹਿਤ ਸੂ-ਮੋਟੋ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਦੀ ਸੁਣਵਾਈ 21 ਸਤੰਬਰ 2026 ਨੂੰ ਰੱਖੀ ਗਈ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਨਾਲ ਜੁੜੇ ਤੱਥਾਂ ਅਤੇ ਸੂਚਨਾ ਸਮੇਤ ਕਮਿਸ਼ਨ ਅੱਗੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਕਮਿਸ਼ਨ ਵੱਲੋਂ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਕਮਿਸ਼ਨ ਮੈਂਬਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ ਦੇਸ਼ ਦੇ ਸੰਵਿਧਾਨ ਨਿਰਮਾਣ ਅਤੇ ਸਮਾਜਿਕ ਬਰਾਬਰੀ ਲਈ ਸੰਘਰਸ਼ ਵਿੱਚ ਇਤਿਹਾਸਕ ਯੋਗਦਾਨ ਹੈ ਅਤੇ ਉਨ੍ਹਾਂ ਨਾਲ ਜੁੜੇ ਸਮਾਰਕਾਂ ਅਤੇ ਬੁੱਤਾਂ ਦਾ ਸਤਿਕਾਰ ਕਾਇਮ ਰੱਖਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਥਾਵਾਂ ’ਤੇ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਬੁੱਤਾਂ ਨਾਲ ਛੇੜਛਾੜ ਜਾਂ ਬੇਅਦਬੀ ਦੀ ਘਟਨਾ ਸਮਾਜਿਕ ਸਦਭਾਵਨਾ ਨੂੰ ਪ੍ਰਭਾਵਿਤ ਕਰ ਸਕਦੀ ਹੈ, ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਅਗਾਊਂ ਅਤੇ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਬੇਹੱਦ ਜ਼ਰੂਰੀ ਹਨ।
ਬੌਬੀ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂਬੇ ਦੇ ਸਬੰਧਤ ਅਧਿਕਾਰੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਪੰਜਾਬ ਭਰ ਵਿੱਚ ਜਿੱਥੇ ਵੀ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਸਥਾਪਿਤ ਹਨ, ਉੱਥੇ ਲੋੜ ਅਨੁਸਾਰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਪਹਿਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੈਮਰਿਆਂ ਦੀ ਨਿਗਰਾਨੀ ਨਾਲ ਜਿੱਥੇ ਸ਼ਰਾਰਤੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ, ਉੱਥੇ ਕਿਸੇ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਵਿੱਚ ਵੀ ਸਹਾਇਤਾ ਮਿਲੇਗੀ।
ਉਨ੍ਹਾਂ ਕਿਹਾ ਕਿ ਕਮਿਸ਼ਨ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਸੰਵਿਧਾਨਕ ਅਤੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਰਹੇਗਾ। ਉਨ੍ਹਾਂ ਸਮੂਹ ਵਰਗਾਂ ਨੂੰ ਆਪਸੀ ਭਾਈਚਾਰਾ, ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਕਾਇਮ ਰੱਖਣ ਦੀ ਅਪੀਲ ਵੀ ਕੀਤੀ।
- Download Babushahi App
-
-