ਨਗਰ ਨਿਗਮ ਦੇ ਸਫਾਈ ਕਾਮਿਆਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ, 19 ਸਤੰਬਰ 2026 :ਨਗਰ ਨਿਗਮ ਬਠਿੰਡਾ ਦੇ ਸਫ਼ਾਈ ਅਤੇ ਸੀਵਰੇਜ ਕਾਮਿਆਂ ਨੇ ਸੇਵਾਵਾਂ ਪੱਕੀਆਂ ਕਰਨ ਅਤੇ ਆਊਟਸੋਰਸ ( ’ਤੇ ਰੱਖੇ ਮੁਲਾਜ਼ਮਾਂ ਨੂੰ ਸਿੱਧੇ ਤੌਰ ’ਤੇ ਨਿਗਮ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਸ਼ਹਿਰ ਦੇ ਵਿੱਚ ਸਫਾਈ ਪ੍ਰਬੰਧਾਂ ਦੇ ਪ੍ਰਭਾਵਿਤ ਹੋਣ ਦਾ ਖਤਰਾ ਖੜਾ ਹੋ ਗਿਆ ਹੈ। ਹੜਤਾਲ ਦਾ ਪਤਾ ਲੱਗਣ ਤੋਂ ਬਾਅਦ ਲੋਕਾਂ ਨੇ ਆਪਣੇ ਘਰ ਵਿੱਚ ਪਿਆ ਕੂੜਾ ਡੰਪ ਕਰਨਾ ਸ਼ੁਰੂ ਕਰ ਦਿੱਤਾ ਹੈ।ਰੋਸ ਮੁਜ਼ਾਹਰਾ ਕਰ ਰਹੇ ਕਾਮਿਆਂ ਨੇ ਆਖਿਆ ਕਿ ਨਿਗਮ ਅਧਿਕਾਰੀਆਂ ਵੱਲੋਂ ਭਰੋਸਾਾ ਦੇਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ ਹੈ ਜਿਸ ਕਰਕੇ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀ ਮੰਗ ਹੈ ਕਿ ਨਗਰ ਨਿਗਮ ਦੀ ਆਗਾਮੀ ਹਾਊਸ ਮੀਟਿੰਗ ਵਿੱਚ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਇੱਕ ਸਰਕਾਰੀ ਮਤਾ ਪਾਸ ਕੀਤਾ ਜਾਵੇ।
ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਅਸ਼ੋਕ ਕੁਮਾਰ ਬਿੱਟੂ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਦਿੱਤੇ ਗਏ ਅਧਿਕਾਰੀਆਂ ਦੇ ਭਰੋਸੇ ਸਿਰਫ਼ ਹਵਾਈ ਕਿਲੇ ਸਾਬਤ ਹੋਏ ਹਨ ਉਨ੍ਹਾਂ ਦੱਸਿਆ ਕਿ ਇਸ ਮਸਲੇ ਨਾਲ ਲਗਭਗ 597 ਮੁਲਾਜ਼ਮਾਂ ਦਾ ਭਵਿੱਖ ਜੁੜਿਆ ਹੋਇਆ ਹੈ।ਬਿੱਟੂ ਨੇ ਆਖਿਆ, “ਸਾਡੀ ਸਿਰਫ਼ ਇਹੋ ਮੰਗ ਹੈ ਕਿ ਨਿਗਮ ਹਾਊਸ ਦੀ ਮੀਟਿੰਗ ਵਿੱਚ ਮਤਾ ਪਾਸ ਕੀਤਾ ਜਾਵੇ।” ਉਨ੍ਹਾਂ ਕਿਹਾ ਕਿ ਰੋਸ ਮੁਜ਼ਾਹਰਾ ਕਰ ਰਹੇ ਕਾਮਿਆਂ ਚੋਂ ਜਿਆਦਾਤਰ ਲੋਕ ਨਗਰ ਨਿਗਮ ਵੱਲੋਂ ਲਗਾਤਾਰ ਤਿੰਨ ਸਾਲ ਕੰਮ ਕਰਨ ਦੀ ਸ਼ਰਤ ਪੂਰੀ ਕਰਦੇ ਹਨ।ਸੀਵਰ ਵਰਕਰਜ਼ ਯੂਨੀਅਨ ਬਠਿੰਡਾ ਦੇ ਪ੍ਰਧਾਨ ਰਵੀ ਕੁਮਾਰ ਨੇ ਦੱਸਿਆ ਕਿ 27 ਜੁਲਾਈ ਦੇ ਫ਼ੈਸਲੇ ਤੋਂ ਬਾਅਦ ਇਸ ਮਾਮਲੇ ਦੀ ਸਮੀਖਿਆ ਲਈ ਇੱਕ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਦਾ ਵੀ ਮੁਲਾਜ਼ਮਾਂ ਨੂੰ ਕੋਈ ਫਾਇਦਾ ਨਹੀਂ ਹੋਇਆ ਹੈ ਅਤੇ ਨਾ ਹੀ ਅਧਿਕਾਰੀਆਂ ਨੇ ਕੋਈ ਸਾਰਥਿਕ ਕਦਮ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰੇਜ ਕਾਮਿਆਂ ਨੂੰ ਉਮੀਦ ਸੀ ਕਿ ਕਮੇਟੀ ਆਪਣੀ ਰਿਪੋਰਟ ਸੌਂਪੇਗੀ ਅਤੇ ਨਿਗਮ ਉਸ ’ਤੇ ਕਾਰਵਾਈ ਕਰੇਗਾ, ਪਰ ਮੁਲਾਜ਼ਮਾਂ ਨੂੰ ਅਜੇ ਵੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਰਵੀ ਕੁਮਾਰ ਨੇ ਚਿਤਾਵਨੀ ਦਿੰਦਿਆਂ ਕਿਹਾ, “ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸਾਡਾ ਸੰਘਰਸ਼ ਇੰਜ ਹੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਕ ਹੜਤਾਲ ’ਤੇ ਚਲੇ ਜਾਣ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਪਰ ਉਨਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਵਤੀਰਾ ਅਖਤਿਆਰ ਕਰੀ ਬੈਠੇ ਹਨ ਪਰ ਉਹ ਆਪਣੀ ਲੜਾਈ ਜਾਰੀ ਰੱਖਣਗੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਸਫਾਈ ਸੇਵਕਾਂ ਨੇ ਹੜਤਾਲ ਕੀਤੀ ਸੀ ਤਾਂ ਪੂਰਾ ਸ਼ਹਿਰ ਗੰਦਗੀ ਦਾ ਢੇਰ ਬਣ ਗਿਆ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਬਠਿੰਡਾ ਵਿੱਚ ਸਫਾਈ ਦਾ ਢਾਂਚਾ ਡਗਮਗਾਉਣ ਦੇ ਅਸਾਰ ਬਣ ਗਏ ਹਨ।
- Download Babushahi App
-
-