ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਦੇ ਪਿਤਾ ਬਾਰੇ ਬੋਲਣ 'ਤੇ ਕਾਂਗਰਸੀ ਆਗੂ ਗੁਰਪ੍ਰੀਤ ਵਿੱਕੀ ਨੂੰ ਜਾਨੋ ਮਾਰਨ ਦੀ ਧਮਕੀ
ਅਸ਼ੋਕ ਵਰਮਾ
ਮਾਨਸਾ, 19 ਸਤੰਬਰ 2026 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਮਾਨਸਾ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮਾਨਸਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਬੰਬੀਹਾ ਗੈਂਗ ਦੇ ਇੱਕ ਅਣਪਛਾਤੇ ਮੈਂਬਰ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਬੀ.ਐੱਨ.ਐੱਸ. (BNS) ਦੀਆਂ ਧਾਰਾਵਾਂ 351(3), 351(4) ਅਤੇ 61 ਤਹਿਤ ਐੱਫ.ਆਈ. ਆਰ. ਦਰਜ ਕੀਤੀ ਹੈ।
ਗੁਰਪ੍ਰੀਤ ਵਿੱਕੀ ਨੇ ਮਾਨਸਾ ਪੁਲਿਸ ਤੋਂ ਆਪਣੇ ਲਈ ਸੁਰੱਖਿਆ ਤੋਂ ਇਲਾਵਾ ਬਲਕੌਰ ਸਿੰਘ ਅਤੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਫੋਨਾਂ ਸਬੰਧੀ ਰਿਕਾਰਡ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਐਸਐਸਪੀ ਮਾਨਸਾ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਵਿੱਕੀ ਨੂੰ ਵੀਰਵਾਰ ਨੂੰ ਇੱਕ ਕੌਮਾਂਤਰੀ ਨੰਬਰ ਤੋਂ ਵਟਸਐਪ ’ਤੇ ਧਮਕੀ ਭਰੀ ਕਾਲ ਅਤੇ ਵੋਆਇਸ ਨੋਟ ਪ੍ਰਾਪਤ ਹੋਇਆ ਸੀ।
ਫੋਨ ਕਰਨ ਵਾਲੇ ਨੇ ਖ਼ੁਦ ਨੂੰ ਬੰਬੀਹਾ ਗਰੁੱਪ ਦਾ ਮੈਂਬਰ ਦੱਸਦਿਆਂ ਵਿੱਕੀ ਨੂੰ ਸਵਰਗੀ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਬਾਰੇ ਕੋਈ ਵੀ ਬਿਆਨਬਾਜ਼ੀ ਨਾ ਕਰਨ ਦੀ ਚੇਤਾਵਨੀ ਦਿੱਤੀ ਸੀ। ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਖੁਰਦ ਨਿਵਾਸੀ ਗੁਰਪ੍ਰੀਤ ਸਿੰਘ ਵਿੱਕੀ ਦਾ ਕਹਿਣਾ ਸੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵਦਾਰ ਹਨ।
ਉਨ੍ਹਾਂ ਕਿਹਾ ਕਿ, ਉਨ੍ਹਾਂ ਨੇ ਕਦੇ ਵੀ ਸਿੱਧੂ ਮੂਸੇਵਾਲਾ ਜਾਂ ਉਹਨਾਂ ਦੇ ਪਰਿਵਾਰ ਖਿਲਾਫ ਕੁਝ ਨਹੀਂ ਬੋਲਿਆ, ਪਰ ਹਾਲ ਹੀ ਵਿੱਚ ਗਾਇਕ ਦੇ ਪਿਤਾ ਬਲਕੌਰ ਸਿੰਘ ਵੱਲੋਂ ਦਿੱਤੇ ਬਿਆਨਾਂ ਦੇ ਜਵਾਬ ਵਿੱਚ ਟਿੱਪਣੀ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ, “ਕਾਲ ਕਰਨ ਵਾਲੇ ਨੇ ਮੈਨੂੰ ਸਿੱਧੀ ਧਮਕੀ ਦਿੱਤੀ ਕਿ ਜੇਕਰ ਮੈਂ ਮੂਸੇਵਾਲਾ ਜਾਂ ਉਸ ਦੇ ਪਰਿਵਾਰ ਖ਼ਿਲਾਫ਼ ਬੋਲਿਆ ਤਾਂ ਮੈਨੂੰ ਗੋਲੀ ਮਾਰ ਦਿੱਤੀ ਜਾਵੇਗੀ। ਉਸ ਨੇ ਮੇਰੇ ਪਰਿਵਾਰ ਨੂੰ ਵੀ ਧਮਕਾਇਆ ਹੈ।
ਵਿੱਕੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਦੂਜੇ ਫ਼ੋਨ ’ਤੇ ਵਟਸਐਪ ਕਾਲ ਰਿਕਾਰਡ ਕਰ ਲਈ ਜੋ ਵੌਇਸ ਨੋਟ ਸਮੇਤ ਪੁਲੀਸ ਨੂੰ ਸੌਂਪ ਦਿੱਤੀ ਗਈ ਹੈ। ਵਿੱਕੀ ਨੇ ਦੱਸਿਆ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਉੱਚ ਪੁਲੀਸ ਅਧਿਕਾਰੀਆਂ ਨਾਲ ਗੱਲ ਕੀਤੀ ਹੈ, ਪਰ ਹਾਲੇ ਤੱਕ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ।ਦੂਜੇ ਪਾਸੇ, ਇਸ ਮਾਮਲੇ ’ਚ ਪ੍ਰਤੀਕਿਰਿਆ ਲੈਣ ਲਈ ਮੋਬਾਇਲ ਫੋਨ ਰਾਹੀਂ ਸੰਪਰਕ ਕਰਨ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਫੋਨ ਨਹੀਂ ਚੁੱਕਿਆ।
- Download Babushahi App
-
-