ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ
ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ
ਰੋਹਿਤ ਗੁਪਤਾ
ਗੁਰਦਾਸਪੁਰ, 21 ਸਤੰਬਰ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ ਅਤੇ ਉਹਨਾਂ ਦੇ ਨਾਲ ਡਾ. ਸ਼ਾਹਬਾਜ਼ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ,ਇੰਜੀਨੀਅਰ ਦੀਪਕ ਕੁਮਾਰ ਟੈਕਨੀਸ਼ੀਅਨ ਗੋਬਿੰਦ ਪਾਲ ਸਿੰਘ ਵੀ ਮੌਜੂਦ ਸਨ।
ਬਲਾਕ ਬਟਾਲਾ ਦੇ ਪਿੰਡ ਪੁਰੀਆਂ ਖੁਰਦ ਵਿਖੇ ਕਿਸਾਨ ਸ. ਕੁੰਨਨ ਸਿੰਘ ਜੀ ਦੇ ਖੇਤ ਵਿੱਚ ਬੇਲਰ ਮਸ਼ੀਨ ਰਾਹੀਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਖੇਤੀਬਾੜੀ ਮੰਤਰੀ ਵੱਲੋਂ ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ ਗਈਆਂ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ ਦੇ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡ੍ਰਿੱਲ ਆਦਿ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਸਮੇਂ ਸਿਰ ਅਤੇ ਵਾਤਾਵਰਣ ਪੱਖੀ ਢੰਗ ਨਾਲ ਕੀਤੀ ਜਾ ਸਕਦੀ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਿਆ ਜਾਵੇ ਜਾਂ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਇਸ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਮਿੱਟੀ ਦੀ ਸਿਹਤ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ।
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ “ਪਰਾਲੀ ਨੂੰ ਅੱਗ ਨਹੀਂ, ਖੇਤ ਨੂੰ ਪੋਸ਼ਣ” ਦੇ ਸੰਦੇਸ਼ ਨੂੰ ਅਪਣਾਇਆ ਜਾਵੇ ਅਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ।
- Download Babushahi App
-
-