ਭਾਜਪਾ ਦੀ ਨਸ਼ਾ ਮੁਕਤ ਯਾਤਰਾ ਤੇ ਰੰਧਾਵਾ ਨੇ ਚੁੱਕੇ ਸਵਾਲ,ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
ਨਸ਼ੇ, ਗੈਂਗਸਟਰਵਾਦ ਅਤੇ ਰਾਸ਼ਟਰੀ ਸੁਰੱਖਿਆ ਦੇ ਮੁੱਦੇ 'ਤੇ ਸੰਸਦ ਮੈਂਬਰ ਰੰਧਾਵਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ
ਸਰਹੱਦ 'ਤੇ ਡਰੋਨ ਨਹੀਂ ਰੁਕ ਰਹੇ, ਜੇਲ੍ਹਾਂ ਵਿੱਚੋਂ ਗੈਂਗਸਟਰ ਨੈੱਟਵਰਕ ਚਲਾ ਰਹੇ, ਪੁਲਿਸ ਨੂੰ ਸਾਦੇ ਕੱਪੜਿਆਂ ਵਿੱਚ ਥਾਣਿਆਂ ਜਾਣ ਦੀ ਨੌਬਤ ਕਿਉਂ?
ਕੁਲਵਿੰਦਰ ਸਿੰਘ
ਅੰਮ੍ਰਿਤਸਰ, 22 ਸਤੰਬਰ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਵਾਦ, ਸਰਹੱਦ ਪਾਰ ਤੋਂ ਆ ਰਹੇ ਡਰੋਨਾਂ ਅਤੇ ਹਥਿਆਰਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਾਲਾਤਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹੁਣ ਤੱਕ 10 ਤੋਂ 15 ਪੱਤਰ ਲਿਖ ਚੁੱਕੇ ਹਨ।
ਰੰਧਾਵਾ ਨੇ ਇਸ ਮਾਮਲੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੋਵਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਸਰਹੱਦ ਪਾਰ ਤੋਂ ਆ ਰਹੇ ਨਸ਼ਿਆਂ ਅਤੇ ਡਰੋਨਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ, ਦੂਜੇ ਪਾਸੇ ਪੰਜਾਬ ਪੁਲਿਸ ਅਜਿਹੇ ਹਾਲਾਤਾਂ ਵਿੱਚ ਪਹੁੰਚ ਗਈ ਹੈ ਕਿ ਲੋਕਾਂ ਦੇ ਸਾਹਮਣੇ ਆਉਣ ਤੋਂ ਵੀ ਬਚ ਰਹੀ ਹੈ ਅਤੇ ਗੈਂਗਸਟਰਾਂ 'ਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕਰ ਪਾ ਰਹੀ।
ਭਾਜਪਾ ਵੱਲੋਂ ਪਠਾਨਕੋਟ ਤੋਂ ਸ਼ੁਰੂ ਕੀਤੀ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਨਿਸ਼ਾਨਾ ਸਾਧਦਿਆਂ ਰੰਧਾਵਾ ਨੇ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਨੂੰ ਬਦਨਾਮ ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਚਿੱਟੇ ਹੀ ਨਹੀਂ, ਸਗੋਂ ਹੋਰ ਸਿੰਥੈਟਿਕ ਨਸ਼ਿਆਂ 'ਤੇ ਵੀ ਸਖ਼ਤ ਕਾਬੂ ਪਾਉਣ ਦੀ ਲੋੜ ਹੈ, ਜੋ ਇਸ ਵੇਲੇ ਦੇਸ਼ ਵਿੱਚ 40 ਫੀਸਦੀ ਤੋਂ ਵੱਧ ਹਨ।
ਉਨ੍ਹਾਂ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਪਾਰਟੀ ਨੂੰ ਪੰਜਾਬ ਦੀ ਅਸਲ ਜ਼ਮੀਨੀ ਹਕੀਕਤ ਦਿਖਾਉਣ, ਨਾ ਕਿ ਨਸ਼ਿਆਂ ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕਰਨ। ਰੰਧਾਵਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 30 ਸਤੰਬਰ ਨੂੰ ਪੰਜਾਬ ਆ ਕੇ ਸਿਰਫ਼ ਭਾਸ਼ਣ ਨਾ ਦੇਣ, ਸਗੋਂ ਨਾਰਕੋਟਿਕਸ ਵਿਭਾਗ ਵਿੱਚ ਮਿਲੀਭੁਗਤ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ, ਪਾਕਿਸਤਾਨ ਸਰਹੱਦ ਦਾ ਦੌਰਾ ਕਰਨ ਅਤੇ ਡਰੋਨਾਂ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਦਾ ਨਹੀਂ, ਸਗੋਂ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ।
ਗੈਂਗਸਟਰਵਾਦ 'ਤੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਖ਼ਿਲਾਫ਼ 128 ਕੇਸ ਦਰਜ ਹਨ, ਫਿਰ ਵੀ ਉਹ ਜੇਲ੍ਹ ਵਿੱਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਸ ਦਾ ਨੈੱਟਵਰਕ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਵਿਦੇਸ਼ਾਂ ਤੱਕ ਫੈਲਿਆ ਹੋਇਆ ਹੈ, ਜਿਸ ਵਿੱਚ ਕਰੀਬ 1,000 ਮੈਂਬਰ ਹਨ ਅਤੇ ਇਨ੍ਹਾਂ ਵਿੱਚੋਂ 100 ਮੈਂਬਰ ਅਮਰੀਕਾ ਵਿੱਚ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜੱਗੂ ਪੰਜਾਬ ਪੁਲਿਸ ਦੀ ਮਿਲੀਭੁਗਤ ਨਾਲ ਆਪਣਾ ਨੈੱਟਵਰਕ ਚਲਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਸਾਦੇ ਕੱਪੜਿਆਂ ਵਿੱਚ ਥਾਣਿਆਂ ਵਿੱਚ ਆਉਣ ਸਬੰਧੀ ਜਾਰੀ ਐਡਵਾਈਜ਼ਰੀ 'ਤੇ ਵੀ ਰੰਧਾਵਾ ਨੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਆਪਣੀ ਪਛਾਣ ਲੁਕਾ ਕੇ ਥਾਣਿਆਂ ਵਿੱਚ ਜਾਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਪੁਲਿਸ ਮੁਲਾਜ਼ਮ ਦਿਨ ਵੇਲੇ ਘਰਾਂ ਤੋਂ ਨਿਕਲਣ ਤੋਂ ਵੀ ਡਰਦੇ ਹਨ, ਜਦਕਿ ਪੁਲਿਸ ਦੇ ਵੱਡੇ ਅਧਿਕਾਰੀ ਗੈਂਗਸਟਰਾਂ ਨਾਲ ਵੀਡੀਓ ਕਾਲਾਂ 'ਤੇ ਗੱਲਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਹਾਲਾਤ ਬਦਲ ਸਕਦੇ ਹਨ। ਪੰਜਾਬ ਨੂੰ ਖ਼ਤਮ ਨਹੀਂ, ਬਚਾਉਣ ਲਈ ਕੰਮ ਕਰਨ ਦੀ ਲੋੜ ਹੈ।
ਇਸ ਮੌਕੇ 'ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸੱਚਰ, ਜੋਗਿੰਦਰ ਪਾਲ ਢੀਂਗਰਾ ਅਤੇ ਹੋਰ ਆਗੂ ਵੀ ਹਾਜ਼ਰ ਸਨ।
- Download Babushahi App
-
-