ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਸ਼ਹਿਰ ਦੀਆਂ ਤਿੰਨ ਅਹਿਮ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ*
*ਕਰੀਬ 2.47 ਕਰੋੜ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਚੌਕ, ਸੁਨਾਮੀ ਗੇਟ ਅਤੇ ਪੂਨੀਆ ਕਲੋਨੀ ਦੀਆਂ ਸੜਕਾਂ ਦਾ ਹੋਵੇਗਾ ਵਿਕਾਸ
*ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕੀ ਬੁਨਿਆਦੀ ਢਾਂਚਾ ਅਤੇ ਆਵਾਜਾਈ ਦੀਆਂ ਸੁਚੱਜੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ
*ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ; ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ
ਸੰਗਰੂਰ, 24 ਸਤੰਬਰ:
ਸੰਗਰੂਰ ਸ਼ਹਿਰ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸ਼ਹਿਰ ਦੀਆਂ ਤਿੰਨ ਅਹਿਮ ਸੜਕਾਂ ਦੇ ਵਿਕਾਸ ਅਤੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਤਿੰਨਾਂ ਵਿਕਾਸ ਕਾਰਜਾਂ ’ਤੇ ਕਰੀਬ 2.47 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਬੱਸ ਸਟੈਂਡ ਚੌਕ ਸੰਗਰੂਰ ਵਿਖੇ ਸੜਕ ਦੇ ਵਿਕਾਸ ਕਾਰਜਾਂ ’ਤੇ 79.50 ਲੱਖ ਰੁਪਏ, ਸੁਨਾਮੀ ਗੇਟ ਸੰਗਰੂਰ ਵਿਖੇ 46 ਲੱਖ ਰੁਪਏ ਅਤੇ ਪੂਨੀਆ ਕਲੋਨੀ ਸੰਗਰੂਰ ਵਿਖੇ ਸੜਕ ਦੇ ਵਿਕਾਸ ਕਾਰਜਾਂ ’ਤੇ 121 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਦੇ ਨਾਲ-ਨਾਲ ਰੋਜ਼ਾਨਾ ਇਨ੍ਹਾਂ ਰਸਤਿਆਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।
ਵਿਧਾਇਕ ਭਰਾਜ ਨੇ ਕਿਹਾ ਕਿ ਸੰਗਰੂਰ ਸ਼ਹਿਰ ਦਾ ਯੋਜਨਾਬੱਧ ਅਤੇ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਸਹੂਲਤਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਬੱਸ ਸਟੈਂਡ ਚੌਕ ਅਤੇ ਸੁਨਾਮੀ ਗੇਟ ਵਰਗੇ ਅਹਿਮ ਅਤੇ ਰੁਝੇਵੇਂ ਵਾਲੇ ਇਲਾਕਿਆਂ ਵਿੱਚ ਸੜਕੀ ਢਾਂਚੇ ਵਿੱਚ ਸੁਧਾਰ ਨਾਲ ਆਵਾਜਾਈ ਹੋਰ ਸੁਚਾਰੂ ਹੋਵੇਗੀ, ਜਦਕਿ ਪੂਨੀਆ ਕਲੋਨੀ ਵਿੱਚ ਹੋਣ ਵਾਲੇ ਵਿਕਾਸ ਕਾਰਜ ਨਾਲ ਸਥਾਨਕ ਵਸਨੀਕਾਂ ਨੂੰ ਬਿਹਤਰ ਸੜਕੀ ਸਹੂਲਤ ਮਿਲੇਗੀ।
ਨਰਿੰਦਰ ਕੌਰ ਭਰਾਜ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਤੈਅ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੇ ਪੈਸੇ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੀ ਮੰਗ ਅਤੇ ਲੋੜ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ।
ਇਸ ਮੌਕੇ ਭੁਪਿੰਦਰ ਸਿੰਘ ਪ੍ਰਧਾਨ, ਸੁੱਖਾ ਮਾਨ, ਐਮ.ਸੀ. ਜਗਜੀਤ ਕਾਲਾ, ਪੰਕਜ ਗਰਗ, ਅਮਨ ਸੇਖੋਂ, ਐਮ.ਸੀ. ਹਰਬੰਸ ਅਤੇ ਨੋਨੀ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ।
- Download Babushahi App
-
-