ਕਿਸਾਨ ਮਜ਼ਦੂਰ ਮੋਰਚਾ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ: 15 ਅਕਤੂਬਰ ਤੱਕ ਕੇਸ ਵਾਪਸੀ ਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ
ਚੰਡੀਗੜ੍ਹ, 24 ਸਤੰਬਰ 2026: ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਦੀ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਮੋਰਚੇ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਸਬੰਧੀ 23 ਸੂਤਰੀ ਮੰਗ ਪੱਤਰ ਮੰਤਰੀ ਨੂੰ ਸੌਂਪਿਆ ਗਿਆ। ਦੋਵਾਂ ਧਿਰਾਂ ਵਿਚਕਾਰ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ।
ਮੀਟਿੰਗ ਦੌਰਾਨ ਕਿਸਾਨ ਖੁਦਕੁਸ਼ੀਆਂ ਦਾ ਮਸਲਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਖੇਤੀਬਾੜੀ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ 15 ਅਕਤੂਬਰ 2026 ਤੋਂ ਪਹਿਲਾਂ ਕੀਤਾ ਜਾਵੇਗਾ। ਇਸ ਸਬੰਧੀ 2017 ਦੀ ਨੀਤੀ ਨੂੰ ਆਧਾਰ ਬਣਾ ਕੇ ਨੀਤੀ ਤਹਿਤ ਜਾਰੀ ਕੀਤੇ ਜਾਣ ਵਾਲੇ ਫੰਡ ਮੁਹੱਈਆ ਕਰਵਾਉਣ ਦੀ ਗੱਲ ਵੀ ਕਹੀ ਗਈ।
ਗੰਨਾ ਕਿਸਾਨਾਂ ਦੇ ਬਕਾਏ ਅਤੇ ਗੰਨੇ ਦੇ ਭਾਅ ਸਬੰਧੀ ਵੀ ਚਰਚਾ ਹੋਈ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਗੰਨੇ ਦਾ ਰੇਟ ਹੋਰਨਾਂ ਸੂਬਿਆਂ ਦੇ ਮੁਕਾਬਲੇ ਬਿਹਤਰ ਰੱਖਣ ਸਬੰਧੀ ਜਲਦ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਫਗਵਾੜਾ ਮਿੱਲ ਦੇ 28 ਕਰੋੜ ਰੁਪਏ ਅਤੇ ਹੋਰਨਾਂ ਮਿੱਲਾਂ ਦੇ ਲਗਭਗ 3.65 ਕਰੋੜ ਰੁਪਏ ਦੇ ਬਕਾਏ ਅਗਲੇ ਹਫ਼ਤੇ ਜਾਰੀ ਕਰਨ ਦਾ ਭਰੋਸਾ ਦਿੱਤਾ।
ਸਹਿਕਾਰੀ ਸਭਾਵਾਂ ਬਾਰੇ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਆਂ ਸਹਿਕਾਰੀ ਸਭਾਵਾਂ ਦੀ ਰਜਿਸਟ੍ਰੇਸ਼ਨ ’ਤੇ ਕੋਈ ਰੋਕ ਨਹੀਂ ਹੈ। ਸਰਕਾਰੀ ਬੈਂਕਾਂ ਅਤੇ ਸਰਕਾਰੀ ਸੁਸਾਇਟੀਆਂ ਦੇ ਕਰਜ਼ਿਆਂ ਨੂੰ ਵੀ ਇਕਮੁਸ਼ਤ ਕਰਜ਼ਾ ਮੁਕਤੀ ਸਕੀਮ ਤਹਿਤ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਕਿਸਾਨ ਅੰਦੋਲਨ ਦੌਰਾਨ ਦਰਜ ਫੌਜਦਾਰੀ, ਰੇਲਵੇ ਅਤੇ ਪਰਾਲੀ ਪ੍ਰਦੂਸ਼ਣ ਨਾਲ ਸਬੰਧਤ ਕੇਸ 15 ਅਕਤੂਬਰ ਤੱਕ ਵਾਪਸ ਲੈਣ ਦੀ ਗੱਲ ਕਹੀ ਗਈ। ਸ਼ੰਭੂ-ਖਨੌਰੀ ਬਾਰਡਰ ’ਤੇ ਹੋਏ ਨੁਕਸਾਨ, ਜ਼ਖਮੀ ਅਤੇ ਅਪਾਹਜ ਕਿਸਾਨਾਂ ਦੇ ਮੁਆਵਜ਼ੇ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਸਬੰਧੀ ਵੀ ਭਰੋਸਾ ਦਿੱਤਾ ਗਿਆ।
ਇਸ ਤੋਂ ਇਲਾਵਾ ਸਮਾਰਟ ਮੀਟਰਾਂ, ਨੈਸ਼ਨਲ ਹਾਈਵੇ ਦੇ ਬਕਾਏ ਅਤੇ ਪਰਾਲੀ ਪ੍ਰਦੂਸ਼ਣ ਕਾਨੂੰਨਾਂ ਸਮੇਤ ਬਾਕੀ ਮੰਗਾਂ ’ਤੇ ਅਗਲੇ ਦਿਨਾਂ ਵਿੱਚ ਮੁੜ ਮੀਟਿੰਗ ਕਰਕੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ।
- Download Babushahi App
-
-