ਚਰਿੱਤਰ 'ਤੇ ਟਿੱਪਣੀ ਦਾ ਮਾਮਲਾ: ਸੁਖਪਾਲ ਖਹਿਰਾ ਵਿਰੁੱਧ ਪੁਲਿਸ ਨੂੰ ਸ਼ਿਕਾਇਤ, ਪੜ੍ਹੋ ਕੀ ਲੱਗੇ ਦੋਸ਼?
Ravi Jakhu
ਚੰਡੀਗੜ੍ਹ, 25 ਸਤੰਬਰ 2026- ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਗਾਇਤਰੀ ਬਿਸ਼ਨੋਈ ਨੇ ਸੁਖਪਾਲ ਖਹਿਰਾ ਖ਼ਿਲਾਫ਼ ਮਹਿਲਾ ਦੀ ਗਰਿਮਾ ਭੰਗ ਕਰਨ ਦੇ ਦੋਸ਼ ਲਾਉਂਦਿਆਂ ਪੰਜਾਬ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਪੁਲਿਸ ਤੋਂ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਗਾਇਤਰੀ ਬਿਸ਼ਨੋਈ ਵੱਲੋਂ ਦਿੱਤੀ ਗਈ ਸ਼ਿਕਾਇਤ ਮੁਤਾਬਕ, ਸੁਖਪਾਲ ਖਹਿਰਾ ਨੇ ਉਨ੍ਹਾਂ ਦੇ ਚਰਿੱਤਰ ਨੂੰ ਲੈ ਕੇ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਅਜਿਹੀ ਟਿੱਪਣੀ ਨਾਲ ਨਾ ਸਿਰਫ਼ ਉਨ੍ਹਾਂ ਦੀ ਨਿੱਜੀ ਮਰਿਆਦਾ ਨੂੰ ਠੇਸ ਪਹੁੰਚੀ ਹੈ, ਸਗੋਂ ਇੱਕ ਮਹਿਲਾ ਵਜੋਂ ਉਨ੍ਹਾਂ ਦੀ ਗਰਿਮਾ ਨੂੰ ਵੀ ਨੁਕਸਾਨ ਹੋਇਆ ਹੈ।
ਗਾਇਤਰੀ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਸ਼ਿਕਾਇਤ ’ਤੇ ਤੁਰੰਤ ਗੌਰ ਕੀਤਾ ਜਾਵੇ ਅਤੇ ਸੁਖਪਾਲ ਖਹਿਰਾ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ ਅਤੇ ਸਨਮਾਨ ਨਾਲ ਜੁੜੇ ਮਾਮਲਿਆਂ ਵਿੱਚ ਪੁਲਿਸ ਨੂੰ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸ਼ਿਕਾਇਤ ਦੀ ਜਾਂਚ ਅਤੇ ਉਸ ਵਿੱਚ ਲਾਏ ਗਏ ਦੋਸ਼ਾਂ ਦੀ ਤਸਦੀਕ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਦੀ ਸਥਿਤੀ ਸਪੱਸ਼ਟ ਹੋਵੇਗੀ। ਉੱਧਰ, ਸੁਖਪਾਲ ਖਹਿਰਾ ਵੱਲੋਂ ਇਸ ਸ਼ਿਕਾਇਤ ਅਤੇ ਲਗਾਏ ਗਏ ਦੋਸ਼ਾਂ ਬਾਰੇ ਉਨ੍ਹਾਂ ਦਾ ਪੱਖ ਸਾਹਮਣੇ ਆਉਣਾ ਹਾਲੇ ਬਾਕੀ ਹੈ।
- Download Babushahi App
-
-