ਦੋਰਾਹਾ ਐਂਬੂਲੈਂਸ ਵੈਲਫੇਅਰ ਸੋਸਾਇਟੀ ਨੇ ਸ਼ਹਿਰ ਦੀ ਸੇਵਾ ਲਈ ਲਿਆਂਦੀ ਦੂਸਰੀ ਐਂਬੂਲੈਂਸ
ਐੱਸ.ਐੱਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦਿਖਾਈ ਹਰੀ ਝੰਡੀ
ਰਵਿੰਦਰ ਸਿੰਘ ਢਿੱਲੋਂ
ਖੰਨਾ, 26 ਸਤੰਬਰ 2026- ਦੋਰਾਹਾ ਐਂਬੂਲੈਂਸ ਵੈਲਫੇਅਰ ਸੋਸਾਇਟੀ ਵੱਲੋਂ ਸਰਬ ਸਾਂਝੇ ਸਹਿਯੋਗ ਨਾਲ ਸ਼ਹਿਰ ਦੀ ਸੇਵਾ ਲਈ ਲਿਆਂਦੀ ਗਈ ਦੂਸਰੀ ਨਵੀਂ ਐਂਬੂਲੈਂਸ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਸਮਾਗਮ ਦੌਰਾਨ ਐੱਸ.ਐੱਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਹਰੀ ਝੰਡੀ ਦਿਖਾ ਕੇ ਲੋਕ ਸੇਵਾ ਲਈ ਰਵਾਨਾ ਕੀਤਾ।ਸਮਾਗਮ ਦੀ ਸ਼ੁਰੂਆਤ ਮੌਕੇ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਪੁਰਾਣੀ ਦਾਣਾ ਮੰਡੀ ਵਿਖੇ ਸਥਾਪਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਨਮਨ ਕੀਤਾ।ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਅੱਜ ਦਾ ਦਿਨ ਖੰਨਾ ਪੁਲਿਸ ਪ੍ਰਸ਼ਾਸਨ ਲਈ ਖ਼ਾਸ ਹੈ। ਇਹ ਸਿਰਫ਼ ਕਿਸੇ ਗੱਡੀ ਨੂੰ ਹਰੀ ਝੰਡੀ ਦਿਖਾਉਣ ਦਾ ਮੌਕਾ ਨਹੀਂ, ਸਗੋਂ ਇੱਕ ਅਜਿਹੀ ਐਂਬੂਲੈਂਸ ਨੂੰ ਲੋਕ ਸੇਵਾ ਲਈ ਰਵਾਨਾ ਕਰਨ ਦਾ ਮਾਣ ਵਾਲਾ ਪਲ ਹੈ, ਜੋ ਆਉਣ ਵਾਲੇ ਸਮੇਂ ਵਿੱਚ ਅਨੇਕਾਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਕ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਐੱਨ.ਜੀ.ਓਜ਼ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਸਰਬ ਸਾਂਝੇ ਸਹਿਯੋਗ ਨਾਲ ਕੀਤੇ ਜਾਂਦੇ ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।ਇਸ ਮੌਕੇ ਡੀ ਐਸ ਪੀ ਪਾਇਲ ਹਰਮਨਪ੍ਰੀਤ ਚੀਮਾ ਸਮਾਜ ਸੇਵੀ ਸਮੇਤ ਸੋਸਾਇਟੀ ਦੇ ਅਹੁਦੇਦਾਰ, ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
- Download Babushahi App
-
-