ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਜਗਰਾਉਂ ਪੁੱਜੀ, ਕੇਂਦਰੀ ਮੰਤਰੀ ਅਜੈ ਟਮਟਾ ਨੇ ਮੌਜੂਦਾ ਸਰਕਾਰ 'ਤੇ ਸਾਧਿਆ ਨਿਸ਼ਾਨਾ
ਪਿੰਡ ਕਾਉਂਕੇ ਕਲਾਂ 'ਚ ਨਸ਼ੇ ਨਾਲ 16 ਮੌਤਾਂ 'ਤੇ ਜਤਾਇਆ ਦੁੱਖ; ਕਿਹਾ- ਭਾਜਪਾ ਸਰਕਾਰ ਬਣਨ 'ਤੇ ਪੰਜਾਬ ਨੂੰ ਕਰਾਂਗੇ ਨਸ਼ਾ ਮੁਕਤ
(ਦੀਪਕ ਜੈਨ)
ਜਗਰਾਉਂ: 27 ਸਤੰਬਰ 2026 : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ 'ਨਸ਼ਾ ਮੁਕਤ ਪੰਜਾਬ ਯਾਤਰਾ' ਐਤਵਾਰ, 27 ਸਤੰਬਰ ਨੂੰ ਜਗਰਾਉਂ ਦੇ ਨੇੜਲੇ ਪਿੰਡ ਕਾਉਂਕੇ ਕਲਾਂ ਤੋਂ ਹੁੰਦੀ ਹੋਈ ਜਗਰਾਉਂ ਪਹੁੰਚੀ। ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਯਾਤਰਾ ਦੇ ਜ਼ਿਲ੍ਹਾ ਇੰਚਾਰਜ ਅਜੀਤ ਅਖਾੜਾ, ਗੇਜਾ ਰਾਮ ਵਾਲਮੀਕੀ, ਸਾਬਕਾ ਐਮਪੀ ਅਮਰੀਕ ਸਿੰਘ ਆਲੀਵਾਲ, ਸੀਨੀਅਰ ਭਾਜਪਾ ਆਗੂ ਰਵਨੀਤ ਬਿੱਟੂ, ਕੌਂਸਲਰ ਸਤੀਸ਼ ਕੁਮਾਰ ਪੱਪੂ, ਵਿਵੇਕ ਭਾਰਦਵਾਜ ਟੋਨੀ ਵਰਮਾ, ਅਨਿਲ ਕੁਮਾਰ ਸ਼ੰਟੀ ਚੋਪੜਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਇਸ ਮੌਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਅਜੈ ਟਮਟਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੱਸਿਆ ਕਿ ਪਿੰਡ ਕਾਉਂਕੇ ਕਲਾਂ ਵਿੱਚ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ 16 ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਉਹ ਉਨ੍ਹਾਂ ਪਰਿਵਾਰਾਂ ਨੂੰ ਵੀ ਮਿਲੇ ਜਿਨ੍ਹਾਂ ਨੇ ਨਸ਼ੇ ਕਾਰਨ ਆਪਣੇ ਪੁੱਤਰ ਅਤੇ ਪਤੀ ਗਵਾਏ ਹਨ। ਮੰਤਰੀ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀ ਸ਼ਹਿ 'ਤੇ ਨਸ਼ੇ ਦਾ ਕਾਰੋਬਾਰ ਘਰ-ਘਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਨਸ਼ਾ ਨਹੀਂ ਵਿਕ ਸਕਦਾ। ਜੇਕਰ ਸਰਕਾਰ ਚਾਹੇ ਤਾਂ ਕੁਝ ਹੀ ਘੰਟਿਆਂ ਵਿੱਚ ਸਖ਼ਤ ਕਾਨੂੰਨ ਬਣਾ ਕੇ ਨਸ਼ੇ ਦੀ ਵਿਕਰੀ 'ਤੇ ਮੁਕੰਮਲ ਰੋਕ ਲਗਾ ਸਕਦੀ ਹੈ, ਪਰ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਕੇਂਦਰੀ ਮੰਤਰੀ ਨੇ ਹਲਕਾ ਜਗਰਾਉਂ ਦੇ ਪਿੰਡ ਸ਼ੇਰੇਵਾਲ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉੱਥੇ ਇੱਕ ਮਾਂ ਨੇ ਨਸ਼ੇ ਕਾਰਨ ਆਪਣੇ ਪਰਿਵਾਰ ਦੇ ਪੰਜ ਜੀਅ ਗਵਾ ਲਏ ਹਨ, ਜੋ ਕਿ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਦੇ ਮੂੰਹ 'ਤੇ ਇੱਕ ਕਰਾਰੀ ਚਪੇੜ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਉਨ੍ਹਾਂ ਦਾ ਪਹਿਲਾ ਕੰਮ ਪੰਜਾਬ ਵਿੱਚੋਂ ਨਸ਼ੇ ਦਾ ਮੁਕੰਮਲ ਖ਼ਾਤਮਾ ਕਰਨਾ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੋਵੇਗਾ।
- Download Babushahi App
-
-