ਬਠਿੰਡਾ ਦੀ ਗੋਦਾਰਾ ਕਲੋਨੀ ਵਿੱਚ 35 ਸਾਲਾਂ ਬਾਅਦ ਸ਼ੁਰੂ ਹੋਈ ਸੜਕਾਂ ਦੀ ਉਸਾਰੀ
ਅਸ਼ੋਕ ਵਰਮਾ
ਬਠਿੰਡਾ, 28 ਸਤੰਬਰ 2026:ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਐਮ.ਸੀ. ਸ੍ਰੀ ਸੁਖਦੇਵ ਸਿੰਘ ਦੇ ਵਾਰਡ ਨੰਬਰ 50 ਦੀ ਗੋਦਾਰਾ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ।ਇਸ ਮੌਕੇ ਐਮ.ਸੀ. ਸ੍ਰੀ ਸੁਖਦੇਵ ਸਿੰਘ ਤੋਂ ਇਲਾਵਾ ਸ੍ਰੀ ਗੁਰਜੀਤ ਸਿੰਘ, ਸ੍ਰੀ ਜਸਵਿੰਦਰ ਸਿੰਘ ਜੱਸੂ, ਸ੍ਰੀ ਗਗਨਦੀਪ ਸਿੰਘ, ਸ੍ਰੀ ਇਕਬਾਲ ਸਿੰਘ, ਸ੍ਰੀ ਗੁਰਤੇਜ ਸਿੰਘ, ਸ੍ਰੀ ਜਗਸੀਰ ਸਿੰਘ, ਸ੍ਰੀ ਪਰਮਿੰਦਰ ਸਿੰਘ, ਸ੍ਰੀ ਸ਼ਾਮ ਸਿੰਘ, ਸ੍ਰੀ ਰਾਮ ਸਿੰਘ, ਸ੍ਰੀ ਦਰਸ਼ਨ ਸਿੰਘ, ਸ੍ਰੀ ਅਮਰਜੀਤ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਜਸਕਰਨ ਸਿੰਘ, ਸ੍ਰੀ ਰਿੰਕੂ, ਸ੍ਰੀ ਸ਼ੰਟੀ, ਸ੍ਰੀ ਰਿੰਕੂ ਗਰੋਵਰ ਸਮੇਤ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਗੋਦਾਰਾ ਕਲੋਨੀ ਵਿੱਚ ਕਰੀਬ 35 ਸਾਲਾਂ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਇੰਨੇ ਲੰਮੇ ਸਮੇਂ ਤੋਂ ਸੜਕ ਨਿਰਮਾਣ ਦੀ ਉਡੀਕ ਕਰ ਰਹੇ ਇਲਾਕਾ ਨਿਵਾਸੀਆਂ ਲਈ ਇਹ ਕਾਰਜ ਬੇਹੱਦ ਮਹੱਤਵਪੂਰਨ ਹੈ। ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਦੇ ਮੁਕੰਮਲ ਹੋਣ ਤੋਂ ਬਾਅਦ ਕਲੋਨੀ ਵਾਸੀਆਂ ਨੂੰ ਆਉਣ-ਜਾਣ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਵਾਜਾਈ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਸ਼ਹਿਰ ਦੇ ਹਰੇਕ ਵਾਰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਹੈ। ਲੰਮੇ ਸਮੇਂ ਤੋਂ ਲੰਬਿਤ ਪਏ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਦੇ ਨਾਲ-ਨਾਲ ਸੜਕਾਂ, ਸੀਵਰੇਜ, ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਨਗਰ ਨਿਗਮ ਬਠਿੰਡਾ ਵੀ ਇਸੇ ਭਾਵਨਾ ਨਾਲ ਸ਼ਹਿਰ ਦੇ ਵਿਕਾਸ ਨੂੰ ਅੱਗੇ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਵੱਡੇ ਪ੍ਰਾਜੈਕਟਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਹਰੇਕ ਗਲੀ ਅਤੇ ਮੁਹੱਲੇ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਵੀ ਉਨਾ ਹੀ ਜ਼ਰੂਰੀ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕਿਸੇ ਵੀ ਸ਼ਹਿਰ ਦੇ ਵਿਕਾਸ ਵਿੱਚ ਵਧੀਆ ਸੜਕਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸੜਕਾਂ ਬਿਹਤਰ ਹੋਣ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਦੀ ਹੈ, ਇਲਾਕੇ ਦੀ ਸੁੰਦਰਤਾ ਵਧਦੀ ਹੈ ਅਤੇ ਸਥਾਨਕ ਵਸਨੀਕਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੋਦਾਰਾ ਕਲੋਨੀ ਵਿੱਚ ਸ਼ੁਰੂ ਹੋਇਆ ਇਹ ਕਾਰਜ ਇਲਾਕੇ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ‘ਆਧੁਨਿਕ ਬਠਿੰਡਾ’ ਦੇ ਵਿਜ਼ਨ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਨਿਗਮ ਦਾ ਯਤਨ ਹੈ ਕਿ ਵਿਕਾਸ ਦਾ ਲਾਭ ਸ਼ਹਿਰ ਦੇ ਹਰੇਕ ਵਰਗ ਅਤੇ ਹਰੇਕ ਖੇਤਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋਕਾਂ ਦੀ ਕੋਈ ਬੁਨਿਆਦੀ ਸਮੱਸਿਆ ਲੰਮੇ ਸਮੇਂ ਤੋਂ ਲੰਬਿਤ ਹੈ, ਉਸ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।ਮੇਅਰ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ ਅਤੇ ਆਪਣੇ ਇਲਾਕੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
- Download Babushahi App
-
-