ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾ ਕੇ ਸਮਾਜਿਕ ਬਰਾਬਰੀ ਤੇ ਮਨੁੱਖਤਾ ਦੀ ਭਾਵਨਾ ਕੀਤੀ ਜਾਵੇ ਮਜ਼ਬੂਤ : ਕੈਬਨਿਟ ਮੰਤਰੀ ਮੋਹਿੰਦਰ ਭਗਤ
- ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਦੌਰਾਨ ਬੇਗਮਪੁਰਾ ਦੇ ਆਦਰਸ਼ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 30 ਸਤੰਬਰ, 2026
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ” ਵਿਸ਼ੇ ’ਤੇ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਿੱਖਿਆ ਮਾਹਿਰਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਬਾਣੀ ਅਤੇ ਮਨੁੱਖਤਾਵਾਦੀ ਵਿਚਾਰਧਾਰਾ ’ਤੇ ਵਿਚਾਰ ਸਾਂਝੇ ਕਰਦਿਆਂ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਆਪਸੀ ਸਦਭਾਵਨਾ ਅਤੇ ਸਮਾਜਿਕ ਨਿਆਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਸੈਮੀਨਾਰ ਦੌਰਾਨ ਸੰਤ ਸਮਾਜ ਵੱਲੋਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਚਰਨਛੋਹ ਸੱਚਖੰਡ ਬੇਗਮਪੁਰਾ, ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਸੁਰਿੰਦਰ ਸਿੰਘ ਅਤੇ ਆਲ ਇੰਡੀਆ ਆਦਿ-ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਗੁਰੂ ਜੀ ਦੇ ਜੀਵਨ, ਦਰਸ਼ਨ, ਸਿਖਿਆਵਾਂ ਅਤੇ ਉਨਾਂ ਦੀ ਅੱਜ ਦੇ ਯੁੱਗ ਵਿਚ ਮਹੱਤਤਾ 'ਤੇ ਵਿਸਤਾਰ ਨਾਲ ਚਾਨਣ ਪਾਇਆ।
ਸੰਤ ਕੇਵਲ ਸਿੰਘ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖ ਨੂੰ ਆਪਣੇ ਅੰਦਰ ਝਾਤ ਮਾਰਨ, ਸੱਚੇ ਮਾਰਗ ’ਤੇ ਚੱਲਣ ਅਤੇ ਹਰ ਮਨੁੱਖ ਨਾਲ ਬਰਾਬਰੀ ਤੇ ਸਨਮਾਨ ਦਾ ਵਿਹਾਰ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੰਕਲਪ ਅਜਿਹੇ ਸਮਾਜ ਦੀ ਪ੍ਰੇਰਣਾ ਦਿੰਦਾ ਹੈ, ਜਿੱਥੇ ਕਿਸੇ ਕਿਸਮ ਦਾ ਭੇਦਭਾਵ, ਡਰ ਜਾਂ ਅਨਿਆਂ ਨਾ ਹੋਵੇ।
ਸੰਤ ਸੁਰਿੰਦਰ ਸਿੰਘ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਰਾਹੀਂ ਸਮੁੱਚੀ ਮਨੁੱਖਤਾ ਨੂੰ ਪਿਆਰ, ਭਾਈਚਾਰੇ ਅਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਨਾਲ ਸਮਾਜ ਵਿੱਚ ਸਦਭਾਵਨਾ ਅਤੇ ਏਕਤਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕਦੀ ਹੈ।
ਸੰਤ ਸਤਵਿੰਦਰ ਹੀਰਾ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਮਨੁੱਖੀ ਗਰਿਮਾ ਅਤੇ ਸਮਾਜਿਕ ਨਿਆਂ ’ਤੇ ਆਧਾਰਿਤ ਹੈ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਲਈ ਵੀ ਬੇਹੱਦ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈ ਕੇ ਨੌਜਵਾਨ ਸਿੱਖਿਆ, ਮਿਹਨਤ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮਾਰਗ ’ਤੇ ਅੱਗੇ ਵਧ ਸਕਦੇ ਹਨ।
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ, ਸਮਾਜਿਕ ਬਰਾਬਰੀ, ਮਿਹਨਤ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਗੁਰੂ ਜੀ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਕਿਸੇ ਵੀ ਵਿਅਕਤੀ ਨਾਲ ਜਾਤ, ਵਰਗ ਜਾਂ ਕਿਸੇ ਹੋਰ ਆਧਾਰ ’ਤੇ ਭੇਦਭਾਵ ਨਾ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਸਿਰਫ਼ ਅਧਿਆਤਮਿਕ ਮਾਰਗਦਰਸ਼ਨ ਹੀ ਨਹੀਂ ਦਿੰਦੀ, ਸਗੋਂ ਸਮਾਜਿਕ ਜੀਵਨ ਨੂੰ ਬਿਹਤਰ ਬਣਾਉਣ ਦੀ ਵੀ ਪ੍ਰੇਰਣਾ ਦਿੰਦੀ ਹੈ ਜੋ ਕਿਸੇ ਇੱਕ ਵਰਗ, ਸਮਾਜ ਤੇ ਧਰਮ ਨਾਲ ਸੰਬੰਧਿਤ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਸਮਝ ਕੇ ਇਨ੍ਹਾਂ ਨੂੰ ਆਪਣੇ ਵਿਹਾਰ ਅਤੇ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ।
ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਦੀਆਂ ਪਹਿਲਾਂ ਮਨੁੱਖਤਾ ਨੂੰ ਬਰਾਬਰੀ ਅਤੇ ਆਪਸੀ ਸਨਮਾਨ ਦਾ ਸੰਦੇਸ਼ ਦਿੱਤਾ, ਜਿਸ ਦੀ ਸਾਰਥਕਤਾ ਅੱਜ ਵੀ ਓਨੀ ਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਵਿਚਾਰਧਾਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਵਿੱਦਿਅਕ ਸੰਸਥਾਵਾਂ ਵਿੱਚ ਅਜਿਹੇ ਵਿਚਾਰ-ਵਟਾਂਦਰੇ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਬਾਣੀ ਦਾ ਅਧਿਐਨ ਕਰਦਿਆਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਸਮਾਜ ਵਿੱਚ ਉਸਾਰੂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ, ਪਿਆਰ, ਭਾਈਚਾਰੇ ਅਤੇ ਬਰਾਬਰੀ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸੰਦੇਸ਼ ਨੂੰ ਸਿਰਫ਼ ਧਾਰਮਿਕ ਜਾਂ ਅਧਿਆਤਮਿਕ ਨਜ਼ਰੀਏ ਨਾਲ ਹੀ ਨਹੀਂ, ਸਗੋਂ ਸਮਾਜਿਕ ਜੀਵਨ ਦੇ ਸੰਦਰਭ ਵਿੱਚ ਵੀ ਸਮਝਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਆਪਣੇ ਸਖਸ਼ੀਅਤ ਦੇ ਵਿਕਾਸ ਦੇ ਨਾਲ-ਨਾਲ ਸਮਾਜ ਵਿੱਚ ਉਸਾਰੂ ਤਬਦੀਲੀ ਦਾ ਮਾਧਿਅਮ ਬਣਨ ਲਈ ਪ੍ਰੇਰਿਤ ਕੀਤਾ।
ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਅਵਤਾਰ ਸਿੰਘ, ਸਾਬਕਾ ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਪੋਸਟ ਗ੍ਰੈਜੂਏਟ ਵਿਭਾਗ, ਪੰਜਾਬੀ, ਰਾਮਗੜ੍ਹੀਆ ਕਾਲਜ ਫਗਵਾੜਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਦਰਸ਼ਨ ਦੇ ਵੱਖ-ਵੱਖ ਪੱਖਾਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਵਿੱਚ ਮਨੁੱਖੀ ਜੀਵਨ ਦੀ ਗਰਿਮਾ, ਸਮਾਜਿਕ ਬਰਾਬਰੀ, ਸਵੈ-ਮਾਣ, ਮਿਹਨਤ ਅਤੇ ਅਧਿਆਤਮਿਕ ਚੇਤਨਾ ਦਾ ਡੂੰਘਾ ਸੰਦੇਸ਼ ਮਿਲਦਾ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਸਿਰਫ਼ ਪੜ੍ਹਨ ਤੱਕ ਸੀਮਤ ਨਾ ਰੱਖਣ, ਸਗੋਂ ਉਨ੍ਹਾਂ ਦੇ ਮੂਲ ਭਾਵ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਸਮਾਜ ਤੇਜ਼ੀ ਨਾਲ ਬਦਲ ਰਿਹਾ ਹੈ, ਅਜਿਹੇ ਸਮੇਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਸਿੱਖਿਆ, ਆਪਸੀ ਸਨਮਾਨ, ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਕੇ ਗੁਰੂ ਜੀ ਦੇ ਆਦਰਸ਼ਾਂ ਅਨੁਸਾਰ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਪ੍ਰੋਗਰਾਮ ਦੌਰਾਨ ਪਹੁੰਚੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀ ਬਾਣੀ, ਜੀਵਨ ਅਤੇ ਮਨੁੱਖਤਾਵਾਦੀ ਵਿਚਾਰਧਾਰਾ ਨੂੰ ਆਮ ਲੋਕਾਂ, ਖਾਸ ਕਰਕੇ ਨੌਜਵਾਨਾਂ ਤੱਕ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸੈਮੀਨਾਰ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਵਾਈਸ ਚਾਂਸਲਰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪ੍ਰੋਫੈਸਰ ਡਾ ਏ ਐਸ ਚਾਵਲਾ ਨੇ ਪੰਜਾਬ ਸਰਕਾਰ ਦਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਲਈ ਧੰਨਵਾਦ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਪ੍ਰੋ ਵਾਈਸ ਚਾਂਸਲਰ ਪ੍ਰੋਫੈਸਰ ਬੀ ਐਸ ਸਤਿਆਲ, ਅਸਿਸਟੈਂਟ ਡਾਇਰੈਕਟਰ ਉਚੇਰੀ ਸਿੱਖਿਆ ਰਾਜੇਸ਼ ਕੁਮਾਰ, ਦੁਸ਼ਯੰਤ ਰਾਜਪੂਤ, ਬਾਬਾ ਨਰੇਸ਼ ਸਿੰਘ ਤਪ ਅਸਥਾਨ ਸ੍ਰੀ ਖੁਰਾਲ ਗੜ੍ਹ ਸਾਹਿਬ, ਸੰਤ ਓਮ ਪ੍ਰਕਾਸ਼, ਡੀਨ ਫਾਰਮੇਸੀ ਕਾਲਜ ਨਰੇਸ਼ ਗਿੱਲ, ਐਗਜ਼ਕਿਊਟਿਵ ਡੀਨ ਡਾ ਆਸ਼ੂਤੋਸ਼ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
- Download Babushahi App
-
-