1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ, ਖੰਨਾ ਮੰਡੀ ਵਿੱਚ ਤਿਆਰੀਆਂ ਮੁਕੰਮਲ
ਕਿਸਾਨਾਂ ਨੇ ਨਮੀ ਦੀ ਹੱਦ ਵਧਾਉਣ ਅਤੇ ਐੱਮਐੱਸਪੀ ਵਿੱਚ ਵਾਧੇ ਦੀ ਕੀਤੀ ਮੰਗ
Ravinder Singh
ਖੰਨਾ: ਪੰਜਾਬ ਭਰ ਦੀਆਂ ਅਨਾਜ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਦੀ ਅਨਾਜ ਮੰਡੀ ਵਿੱਚ ਵੀ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਕਿਸਾਨਾਂ ਨੇ ਆਪਣੀ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ।
ਹਾਲਾਂਕਿ ਮੰਡੀ ਵਿੱਚ ਪਹੁੰਚ ਰਹੇ ਝੋਨੇ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਫ਼ਸਲ ਸੁਕਾਉਣ ਅਤੇ ਉਸ ਨੂੰ ਸਰਕਾਰੀ ਖਰੀਦ ਲਈ ਤਿਆਰ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀਆਂ ਤਰੀਕਾਂ ਪਹਿਲਾਂ ਜਾਰੀ ਕੀਤੀਆਂ ਗਈਆਂ ਸਨ ਤਾਂ ਸਰਕਾਰੀ ਖਰੀਦ ਵੀ ਪਹਿਲਾਂ ਸ਼ੁਰੂ ਕੀਤੀ ਜਾਣੀ ਚਾਹੀਦੀ ਸੀ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਲੰਮਾ ਇੰਤਜ਼ਾਰ ਨਾ ਕਰਨਾ ਪਵੇ।
ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ 17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਵੀ ਖਰੀਦ ਕੀਤੀ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੇ ਮੌਜੂਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਨਾਕਾਫ਼ੀ ਦੱਸਦਿਆਂ ਇਸ ਵਿੱਚ ਹੋਰ ਵਾਧਾ ਕਰਨ ਦੀ ਮੰਗ ਕੀਤੀ ਹੈ।
ਉੱਧਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਲਈ ਸਰਕਾਰ ਵੱਲੋਂ ਵੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਬੇਲੋੜੀ ਉਡੀਕ ਨਾ ਕਰਨੀ ਪਵੇ।
- Download Babushahi App
-
-