ਸਾਊਦੀ ਅਰਬ ’ਚ ਨੰਗਲ ਦੇ ਨੌਜਵਾਨ ਨੂੰ ਫਾਂਸੀ ਦੀ ਸਜ਼ਾ, ਰੋਂਦੀ ਬਜ਼ੁਰਗ ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗੀ ਮਦਦ
ਚੋਵੇਸ਼ ਲਟਾਵਾ
ਨੰਗਲ 1 ਅਕਤੂਬਰ 2026- ਰੋਜ਼ੀ-ਰੋਟੀ ਦੀ ਭਾਲ ਵਿੱਚ ਵਿਦੇਸ਼ ਦੀ ਧਰਤੀ 'ਤੇ ਗਏ ਪੰਜਾਬ ਦੇ ਇੱਕ ਹੋਰ ਨੌਜਵਾਨ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਨੰਗਲ ਦੇ ਪਿੰਡ ਲੋਅਰ ਪੱਟੀ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਸਾਊਦੀ ਅਰਬ ਵਿੱਚ ਫਾਂਸੀ (ਸਜ਼ਾ-ਏ-ਮੌਤ) ਦੀ ਸਜ਼ਾ ਸੁਣਾਈ ਗਈ ਹੈ। ਇਹ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ ਅਤੇ ਪਿੱਛੇ ਇਕੱਲੀ ਰਹਿ ਗਈ ਬਜ਼ੁਰਗ ਮਾਂ ਸਰਕਾਰਾਂ ਤੋਂ ਆਪਣੇ ਪੁੱਤ ਦੀ ਜਾਨ ਬਚਾਉਣ ਲਈ ਮਦਦ ਦੀ ਗੁਹਾਰ ਲਗਾ ਰਹੀ ਹੈ।
ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਕਰੀਬ ਚਾਰ ਸਾਲ ਪਹਿਲਾਂ ਰੁਜ਼ਗਾਰ ਲਈ ਮਸਕਟ (ਓਮਾਨ) ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਨੂੰ ਸਾਊਦੀ ਅਰਬ ਵਿੱਚ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪਰਿਵਾਰ ਨੂੰ 25 ਸਤੰਬਰ ਨੂੰ ਇਹ ਮੰਦਭਾਗੀ ਖ਼ਬਰ ਮਿਲੀ ਕਿ ਅਦਾਲਤ ਵੱਲੋਂ ਉਸ ਨੂੰ ਸਜ਼ਾ-ਏ-ਮੌਤ ਸੁਣਾ ਦਿੱਤੀ ਗਈ ਹੈ।
ਘਰ ਦਾ ਇਕਲੌਤਾ ਚਿਰਾਗ ਹੈ ਗੁਰਪ੍ਰੀਤ
ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ। ਉਸ ਦੇ ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ। ਘਰ ਵਿੱਚ ਉਸ ਦੀ ਬਜ਼ੁਰਗ ਮਾਤਾ ਸਤਵੰਤ ਕੌਰ ਇਕੱਲੀ ਰਹਿੰਦੀ ਹੈ ਅਤੇ ਉਸ ਦਾ ਹੋਰ ਕੋਈ ਵੀ ਸਹਾਰਾ ਨਹੀਂ ਹੈ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਕਹਿਣਾ ਹੈ, "ਗੁਰਪ੍ਰੀਤ ਆਪਣੇ ਘਰ ਦਾ ਇੱਕੋ-ਇੱਕ ਸਹਾਰਾ ਅਤੇ ਚਿਰਾਗ ਹੈ। ਜੇਕਰ ਉਸ ਨੂੰ ਕੁਝ ਹੋ ਜਾਂਦਾ ਹੈ ਤਾਂ ਪਰਿਵਾਰ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ। ਅਸੀਂ ਸਰਕਾਰਾਂ ਅੱਗੇ ਹੱਥ ਜੋੜ ਕੇ ਅਪੀਲ ਕਰਦੇ ਹਾਂ ਕਿ ਸਾਡੇ ਬੱਚੇ ਨੂੰ ਸਹੀ-ਸਲਾਮਤ ਘਰ ਵਾਪਸ ਲਿਆਂਦਾ ਜਾਵੇ।"
ਸਰਕਾਰਾਂ ਅਤੇ ਸਮਾਜ ਸੇਵੀਆਂ ਅੱਗੇ ਗੁਹਾਰ
ਬਜ਼ੁਰਗ ਮਾਂ ਅਤੇ ਪਰਿਵਾਰ ਨੇ ਭਾਰਤ ਸਰਕਾਰ, ਭਾਰਤੀ ਦੂਤਾਵਾਸ (Indian Embassy) ਅਤੇ ਸਬੰਧਤ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਗੁਰਪ੍ਰੀਤ ਨੂੰ ਤੁਰੰਤ ਕਾਨੂੰਨੀ ਅਤੇ ਕੂਟਨੀਤਕ (diplomatic) ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਦੇ ਨਾਲ ਹੀ ਪਰਿਵਾਰ ਵੱਲੋਂ ਸਥਾਨਕ ਵਿਧਾਇਕ ਅਤੇ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਦੇ ਮੁੱਖੀ ਡਾ. ਐੱਸ.ਪੀ. ਸਿੰਘ ਓਬਰਾਏ ਤੋਂ ਵੀ ਮਦਦ ਦੀ ਅਪੀਲ ਕੀਤੀ ਗਈ ਹੈ। ਹੁਣ ਪੀੜਤ ਪਰਿਵਾਰ ਦੀਆਂ ਨਜ਼ਰਾਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ।
- Download Babushahi App
-
-