ਜਦੋਂ ਭ੍ਰਿਸ਼ਟਾਚਾਰ ਦੇ ਮਾਮਲੇ CMO ਤੱਕ ਪਹੁੰਚਣ ਦੇ ਦੋਸ਼ ਲੱਗਣ ਤਾਂ, ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ: ਪਰਗਟ ਸਿੰਘ
Babushahi Network
ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਸਿਆਸਤ ਸਿਰਫ਼ ਸੱਤਾ ਦੀ ਲੜਾਈ ਨਹੀਂ, ਸਗੋਂ ਇਨਸਾਨੀਅਤ ਅਤੇ ਵਿਚਾਰਧਾਰਾ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੱਖ-ਵੱਖ ਵਿਚਾਰਧਾਰਾਵਾਂ ਵਾਲੇ ਲੋਕ ਹਨ, ਪਰ ਉਨ੍ਹਾਂ ਮੁਤਾਬਕ ਇੱਕ ਪਾਰਟੀ ਲੁੱਟ ਦੀ ਸਿਆਸਤ ਕਰਦੀ ਹੈ, ਜਦਕਿ ਦੂਜੀ ਸਮਾਜ ਨੂੰ ਵੰਡਣ ਦਾ ਕੰਮ ਕਰਦੀ ਹੈ। ਪਰਗਟ ਸਿੰਘ ਨੂੰ ਹਾਲ ਹੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਪਰਗਟ ਸਿੰਘ ਨੇ ਕਿਹਾ ਕਿ ਜੁਮਲਿਆਂ ਅਤੇ ਚੁਟਕਲਿਆਂ ਦਾ ਕੋਈ ਜਵਾਬ ਨਹੀਂ ਹੁੰਦਾ। ਉਨ੍ਹਾਂ ‘ਆਪ’ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਭ੍ਰਿਸ਼ਟਾਚਾਰ ਦੇ ਮਾਮਲੇ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਣ ਦੇ ਦੋਸ਼ ਲੱਗਣ ਤਾਂ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।
ਵੋਟਰ ਸੂਚੀਆਂ ਵਿੱਚੋਂ ਕਥਿਤ ਤੌਰ ’ਤੇ 13 ਕਰੋੜ ਨਾਮ ਹਟਾਏ ਜਾਣ ਦੇ ਮੁੱਦੇ ’ਤੇ ਉਨ੍ਹਾਂ ਚੋਣ ਕਮਿਸ਼ਨ ’ਤੇ ਵੀ ਸਵਾਲ ਚੁੱਕੇ। ਇਹ ਮੁੱਦਾ ਕਾਂਗਰਸ ਵੱਲੋਂ ਦੇਸ਼ ਪੱਧਰ ’ਤੇ ਉਠਾਇਆ ਜਾ ਰਿਹਾ ਹੈ।
ਈਡੀ ਦੀਆਂ ਕਾਰਵਾਈਆਂ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਕੋਲ ਹੁਣ ਕੋਈ ਵਿਕਲਪ ਨਹੀਂ ਬਚਿਆ ਅਤੇ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਰਿਹਾ ਹੈ। ਨਵੇਂ ਅਹੁਦੇ ਦਾ ਕਾਰਜਭਾਰ ਸੰਭਾਲਣ ਬਾਰੇ ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਤੋਂ ਬਾਅਦ ਪੰਜਾਬ ਆਉਣ ਅਤੇ ਰਸਮੀ ਤੌਰ ’ਤੇ ਅਹੁਦਾ ਸੰਭਾਲਣ ਦੀ ਤਾਰੀਖ ਤੈਅ ਕੀਤੀ ਜਾਵੇਗੀ।
- Download Babushahi App
-
-