ਵੱਡੀ ਖ਼ਬਰ: CBI ਵੱਲੋਂ ਸੀ.ਐਮ ਕੈਂਪ ਆਫਿਸ ਤੋਂ ਇਲਾਵਾ ਮੋਹਾਲੀ ਅਤੇ ਸੰਗਰੂਰ ਤੱਕ ਛਾਪੇਮਾਰੀ- AAP ਨੇ ਕਾਰਵਾਈ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ
ਸੀ.ਐੱਮ. ਮਾਨ ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ: "ਚੋਣਾਂ ਤੋਂ ਪਹਿਲਾਂ ਬੀਜੇਪੀ ਦੀ ਬੁਖਲਾਹਟ, ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ"
Babushahi Network
ਚੰਡੀਗੜ੍ਹ / ਮੋਹਾਲੀ / ਸੰਗਰੂਰ, 6 ਅਕਤੂਬਰ 2026- ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਵੱਡਾ ਭੂਚਾਲ ਆ ਗਿਆ, ਜਦੋਂ ਸੀ.ਬੀ.ਆਈ. (CBI) ਦੀਆਂ ਵੱਖ-ਵੱਖ ਟੀਮਾਂ ਨੇ ਇੱਕੋ ਸਮੇਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਅਹਿਮ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ। ਸਭ ਤੋਂ ਵੱਡੀ ਕਾਰਵਾਈ ਚੰਡੀਗੜ੍ਹ ਦੇ ਸੈਕਟਰ 2 ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਆਫਿਸ (ਕੋਠੀ ਨੰਬਰ 50) ਵਿਖੇ ਦੇਖਣ ਨੂੰ ਮਿਲੀ, ਜਿੱਥੇ ਸੀ.ਬੀ.ਆਈ. ਦੀਆਂ ਟੀਮਾਂ ਨੇ ਪਹੁੰਚ ਕੇ ਮਹੱਤਵਪੂਰਨ ਦਸਤਾਵੇਜ਼ਾਂ ਅਤੇ ਰਿਕਾਰਡਾਂ ਦੀ ਖੰਗਾਲਣਾ ਸ਼ੁਰੂ ਕਰ ਦਿੱਤੀ।
ਇਸ ਤੋਂ ਇਲਾਵਾ ਸੀ.ਬੀ.ਆਈ. ਨੇ ਮੋਹਾਲੀ ਦੇ ਫੇਜ਼ 11 ਅਤੇ ਸੰਗਰੂਰ ਦੇ ਪਿੰਡ ਘਰਾਚੋਂ ਵਿੱਚ ਵੀ ਦਬਿਸ਼ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੇ ਪਿੰਡ ਘਰਾਚੋਂ ਵਿੱਚ ਮੁੱਖ ਮੰਤਰੀ ਦੇ ਓ.ਐੱਸ.ਡੀ. (OSD) ਰਾਜਵੀਰ ਘੁੰਮਣ ਨਾਲ ਸਬੰਧਤ ਠਿਕਾਣਿਆਂ 'ਤੇ ਵੀ ਜਾਂਚ ਏਜੰਸੀਆਂ ਵੱਲੋਂ ਕਾਰਵਾਈ ਕੀਤੀ ਗਈ ਹੈ। ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਹੋਈ ਇਸ ਅਚਾਨਕ ਛਾਪੇਮਾਰੀ ਨੇ ਪੰਜਾਬ ਦੇ ਸਿਆਸੀ ਪਾਰੇ ਨੂੰ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ।
BJP ਦੀ ਬੁਖਲਾਹਟ ਦਾ ਨਤੀਜਾ, ਪੰਜਾਬੀ ਧੱਕਾ ਬਰਦਾਸ਼ਤ ਨਹੀਂ ਕਰਨਗੇ: ਅਰਵਿੰਦ ਕੇਜਰੀਵਾਲ ਤੇ ਸੀ.ਐੱਮ. ਮਾਨ
ਸੀ.ਬੀ.ਆਈ. ਦੀ ਇਸ ਕਾਰਵਾਈ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣਾ ਪਹਿਲਾ ਵੱਡਾ ਬਿਆਨ ਦਿੰਦਿਆਂ ਇਸ ਨੂੰ ਭਾਰਤੀ ਜਨਤਾ ਪਾਰਟੀ ਦੀ ਬੁਖਲਾਹਟ ਦੱਸਿਆ ਹੈ। ਉਹਨਾਂ ਨੇ ਕਿਹਾ ਕਿ ਜਦੋਂ ਵੀ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਤਾਂ ਕੇਂਦਰ ਦੀ ਭਾਜਪਾ ਸਰਕਾਰ ਈ.ਡੀ., ਸੀ.ਬੀ.ਆਈ. ਅਤੇ ਇਨਕਮ ਟੈਕਸ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਵਿਰੋਧੀਆਂ ਦੇ ਖਿਲਾਫ ਉਤਾਰ ਦਿੰਦੀ ਹੈ।
ਉਹਨਾਂ ਸਪੱਸ਼ਟ ਕੀਤਾ ਕਿ ਪੰਜਾਬੀਆਂ ਨੇ ਇਤਿਹਾਸ ਵਿੱਚ ਕਦੇ ਵੀ ਅਜਿਹੀ ਧੱਕੇਸ਼ਾਹੀ ਜਾਂ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਅਤੇ ਪੰਜਾਬ ਦੇ ਲੋਕ ਇਸ ਦਾ ਮੂੰਹ ਤੋੜ ਜਵਾਬ ਦੇਣਗੇ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਆਮ ਆਦਮੀ ਪਾਰਟੀ ਦੀ ਵੱਧ ਰਹੀ ਲੋਕਪ੍ਰਿਯਤਾ ਤੋਂ ਘਬਰਾ ਚੁੱਕੀ ਹੈ, ਜਿਸ ਕਰਕੇ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।
- Download Babushahi App
-
-