ਤਰਨਤਾਰਨ ਪੁਲਿਸ ਵੱਲੋਂ ਵਿਸਫੋਟਕ ਸਮੱਗਰੀ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 4 ਹੈਂਡ ਗ੍ਰਨੇਡਾਂ ਸਮੇਤ 2 ਕਾਬੂ, ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਤਾਰ
Baljit Singh
ਤਰਨਤਾਰਨ, 7 ਅਕਤੂਬਰ, 2026: ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਤੇ ਐੱਸਐੱਸਪੀ ਤਰਨਤਾਰਨ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਪੁਲਿਸ ਨੇ ਵਿਸਫੋਟਕ ਸਮੱਗਰੀ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ ਵੱਡਾ ਪਰਦਾਫਾਸ਼ ਕੀਤਾ ਹੈ। ਸੀਆਈਏ ਸਟਾਫ਼ ਤਰਨਤਾਰਨ ਦੀ ਟੀਮ ਨੇ ਸਰਹੱਦੀ ਖੇਤਰ ਵਿੱਚੋਂ 4 ਜ਼ਿੰਦਾ ਹੈਂਡ ਗ੍ਰਨੇਡਾਂ ਅਤੇ 2 ਮੋਬਾਈਲ ਫ਼ੋਨਾਂ ਸਮੇਤ ਇੱਕ ਨੌਜਵਾਨ ਅਤੇ ਇੱਕ ਨਾਬਾਲਗ (ਜੂਵਨਾਇਲ) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਪਿੰਡ ਮਾੜੀ ਮੇਘਾ ਬਾਰਡਰ ਏਰੀਏ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਖਾਲੜਾ ਬਾਰਡਰ ਵੱਲੋਂ ਮੋਟਰਸਾਈਕਲ 'ਤੇ ਆ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ 4 ਹੈਂਡ ਗ੍ਰਨੇਡ ਬਰਾਮਦ ਹੋਏ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਿੰਸਪਾਲ ਸਿੰਘ (ਵਾਸੀ ਧੁੰਨ) ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਵਿਰੁੱਧ ਥਾਣਾ ਖਾਲੜਾ ਵਿਖੇ ਵਿਸਫੋਟਕ ਪਦਾਰਥ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਸਨਸਨੀਖੇਜ਼ ਖ਼ੁਲਾਸਾ ਹੋਇਆ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਤਾਰ ਸਰਹੱਦ ਪਾਰ ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਹੋਏ ਸਨ। ਇਹ ਗ੍ਰਨੇਡ ਪਾਕਿਸਤਾਨ ਵੱਲੋਂ ਮੰਗਵਾਏ ਗਏ ਸਨ ਅਤੇ ਅੱਗੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾਣੇ ਸਨ। ਅਦਾਲਤ ਨੇ ਮੁਲਜ਼ਮਾਂ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਹੈ। ਪੁਲਿਸ ਮੁਤਾਬਕ ਰਿਮਾਂਡ ਦੌਰਾਨ ਇਸ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਅਤੇ ਹੋਰ ਸਾਜ਼ਿਸ਼ਾਂ ਬਾਰੇ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
- Download Babushahi App
-
-