ਪਟਿਆਲਾ: MC ਚੋਣਾਂ ’ਚ ਹੋਈ ਧੱਕੇਸ਼ਾਹੀ ’ਤੇ ਸੁਪਰੀਮ ਕੋਰਟ ਦੇ ਫੈਸਲੇ ਨਾਲ ਹੋਈ ਇਨਸਾਫ਼ ਦੀ ਜਿੱਤ: ਜੈ ਇੰਦਰ ਕੌਰ
ਆਪ ਸਰਕਾਰ ਦੇ ਰਾਜ ’ਚ ਚੋਣ ਪ੍ਰਕਿਰਿਆ ਦੌਰਾਨ ਹੋਈਆਂ ਬੇਨਿਯਮੀਆਂ ਦੀ ਸੱਚਾਈ ਫੈਕਟ-ਫਾਈਂਡਿੰਗ ਕਮਿਸ਼ਨ ਦੀ ਜਾਂਚ ਤੋਂ ਬਾਅਦ ਸਾਹਮਣੇ ਆਈ: ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ
ਮਾਣਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਹੋਣਗੀਆਂ ਪ੍ਰਭਾਵਿਤ 28 ਵਾਰਡਾਂ ਦੀਆਂ ਮੁੜ ਚੋਣਾਂ
ਪਟਿਆਲਾ 7 ਅਕਤੂਬਰ 2026 - ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਨਗਰ ਨਿਗਮ ਚੋਣਾਂ ਸਬੰਧੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਪਟਿਆਲਾ ਦੇ ਲੋਕਾਂ ਦੇ ਲੋਕਤੰਤਰਿਕ ਹੱਕਾਂ ਅਤੇ ਇਨਸਾਫ਼ ਦੀ ਵੱਡੀ ਜਿੱਤ ਹੈ।
ਜੈ ਇੰਦਰ ਕੌਰ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਰੋਕਣ, ਨਾਮਜ਼ਦਗੀ ਪੱਤਰ ਖੋਹਣ ਜਾਂ ਪਾੜਨ ਅਤੇ ਚੋਣ ਪ੍ਰਕਿਰਿਆ ਵਿੱਚ ਹਿੰਸਾ ਤੇ ਦਬਾਅ ਵਰਤਣ ਸਬੰਧੀ ਗੰਭੀਰ ਦੋਸ਼ ਸਾਹਮਣੇ ਆਏ ਸਨ। ਮਾਮਲਾ ਆਖ਼ਰਕਾਰ ਮਾਣਯੋਗ ਸੁਪਰੀਮ ਕੋਰਟ ਤੱਕ ਪਹੁੰਚਿਆ, ਜਿਸ ਤੋਂ ਬਾਅਦ ਅਦਾਲਤ ਵੱਲੋਂ ਸਾਬਕਾ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਫੈਕਟ-ਫਾਈਂਡਿੰਗ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ, “ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਸੀ ਕਿ ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰਿਕ ਪ੍ਰਕਿਰਿਆ ਨਾਲ ਗੰਭੀਰ ਖਿਲਵਾੜ ਹੋਇਆ ਹੈ। ਫੈਕਟ-ਫਾਈਂਡਿੰਗ ਕਮਿਸ਼ਨ ਦੀ ਜਾਂਚ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਨੇ ਸਾਡੇ ਦੋਸ਼ਾਂ ਉੱਤੇ ਨਿਆਂਇਕ ਮੋਹਰ ਲਗਾ ਦਿੱਤੀ ਹੈ। ਸਾਨੂੰ ਖੁਸ਼ੀ ਹੈ ਕਿ ਆਖ਼ਰਕਾਰ ਪਟਿਆਲਾ ਦੇ ਲੋਕਾਂ ਨੂੰ ਇਨਸਾਫ਼ ਮਿਲਿਆ ਹੈ।”
ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਕਿਸੇ ਇੱਕ ਸਿਆਸੀ ਪਾਰਟੀ ਜਾਂ ਉਮੀਦਵਾਰ ਦਾ ਨਹੀਂ ਸੀ, ਸਗੋਂ ਪਟਿਆਲਾ ਦੇ ਹਰ ਉਸ ਵੋਟਰ ਦੇ ਸੰਵਿਧਾਨਕ ਹੱਕ ਦੀ ਲੜਾਈ ਸੀ, ਜਿਸ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਆਪਣਾ ਨੁਮਾਇੰਦਾ ਚੁਣਨ ਦਾ ਅਧਿਕਾਰ ਹੈ। ਸੱਤਾਧਾਰੀ ਧਿਰ ਨੂੰ ਲੋਕਤੰਤਰਿਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਜਾਂ ਡਰ ਤੇ ਦਬਾਅ ਦਾ ਮਾਹੌਲ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਜੈ ਇੰਦਰ ਕੌਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਨੇ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਉਨ੍ਹਾਂ 28 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ, ਜਿੱਥੇ ਚੋਣ ਪ੍ਰਕਿਰਿਆ ਪ੍ਰਭਾਵਿਤ ਪਾਈ ਗਈ ਸੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਸਾਰੀਆਂ ਮੁੜ ਚੋਣਾਂ ਮਾਣਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ। ਦੁਬਾਰਾ ਚੋਣਾਂ ਵਾਲੇ ਵਾਰਡ: 1, 4, 6, 12, 14, 16, 22, 26, 28, 32, 33, 34, 36, 37, 38, 40, 41, 43, 44, 45, 46, 48, 50, 51, 52, 53, 55 ਅਤੇ 57
ਅੰਤ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਪੂਰੇ ਘਟਨਾਕ੍ਰਮ ਤੋਂ ਸਬਕ ਲੈਣਾ ਚਾਹੀਦਾ ਹੈ। ਲੋਕਤੰਤਰ ਵਿੱਚ ਸਰਕਾਰਾਂ ਲੋਕਾਂ ਦੇ ਫਤਵੇ ਨਾਲ ਚੱਲਦੀਆਂ ਹਨ, ਪ੍ਰਸ਼ਾਸਨਿਕ ਧੱਕੇਸ਼ਾਹੀ ਨਾਲ ਨਹੀਂ। ਅਸੀਂ ਮਾਣਯੋਗ ਸੁਪਰੀਮ ਕੋਰਟ ਅਤੇ ਫੈਕਟ-ਫਾਈਂਡਿੰਗ ਕਮਿਸ਼ਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਭਾਜਪਾ ਪਟਿਆਲਾ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਆਉਣ ਵਾਲੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹੇ।
- Download Babushahi App
-
-