ਪੰਜਾਬ ਸਰਕਾਰ ਵੱਲੋਂ ਕੋਠਾ ਗੁਰੂ ਨੂੰ 23.95 ਕਰੋੜ ਦੇ ਜਲ ਸਪਲਾਈ ਪ੍ਰੋਜੈਕਟਾਂ ਦੀ ਸੌਗਾਤ
2 ਹਜ਼ਾਰ ਘਰਾਂ ਨੂੰ ਮਿਲਣਗੇ ਮੁਫ਼ਤ ਪਾਣੀ ਦੇ ਕਨੈਕਸ਼ਨ : ਚੇਅਰਮੈਨ
ਅਸ਼ੋਕ ਵਰਮਾ
ਬਠਿੰਡਾ, 8 ਅਕਤੂਬਰ 2026 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਿੰਡਾਂ/ਸ਼ਹਿਰਾਂ/ਕਸਬਿਆਂ ਦਾ ਹਰ ਪੱਖੋਂ ਵਿਕਾਸ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੰਘ ਸਿੱਧੂ ਵੱਲੋਂ ਕੋਠਾ ਗੁਰੂ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਲਈ ਕਰੀਬ 23.95 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਪੰਜਾਬ ਪੱਧਰੀ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਅਤੇ ਨਗਰ ਸੁਧਾਰ ਟਰਸਟ ਬਠਿੰਡਾ ਦੇ ਚੇਅਰਮੈਲ ਸ੍ਰੀ ਜਤਿੰਦਰ ਸਿੰਘ ਭੱਲਾ ਵੀ ਵਿਸ਼ੇਸ਼ ਤੌਰ ’ਤੇ ਸਨ।
ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ 13.30 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਵਿਕਾਸ ਕਾਰਜ ਅਤੇ 10.65 ਕਰੋੜ ਰੁਪਏ ਦੀ ਲਾਗਤ ਵਾਲਾ ਕੈਨਾਲ ਆਧਾਰਿਤ ਵਾਟਰ ਟ੍ਰੀਟਮੈਂਟ ਪਲਾਂਟ ਸ਼ਾਮਲ ਹੈ। ਪ੍ਰੋਜੈਕਟ ਤਹਿਤ 1 ਲੱਖ ਗੈਲਨ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਤਿਆਰ ਕੀਤੀ ਜਾਵੇਗੀ ਅਤੇ ਲਗਭਗ 2,000 ਘਰਾਂ ਨੂੰ ਪਾਣੀ ਦੇ ਕਨੈਕਸ਼ਨ ਦਿੱਤੇ ਜਾਣਗੇ। ਸਕੀਮ ਅਧੀਨ ਘਰ-ਘਰ ਪਾਣੀ ਦੇ ਕਨੈਕਸ਼ਨ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਜਲ ਸਪਲਾਈ ਵਿਭਾਗ ਨਾਲ ਸਬੰਧਤ ਪੰਜਾਬ ਪੱਧਰੀ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਨਾਲ ਸਬੰਧਤ ਇਸ ਪ੍ਰੋਜੈਕਟ ਨਾਲ ਕੋਠਾ ਗੁਰੂ ਦੇ ਵੱਡੀ ਗਿਣਤੀ ਪਰਿਵਾਰਾਂ ਨੂੰ ਲਾਭ ਮਿਲੇਗਾ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਲੋਕਾਂ ਦੀ ਸਹੂਲਤ ਅਤੇ ਹਲਕੇ ਦਾ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਬੂਟਾ ਸਿੰਘ, ਸਮੂਹ ਐੱਮ.ਸੀ. ਮੈਂਬਰਾਂ ਅਤੇ ਸਥਾਨਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਲੋਕ ਵੀ ਹਾਜ਼ਰ ਸਨ।
- Download Babushahi App
-
-