ਜੰਤਰ-ਮੰਤਰ ਰੋਸ ਵਿਖਾਵੇ ਨੂੰ ਲੈ ਕੇ ਦਿੱਲੀ 'ਚ High Alert: ਕਈ ਰੇਲਗੱਡੀਆਂ ਰੱਦ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ ਅਤੇ ਹੋਟਲਾਂ 'ਤੇ ਨਜ਼ਰ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 9 ਅਕਤੂਬਰ, 2026: ਸੀਜੇਪੀ (ਕਾਕਰੋਚ ਜਨਤਾ ਪਾਰਟੀ) ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਵੋਟਰ ਸੂਚੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ 10 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਰਾਜਧਾਨੀ ਵਿੱਚ ਸੁਰੱਖਿਆ ਦੇ ਬਹੁਤ ਹੀ ਸਖ਼ਤ ਇੰਤਜ਼ਾਮ ਕੀਤੇ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੋਣ ਵਾਲੇ ਇਸ ਪ੍ਰਦਰਸ਼ਨ ਵਿੱਚ 50,000 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਦੇ ਚਲਦਿਆਂ ਦਿੱਲੀ ਪੁਲਿਸ ਨੇ ਬਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ. ਧਾਰਾ 144) ਤਹਿਤ ਮਨਾਹੀ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਧਰਨੇ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰੀ ਦਿੱਲੀ ਅਤੇ ਪ੍ਰਦਰਸ਼ਨ ਸਥਾਨ ਦੇ ਆਲੇ-ਦੁਆਲੇ ਸੁਰੱਖਿਆ ਦਾ ਘੇਰਾ ਬਹੁਤ ਮਜ਼ਬੂਤ ਕਰ ਦਿੱਤਾ ਗਿਆ ਹੈ। ਜਨਪਥ ਮੈਟਰੋ ਸਟੇਸ਼ਨ ਤੋਂ ਜੰਤਰ-ਮੰਤਰ ਵੱਲ ਜਾਣ ਵਾਲੇ ਰਸਤੇ 'ਤੇ ਬੈਰੀਕੇਡਾਂ ਦੀਆਂ ਪੰਜ ਪਰਤਾਂ ਲਗਾਈਆਂ ਗਈਆਂ ਹਨ, ਜਦੋਂ ਕਿ ਦਿੱਲੀ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ (ਪੈਰਾਮਿਲਟਰੀ ਫੋਰਸਿਸ) ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਪੁਲਿਸ ਟੀਮਾਂ ਸੋਸ਼ਲ ਮੀਡੀਆ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ ਅਤੇ ਮੱਧ ਦਿੱਲੀ ਦੇ ਹੋਟਲਾਂ, ਗੈਸਟ ਹਾਊਸਾਂ ਅਤੇ ਪੇਇੰਗ ਗੈਸਟ (PG) ਰਿਹਾਇਸ਼ਾਂ ਵਿੱਚ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾਂਚ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਖੇਤਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਇਸ ਵੱਡੇ ਪ੍ਰਦਰਸ਼ਨ ਕਾਰਨ ਆਮ ਲੋਕਾਂ ਦੀ ਆਵਾਜਾਈ 'ਤੇ ਵੀ ਵੱਡਾ ਅਸਰ ਪੈਣ ਦੀ ਪੂਰੀ ਸੰਭਾਵਨਾ ਹੈ। ਭਾਰਤੀ ਰੇਲਵੇ ਨੇ ਸੁਰੱਖਿਆ ਚੇਤਾਵਨੀਆਂ ਤੋਂ ਬਾਅਦ 10 ਅਕਤੂਬਰ ਨੂੰ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਤੱਕ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨਾਂ 'ਤੇ ਪਹੁੰਚਣ ਵਾਲੀਆਂ ਕਈ ਪ੍ਰਮੁੱਖ ਮੇਲ ਅਤੇ ਐਕਸਪ੍ਰੈਸ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ, ਜਿਨ੍ਹਾਂ ਵਿੱਚ ਹਾਵੜਾ-ਨਵੀਂ ਦਿੱਲੀ ਅਤੇ ਸਿਆਲਦਾਹ-ਨਵੀਂ ਦਿੱਲੀ ਰਾਜਧਾਨੀ ਐਕਸਪ੍ਰੈਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਸਾਵਧਾਨੀ ਦੇ ਤੌਰ 'ਤੇ ਦਿੱਲੀ ਪੁਲਿਸ ਨੇ 57 ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਦੀ ਸਿਫ਼ਾਰਿਸ਼ ਕੀਤੀ ਹੈ, ਜਿਸ 'ਤੇ ਡੀ.ਐੱਮ.ਆਰ.ਸੀ. ਵੱਲੋਂ ਅੰਤਿਮ ਫ਼ੈਸਲਾ ਲਿਆ ਜਾਣਾ ਬਾਕੀ ਹੈ।
ਅਧਿਕਾਰੀਆਂ ਨੇ ਸ਼ਹਿਰ ਵਿੱਚ ਕਿਸੇ ਤਰ੍ਹਾਂ ਦੇ ਕਰਫਿਊ ਦਾ ਐਲਾਨ ਤਾਂ ਨਹੀਂ ਕੀਤਾ, ਪਰ ਜੰਤਰ-ਮੰਤਰ, ਸੰਸਦ ਮਾਰਗ ਅਤੇ ਰਾਜਘਾਟ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਟ੍ਰੈਫਿਕ ਜਾਮ ਅਤੇ ਰੋਕਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੁਲਿਸ ਨੇ ਨਾਗਰਿਕਾਂ ਨੂੰ ਆਪਣਾ ਵੈਧ ਪਛਾਣ ਪੱਤਰ ਨਾਲ ਰੱਖਣ, ਗੈਰ-ਜ਼ਰੂਰੀ ਯਾਤਰਾ ਤੋਂ ਗੁਰੇਜ਼ ਕਰਨ ਅਤੇ ਟ੍ਰੈਫਿਕ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
- Download Babushahi App
-
-