ਦਿਨੇਸ਼ ਬੱਸੀ ਦੇ ਘਰ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
ਅੰਮ੍ਰਿਤਸਰ 9 ਅਕਤੂਬਰ
ਅੰਮ੍ਰਿਤਸਰ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਵੀਰਵਾਰ ਨੂੰ ਅੰਮ੍ਰਿਤਸਰ ਦੌਰੇ ਦੌਰਾਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਦੇ ਅੰਮ੍ਰਿਤਸਰ ਸਥਿਤ ਨਿਵਾਸ ’ਤੇ ਪਹੁੰਚੇ। ਉਨ੍ਹਾਂ ਨੇ ਬੱਸੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਮੌਜੂਦਾ ਹਾਲਾਤ ਵਿੱਚ ਪਰਿਵਾਰ ਦਾ ਹੌਸਲਾ ਵਧਾਇਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਪਾਰਟੀ ਇਸ ਮੁਸ਼ਕਲ ਘੜੀ ਵਿੱਚ ਦਿਨੇਸ਼ ਬੱਸੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਪਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪੁਲਿਸ ਦੀ ਸਿਆਸੀ ਤੌਰ ’ਤੇ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂਆਂ ਅਤੇ ਕਾਂਗਰਸੀ ਵਰਕਰਾਂ ’ਤੇ ਦਬਾਅ ਬਣਾਉਣ ਲਈ ਝੂਠੇ ਮਾਮਲੇ ਦਰਜ ਕਰਨਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਪਰਗਟ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸੱਤਾ ਦੇ ਦਬਾਅ ਹੇਠ ਆ ਕੇ ਬੇਕਸੂਰ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਅਤੇ ਨਿਰਪੱਖ ਜਾਂਚ ਵਿੱਚ ਵਿਸ਼ਵਾਸ ਰੱਖਦੇ ਹਨ, ਪਰ ਜੇਕਰ ਕਿਸੇ ਬੇਕਸੂਰ ਆਗੂ ਜਾਂ ਵਰਕਰ ਨਾਲ ਧੱਕੇਸ਼ਾਹੀ ਹੁੰਦੀ ਹੈ ਤਾਂ ਕਾਂਗਰਸ ਚੁੱਪ ਨਹੀਂ ਬੈਠੇਗੀ।
ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਅੱਜ ਕਾਨੂੰਨ ਨੂੰ ਛਿੱਕੇ ’ਤੇ ਟੰਗ ਕੇ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਆਪਣੇ ਫ਼ੈਸਲਿਆਂ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਡੀਜੀਪੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਦਿਨੇਸ਼ ਬੱਸੀ ਨੂੰ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਬੱਸੀ ਨੇ ਕਿਹਾ ਕਿ ਉਨ੍ਹਾਂ ਦਾ ਪਾਸਪੋਰਟ ਪਹਿਲਾਂ ਹੀ ਅਦਾਲਤ ਵਿੱਚ ਜਮ੍ਹਾਂ ਹੈ ਅਤੇ ਉਹ ਕਿਤੇ ਬਾਹਰ ਨਹੀਂ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਪੂਰੇ ਮਾਮਲੇ ਦਾ ਜਵਾਬ ਦੇਣਗੇ। ਮਾਮਲੇ ਵਿੱਚ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਮਿਲਿਆ ਹੈ ਅਤੇ ਬੱਸੀ ਨੂੰ ਸ਼ੁੱਕਰਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪਰਗਟ ਸਿੰਘ ਦੇ ਨਾਲ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਲੋਕਲ ਬਾਡੀ ਮੰਤਰੀ ਅਨਿਲ ਜੋਸ਼ੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ। ਆਗੂਆਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਸਿਆਸੀ ਅਤੇ ਕਾਨੂੰਨੀ ਪੱਧਰ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।
- Download Babushahi App
-
-