ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੀ ਰੂਪ ਕੌਰ ਨੇ, ਜਥੇਦਾਰ ਦੇ ਨਾਮ ਸੌਂਪਿਆ ਪੱਤਰ
ਕੁਲਵਿੰਦਰ ਸਿੰਘ
ਅੰਮ੍ਰਿਤਸਰ 9 ਅਕਤੂਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਰੂਪ ਕੌਰ ਸੰਧੂ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਇੱਕ ਬੇਨਤੀ ਪੱਤਰ ਸੌਂਪਿਆ ਗਿਆ। ਇਸ ਦੌਰਾਨ ਰੂਪ ਕੌਰ ਸੰਧੂ ਨੇ ਕਈ ਵਿਅਕਤੀਆਂ ’ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਪਣੇ ਪੱਤਰ ਵਿੱਚ ਮੁਲਜ਼ਮਾਂ ਦੇ ਨਾਮ, ਅਹੁਦੇ ਅਤੇ ਕਥਿਤ ਅਪਰਾਧਾਂ ਬਾਰੇ ਜਾਣਕਾਰੀ ਦਿੱਤੀ ਹੈ। ਉੱਧਰ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੀਏ ਜਸਕਰਨ ਸਿੰਘ ਨੇ ਸਪੱਸ਼ਟ ਕੀਤਾ ਕਿ ਸਕੱਤਰੇਤ ਵਿਖੇ ਸਿਰਫ਼ ਬੇਨਤੀ ਪੱਤਰ ਪ੍ਰਾਪਤ ਹੋਇਆ ਹੈ ਅਤੇ ਅਜੇ ਤੱਕ ਕੋਈ ਪੈੱਨ ਡਰਾਈਵ ਜਾਂ ਪੁਖ਼ਤਾ ਸਬੂਤ ਜਮ੍ਹਾਂ ਨਹੀਂ ਕਰਵਾਏ ਗਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਰੂਪ ਕੌਰ ਸੰਧੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਬੇਨਤੀ ਪੱਤਰ ਦੀ ਰਿਸੀਵਿੰਗ ਵੀ ਪ੍ਰਾਪਤ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਮਾਮਲੇ ਨਾਲ ਸਬੰਧਤ ਕੁਝ ਸਬੂਤ ਮੌਜੂਦ ਹਨ, ਜਿਨ੍ਹਾਂ ਵਿੱਚੋਂ ਕੁਝ ਬਾਰੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਥੇਦਾਰ ਸਾਹਿਬ ਨਾਲ ਫ਼ੋਨ ’ਤੇ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੂੰ ਸੁਰੱਖਿਆ ਦੇ ਨਾਲ-ਨਾਲ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਰੂਪ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਬੇਨਤੀ ਪੱਤਰ ਵਿੱਚ ਤਕਰੀਬਨ ਚਾਰ ਤੋਂ ਪੰਜ ਆਗੂਆਂ ਦੇ ਨਾਮ ਸ਼ਾਮਲ ਹਨ, ਜਦਕਿ ਇਸ ਤੋਂ ਇਲਾਵਾ ਹੋਰ ਚਾਰ-ਪੰਜ ਵਿਅਕਤੀਆਂ ਬਾਰੇ ਵੀ ਜਾਣਕਾਰੀ ਹੈ। ਉਨ੍ਹਾਂ ਦੇ ਦਾਅਵੇ ਮੁਤਾਬਕ ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਅਕਤੀ, ਪੰਥਕ ਸ਼ਖ਼ਸੀਅਤਾਂ ਅਤੇ ਅਕਾਲੀ ਆਗੂ ਸ਼ਾਮਲ ਹਨ। ਹਾਲਾਂਕਿ, ਉਨ੍ਹਾਂ ਨੇ ਫ਼ਿਲਹਾਲ ਕਿਸੇ ਦਾ ਨਾਮ ਜਨਤਕ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਅਤੇ ਹੋਰ ਪੀੜਤ ਬੀਬੀਆਂ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ।
ਪੈੱਨ ਡਰਾਈਵ ਬਾਰੇ ਪੁੱਛੇ ਸਵਾਲ ’ਤੇ ਰੂਪ ਕੌਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅੱਜ ਕੋਈ ਪੈੱਨ ਡਰਾਈਵ ਜਮ੍ਹਾਂ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਸਬੂਤਾਂ ਵਿੱਚ ਔਰਤਾਂ ਨਾਲ ਸਬੰਧਤ ਸੰਵੇਦਨਸ਼ੀਲ ਸਮੱਗਰੀ ਹੋਣ ਕਾਰਨ ਉਹ ਚਾਹੁੰਦੇ ਹਨ ਕਿ ਡਾਟਾ ਲੀਕ ਨਾ ਹੋਣ ਅਤੇ ਪੀੜਤਾਂ ਦੀ ਪਛਾਣ ਜਨਤਕ ਨਾ ਹੋਣ ਸਬੰਧੀ ਭਰੋਸਾ ਮਿਲਣ ਤੋਂ ਬਾਅਦ ਹੀ ਸਬੂਤ ਸੌਂਪੇ ਜਾਣ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਔਰਤਾਂ ਨੂੰ ਇਸ ਮਾਮਲੇ ਵਿੱਚ ਅੱਗੇ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਅਣਪਛਾਤੇ ਨੰਬਰਾਂ ਤੋਂ ਫ਼ੋਨ ਵੀ ਆ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮਾਮਲੇ ਵਿੱਚ ਬਲਾਤਕਾਰ ਅਤੇ ਕਥਿਤ ਅਸ਼ਲੀਲ ਹਰਕਤਾਂ ਨਾਲ ਸਬੰਧਤ ਸ਼ਿਕਾਇਤਾਂ ਹਨ। ਇਨ੍ਹਾਂ ਇਲਜ਼ਾਮਾਂ ਦੀ ਸੁਤੰਤਰ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਦੂਜੇ ਪਾਸੇ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪੀਏ ਜਸਕਰਨ ਸਿੰਘ ਨੇ ਮਾਮਲੇ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਅੱਜ ਰੂਪ ਕੌਰ ਨੂੰ ਮਿਲਣ ਲਈ ਕੋਈ ਸਮਾਂ ਨਹੀਂ ਦਿੱਤਾ ਗਿਆ ਸੀ। ਹਾਲਾਂਕਿ, ਸਕੱਤਰੇਤ ਦਫ਼ਤਰ ਖੁੱਲ੍ਹਾ ਹੋਣ ਕਾਰਨ ਉਨ੍ਹਾਂ ਦਾ ਬੇਨਤੀ ਪੱਤਰ ਪ੍ਰਾਪਤ ਕਰ ਲਿਆ ਗਿਆ। ਉਨ੍ਹਾਂ ਮੁਤਾਬਕ ਪੱਤਰ ਵਿੱਚ ਕੁਝ ਇਲਜ਼ਾਮ ਲਗਾਏ ਗਏ ਹਨ, ਪਰ ਜਦੋਂ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਤਾਂ ਰੂਪ ਕੌਰ ਨੇ ਦੱਸਿਆ ਕਿ ਪੀੜਤ ਬੀਬੀਆਂ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ’ਤੇ ਮਿਲ ਕੇ ਸਬੂਤ ਦੇਣਾ ਚਾਹੁੰਦੀਆਂ ਹਨ।
ਜਸਕਰਨ ਸਿੰਘ ਨੇ ਕਿਹਾ ਕਿ ਧਮਕੀਆਂ ਮਿਲਣ ਦੀ ਸਥਿਤੀ ਵਿੱਚ ਸਬੰਧਤ ਵਿਅਕਤੀਆਂ ਨੂੰ ਤੁਰੰਤ ਪੁਲਿਸ ਪ੍ਰਸ਼ਾਸਨ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੂਪ ਕੌਰ ਦੀ ਜਥੇਦਾਰ ਸਾਹਿਬ ਨਾਲ ਫ਼ੋਨ ’ਤੇ ਗੱਲ ਵੀ ਕਰਵਾਈ ਗਈ ਹੈ ਅਤੇ ਜਥੇਦਾਰ ਸਾਹਿਬ ਵੱਲੋਂ ਸਮਾਂ ਦਿੱਤੇ ਜਾਣ ’ਤੇ ਉਹ ਆਪਣੇ ਸਬੂਤ ਪੇਸ਼ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਫ਼ਿਲਹਾਲ ਸਕੱਤਰੇਤ ਕੋਲ ਕੋਈ ਸਬੂਤ ਜਮ੍ਹਾਂ ਨਹੀਂ ਹੋਇਆ ਹੈ ਅਤੇ ਮਾਮਲੇ ਵਿੱਚ ਅਗਲੀ ਕਾਰਵਾਈ ਸਬੂਤ ਪੇਸ਼ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
- Download Babushahi App
-
-