ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਪਵਿੱਤਰ ਨਗਰੀ ਦੇ ਕੰਮਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਸੱਜਣ ਸਿੰਘ ਚੀਮਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 9 ਅਕਤੂਬਰ — ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਸਫ਼ਾਈ ਪ੍ਰਬੰਧਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (ਈ.ਓ.), ਸੀਵਰੇਜ ਬੋਰਡ ਦੇ ਐਸ.ਡੀ.ਓ., ਜੇ.ਈ. ਅਤੇ ਹੋਰ ਸਬੰਧਤ ਅਧਿਕਾਰੀਆਂ ਤੇ ਪ੍ਰਬੰਧਕਾਂ ਨਾਲ ਸ਼ਹਿਰ ਦੀ ਸਫ਼ਾਈ, ਸੀਵਰੇਜ ਪ੍ਰਬੰਧਾਂ ਅਤੇ ਹੋਰ ਜ਼ਰੂਰੀ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣ ਅਤੇ ਸ਼ਹਿਰ ਵਿੱਚ ਸਫ਼ਾਈ ਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਸਿੱਖ ਧਰਮ ਦੀ ਇਤਿਹਾਸਕ ਅਤੇ ਪਵਿੱਤਰ ਨਗਰੀ ਹੈ, ਜਿੱਥੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਲਈ ਸ਼ਹਿਰ ਵਿੱਚ ਸਫ਼ਾਈ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਵਿੱਚ ਕੋਈ ਢਿੱਲ ਨਹੀਂ ਰਹਿਣੀ ਚਾਹੀਦੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਵਿਕਾਸ ਕਾਰਜ ਪੂਰੀ ਗੰਭੀਰਤਾ, ਜ਼ਿੰਮੇਵਾਰੀ ਅਤੇ ਪਵਿੱਤਰ ਨਗਰੀ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਹਿਰ ਦੇ ਜ਼ਰੂਰੀ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਸੱਜਣ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਪਵਿੱਤਰ ਨਗਰੀ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਬੰਧਤ ਵਿਭਾਗ ਆਪਣੇ ਕੰਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਈਓ ਕਮਲਜੀਤ ਸਿੰਘ ਅਤੇ ਕੌਂਸਲਰ ਰਜੀਵਤ ਧੀਰ ਕੌਂਸਲਰ ਦਿਨੇਸ਼ ਧੀਰ ਕੌਂਸਲਰ ਜਤਿੰਦਰ ਸੇਠੀ ਕੌਂਸਲਰ ਗੁਰਵਿੰਦਰ ਕੌਰ ਸਾਬਕਾ ਕੌਂਸਲਰ ਰਜਿੰਦਰ ਸਿੰਘ ਲਵਪ੍ਰੀਤ ਸਿੰਘ ਅਤੇ ਹੋਰ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ।
- Download Babushahi App
-
-