ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 9 ਅਕਤੂਬਰ 2026 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਾਣਯੋਗ ਪ੍ਰਧਾਨ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਧਾਮੀ ਵੱਲੋਂ ਉੱਘੇ ਸਮਾਜਸੇਵੀ, ਸੀਨੀਅਰ ਅਕਾਲੀ ਆਗੂ ਅਤੇ ਹਲਕਾ ਅਮਲੋਹ ਦੇ ਇੰਚਾਰਜ ਸ੍ਰ. ਗੁਰਪ੍ਰੀਤ ਸਿੰਘ ਅਮਲੋਹ ਨੂੰ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦਾ ਐਡੀਸ਼ਨਲ ਸਕੱਤਰ ਨਾਮਜ਼ਦ ਕੀਤੇ ਜਾਣ ਉਪਰੰਤ ਪਹਿਲੀ ਰਸਮੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ. ਰਘੁਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਾਲਜ ਦੀ ਵਿੱਦਿਅਕ ਤਰੱਕੀ, ਪ੍ਰਬੰਧਕੀ ਕਾਰਜਾਂ ਅਤੇ ਭਵਿੱਖੀ ਵਿਕਾਸ ਨਾਲ ਸਬੰਧਤ ਵੱਖ-ਵੱਖ ਉਸਾਰੂ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸ੍ਰ. ਸੁਖਮਿੰਦਰ ਸਿੰਘ, ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਗੁਰਪ੍ਰੀਤ ਸਿੰਘ ਅਮਲੋਹ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਹਾਰਦਿਕ ਵਧਾਈ ਦਿੱਤੀ ਗਈ
ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਗੁਰਪ੍ਰੀਤ ਸਿੰਘ ਅਮਲੋਹ ਨੂੰ ਵਧਾਈ ਦਿੰਦਿਆਂ ਇਹ ਭਰੋਸਾ ਜਤਾਇਆ ਕਿ ਉਹ ਆਪਣੇ ਦੁਆਰਾ ਪਿਛਲੇ ਲੰਬੇ ਸਮੇਂ ਤੋਂ ਸਮਾਜ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਦਕਾ ਕਾਲਜ ਦੀ ਤਰੱਕੀ ਅਤੇ ਬਿਹਤਰੀ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਗੁਰਪ੍ਰੀਤ ਸਿੰਘ ਅਮਲੋਹ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਲਜ ਦੀਆਂ ਵਿੱਦਿਅਕ ਲੋੜਾਂ ਅਤੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਇਆ
ਇਸ ਮੌਕੇ ਸ੍ਰ. ਗੁਰਪ੍ਰੀਤ ਸਿੰਘ ਅਮਲੋਹ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਕਾਲਜ ਦੀ ਸਰਬਪੱਖੀ ਬਿਹਤਰੀ, ਵਿੱਦਿਅਕ ਉੱਨਤੀ, ਖੇਡਾਂ ਦੇ ਵਿਕਾਸ ਅਤੇ ਸੰਸਥਾ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਨਗੇ
ਇਸ ਮੌਕੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਮੈਨੇਜਮੈਂਟ ਮੈਂਬਰ ਬਲਜੀਤ ਸਿੰਘ ਭੁੱਟਾ, ਮੈਨੇਜਮੈਂਟ ਮੈਂਬਰ ਜਰਨੈਲ ਸਿੰਘ ਮਾਜਰੀ, ਹਰਬੰਸ ਸਿੰਘ ਵਡਾਲੀ, ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਅਤੇ ਮੈਨੇਜਮੈਂਟ ਮੈਂਬਰ ਸ਼ਰਨਜੀਤ ਸਿੰਘ ਚਨਾਰਥਲ, ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕੇ ਤੋਂ ਇੰਚਾਰਜ ਸਰਬਜੀਤ ਸਿੰਘ ਝਿੰਜਰ, ਸਾਬਕਾ ਆਈ.ਏ.ਐੱਸ. ਅਧਿਕਾਰੀ ਅਤੇ ਹਲਕਾ ਇੰਚਾਰਜ ਬੱਸੀ ਪਠਾਣਾਂ ਦਰਬਾਰਾ ਸਿੰਘ ਗੁਰੂ ਦਾ ਵੀ ਕਾਲਜ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ ਅਤੇ ਕਾਲਜ ਦੇ ਸੀਨੀਅਰ ਸਟਾਫ਼ ਮੈਂਬਰ ਹਾਜ਼ਰ ਸਨ
- Download Babushahi App
-
-