ਜਗਰਾਉਂ 'ਚ ਆਮ ਆਦਮੀ ਪਾਰਟੀ ਵੱਲੋਂ ਵਿਜੇ ਦਾਨਵ ਦੀ ਅਗਵਾਈ ਹੇਠ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼, ਉੱਮੜਿਆ ਜਨ ਸੈਲਾਬ
ਜਗਰਾਉਂ(ਦੀਪਕ ਜੈਨ)
ਆਮ ਆਦਮੀ ਪਾਰਟੀ ਦੇ ਆਗੂ ਅਤੇ ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ ਦੀ ਅਗਵਾਈ ਹੇਠ ਅੱਜ ਜਗਰਾਉਂ ਵਿਖੇ 'ਡੋਰ-ਟੂ-ਡੋਰ' ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਜਗਰਾਉਂ ਦੇ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋ ਕੇ ਕਮਲ ਚੌਂਕ ਤੱਕ ਚਲਾਈ ਗਈ। ਇਸ ਮੁਹਿੰਮ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ, ਜਿਸ ਕਾਰਨ ਇਸਨੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਵਿਜੇ ਦਾਨਵ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਗ੍ਹਾ-ਜਗ੍ਹਾ 'ਤੇ ਸਨਮਾਨਿਤ ਵੀ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਵਿਜੇ ਦਾਨਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿੱਚ ਇਹ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਪੂਰੇ ਕੀਤੇ ਗਏ ਵਾਅਦਿਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਨਾ ਸਿਰਫ਼ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਹਨ, ਬਲਕਿ ਉਸ ਤੋਂ ਵੀ ਕਈ ਗੁਣਾ ਵੱਧ ਵਿਕਾਸ ਕਾਰਜ ਕਰਵਾਏ ਹਨ।
'ਮਿਸ਼ਨ 2027' ਬਾਰੇ ਗੱਲ ਕਰਦਿਆਂ ਵਿਜੇ ਦਾਨਵ ਨੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਦਾ ਅੰਕੜਾ ਪਾਰ ਕਰਕੇ ਸ਼ਾਨਦਾਰ ਜਿੱਤ ਦਰਜ ਕਰੇਗੀ।
ਜਗਰਾਉਂ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਨੇੜੇ ਲੱਗਦੇ ਕੂੜੇ ਦੇ ਢੇਰਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਪਾਰੀਆਂ ਨਾਲ ਵਾਅਦਾ ਕੀਤਾ ਕਿ ਕਮਲ ਚੌਂਕ ਵਿੱਚ ਪਿਛਲੇ 25 ਸਾਲਾਂ ਤੋਂ ਬਰਸਾਤੀ ਪਾਣੀ ਦੇ ਖੜ੍ਹਨ ਦੀ ਵੱਡੀ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇਗਾ ਤਾਂ ਜੋ ਉੱਥੇ ਪਾਣੀ ਦੀ ਇੱਕ ਬੂੰਦ ਵੀ ਨਾ ਖੜ੍ਹੇ। ਇਸ ਤੋਂ ਇਲਾਵਾ, ਸ਼ਹਿਰ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਮੰਡੀ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਅੰਤ ਵਿੱਚ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ।
- Download Babushahi App
-
-