CU ਦੇ ‘ਕੈਂਪਸ ਟੈਂਕ’ ਰਾਹੀਂ ਨੌਜਵਾਨਾਂ ਨੂੰ ਮਿਲੇਗੀ ਸਟਾਰਟਅੱਪ ਲਈ ਫੰਡਿੰਗ, ਇਸ ਸਾਲ ਰਜਿਸਟ੍ਰੇਸ਼ਨ ਦੁੱਗਣੀ ਹੋਣ ਦੀ ਉਮੀਦ: ਸਤਨਾਮ ਸੰਧੂ
ਦੇਸ਼ ਦੇ ਨੌਜਵਾਨਾਂ ਦੇ ਨਵੇਂ ਆਈਡੀਆਜ਼ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਸਟਾਰਟਅੱਪ ਵਿੱਚ ਬਦਲਣ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ‘ਕੈਂਪਸ ਟੈਂਕ’ ਪਹਿਲਕਦਮੀ ਤਹਿਤ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਕੈਂਪਸ ਟੈਂਕ ਦੇ ਪਲੇਟਫਾਰਮ ਰਾਹੀਂ ਨੌਜਵਾਨਾਂ ਨੂੰ ਆਪਣੇ ਆਈਡੀਆਜ਼ ਲਈ ਸਹੀ ਮਾਰਗਦਰਸ਼ਨ, ਮਾਹਿਰਾਂ ਦੀ ਸਲਾਹ ਅਤੇ ਫੰਡਿੰਗ ਹਾਸਲ ਕਰਨ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਵਿਕਸਿਤ ਭਾਰਤ 2047 ਦੇ ਟੀਚੇ ਨੂੰ ਹਾਸਲ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਹੈ।
ਸਤਨਾਮ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਸਟਾਰਟਅੱਪ ਦੇ ਖੇਤਰ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਮੁਤਾਬਕ, ਆਜ਼ਾਦੀ ਤੋਂ ਲੈ ਕੇ ਸਾਲ 2014 ਤੱਕ ਦੇਸ਼ ਵਿੱਚ ਸਟਾਰਟਅੱਪ ਦੀ ਗਿਣਤੀ ਲਗਭਗ 400 ਸੀ, ਜਦਕਿ ਹੁਣ ਇਹ ਗਿਣਤੀ 2 ਲੱਖ 23 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਉਨ੍ਹਾਂ ਨੇ ਇਸ ਵਾਧੇ ਦਾ ਸਿਹਰਾ ਨੌਜਵਾਨਾਂ ਨੂੰ ਮਿਲ ਰਹੇ ਮੌਕਿਆਂ ਅਤੇ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਵਾਲੀਆਂ ਪਹਿਲਕਦਮੀਆਂ ਨੂੰ ਦਿੱਤਾ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਟਾਰਟਅੱਪ ਈਕੋਸਿਸਟਮ ਅਤੇ ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੱਖੇ ਗਏ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੈਂਪਸ ਟੈਂਕ ਪਲੇਟਫਾਰਮ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਪਲੇਟਫਾਰਮ ਲਈ 21 ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਹੋਈਆਂ ਸਨ ਅਤੇ ਇਸ ਸਾਲ ਇਹ ਗਿਣਤੀ ਦੁੱਗਣੀ ਤੋਂ ਵੀ ਵੱਧ ਹੋਣ ਦੀ ਉਮੀਦ ਹੈ।
ਸਤਨਾਮ ਸਿੰਘ ਸੰਧੂ ਨੇ ਕੈਂਪਸ ਟੈਂਕ ਨੂੰ ਭਾਰਤੀ ਨੌਜਵਾਨਾਂ ਲਈ ਇੱਕ ਸਵਦੇਸ਼ੀ ਮੰਚ ਕਰਾਰ ਦਿੰਦਿਆਂ ਕਿਹਾ ਕਿ ਇਸ ਰਾਹੀਂ ਦੇਸ਼ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਨਾਲ ਸਬੰਧਤ ਨੌਜਵਾਨ ਆਪਣੇ ਵਿਚਾਰ ਪੇਸ਼ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਕਾਰੋਬਾਰ ਵਿੱਚ ਬਦਲਣ ਲਈ ਲੋੜੀਂਦੀ ਸਹਾਇਤਾ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਮਰੀਕਾ ਵਿੱਚ ਸ਼ਾਰਕ ਟੈਂਕ ਵਰਗੇ ਮੰਚ ਸਟਾਰਟਅੱਪ ਨੂੰ ਨਿਵੇਸ਼ ਦੇ ਮੌਕੇ ਪ੍ਰਦਾਨ ਕਰਦੇ ਹਨ, ਉਸੇ ਤਰ੍ਹਾਂ ਕੈਂਪਸ ਟੈਂਕ ਭਾਰਤ ਦੇ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਮੰਚ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ।
- Download Babushahi App
-
-