ਗੁਰਦੁਆਰਾ ਬੰਗਲਾ ਸਾਹਿਬ ਦੀ ਪਰਿਕਰਮਾ ਨੂੰ ਸਿਆਸੀ ਅਖਾੜਾ ਬਣਾਉਣਾ ਬਰਦਾਸ਼ਤ ਨਹੀਂ: ਕਾਲਕਾ, ਕਾਹਲੋਂ
ਧਾਰਮਿਕ ਮਰਯਾਦਾ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਨਵੀਂ ਦਿੱਲੀ 10 ਅਕਤੂਬਰ, 2026 (ਮਨਮੋਹਨ ਸਿੰਘ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਇੱਕ ਸਾਂਝੇ ਬਿਆਨ ਵਿੱਚ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਜੀ ਦੀ ਪਵਿੱਤਰ ਪਰਿਕਰਮਾ ਨੂੰ ਸਿਆਸੀ ਅੰਦੋਲਨਾਂ ਦਾ ਮੰਚ ਬਣਾਉਣਾ ਅਤੇ ਗੁਰੂ ਘਰ ਦੀ ਮਰਯਾਦਾ ਨਾਲ ਖਿਲਵਾੜ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਅਤੇ ਕਨਾਟ ਪਲੇਸ ਦੇ ਇਲਾਕਿਆਂ ਵਿੱਚ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਕੁਝ ਅੰਦੋਲਨਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਵਿੱਚ ਤਖ਼ਤੀਆਂ ਲੈ ਕੇ ਬੈਠਣਾ ਅਤੇ ਉੱਥੇ ਸਿਆਸੀ ਸਰਗਰਮੀਆਂ ਕਰਨਾ ਬੇਹੱਦ ਇਤਰਾਜ਼ਯੋਗ ਹੈ।
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਦੋਵਾਂ ਆਗੂਆਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਗੁਰੂ ਦੀ ਸ਼ਰਨ ਵਿੱਚ ਆਉਣ, ਨਤਮਸਤਕ ਹੋਣ, ਸੇਵਾ ਕਰਨ ਅਤੇ ਗੁਰੂ ਦਾ ਲੰਗਰ ਛਕਣ ਦਾ ਪਵਿੱਤਰ ਅਸਥਾਨ ਹੈ, ਨਾ ਕਿ ਕਿਸੇ ਸਿਆਸੀ ਪਾਰਟੀ ਜਾਂ ਅੰਦੋਲਨ ਦਾ ਪ੍ਰਚਾਰ ਮੰਚ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ’ਤੇ ਅੰਦੋਲਨ ਕਰਨਾ ਸਬੰਧਤ ਧਿਰਾਂ ਦਾ ਆਪਣਾ ਮਾਮਲਾ ਹੋ ਸਕਦਾ ਹੈ, ਪਰ ਇਸ ਦੀ ਆੜ ਵਿੱਚ ਗੁਰੂ ਘਰ ਦੀ ਮਰਯਾਦਾ ਨੂੰ ਢਾਹ ਲਾਉਣ ਜਾਂ ਧਾਰਮਿਕ ਅਸਥਾਨ ਨੂੰ ਸਿਆਸੀ ਮਨੋਰਥਾਂ ਲਈ ਵਰਤਣ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਹਰ ਸ਼ਰਧਾਲੂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵੱਲੋਂ ਲੋੜਵੰਦਾਂ ਨੂੰ ਲੰਗਰ ਛਕਾਉਣ ਅਤੇ ਜ਼ਰੂਰਤ ਅਨੁਸਾਰ ਠਹਿਰਨ ਦੀ ਸਹੂਲਤ ਦੇਣ ਦੀ ਪ੍ਰੰਪਰਾ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸੇਵਾ ਦੇ ਸਿਧਾਂਤ ’ਤੇ ਆਧਾਰਿਤ ਹੈ, ਪਰ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਦੀ ਆੜ ਵਿੱਚ ਗੁਰਦੁਆਰਾ ਸਾਹਿਬ ਨੂੰ ਅੰਦੋਲਨ ਦਾ ਕੇਂਦਰ ਬਣਾਉਣਾ ਜਾਂ ਉੱਥੇ ਨਾਅਰੇਬਾਜ਼ੀ ਅਤੇ ਸਿਆਸੀ ਸਰਗਰਮੀਆਂ ਕਰਨਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਵੱਲੋਂ ਪੁਲਿਸ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਣ ਸਬੰਧੀ ਕੀਤੇ ਜਾ ਰਹੇ ਪ੍ਰਚਾਰ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲੇ ’ਤੇ ਤੱਥਾਂ ਦੀ ਪੂਰੀ ਜਾਣਕਾਰੀ ਤੋਂ ਬਿਨਾਂ ਬਿਆਨਬਾਜ਼ੀ ਕਰਨਾ ਅਤੇ ਲੋਕਾਂ ਵਿੱਚ ਭਰਮ ਪੈਦਾ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ ਨਾਲ ਜੁੜੇ ਮਾਮਲੇ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਜ਼ਿੰਮੇਵਾਰੀ ਅਤੇ ਸੰਜਮ ਨਾਲ ਪੇਸ਼ ਆਉਣ ਦੀ ਲੋੜ ਹੈ।
ਦੋਵਾਂ ਆਗੂਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਿਊਟੀ ਨਿਭਾ ਰਹੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੂਰੀ ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਸਥਿਤੀ ਨੂੰ ਸੰਭਾਲਿਆ ਅਤੇ ਅੰਦੋਲਨਕਾਰੀਆਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਹੋਰ ਅੱਗੇ ਵਧ ਕੇ ਮਰਯਾਦਾ ਪ੍ਰਭਾਵਿਤ ਕਰਨ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਸੇਵਾਦਾਰਾਂ ਨੇ ਗੁਰੂ ਘਰ ਦੀ ਮਰਯਾਦਾ ਅਤੇ ਪਵਿੱਤਰਤਾ ਦੀ ਰਾਖੀ ਲਈ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾਈ ਹੈ।
ਉਨ੍ਹਾਂ ਅੰਦੋਲਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਲਈ ਲੋਕਤੰਤਰੀ ਢੰਗ ਨਾਲ ਅੰਦੋਲਨ ਕਰਨ, ਪਰ ਗੁਰਦੁਆਰਾ ਬੰਗਲਾ ਸਾਹਿਬ ਜੀ ਦੀ ਪਰਿਕ੍ਰਮਾ ਅਤੇ ਹੋਰ ਪਵਿੱਤਰ ਥਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਆਸੀ ਸਰਗਰਮੀ ਲਈ ਨਾ ਵਰਤਣ। ਉਨ੍ਹਾਂ ਕਿਹਾ ਕਿ ਗੁਰੂ ਘਰ ਵੱਲੋਂ ਲੰਗਰ ਅਤੇ ਲੋੜ ਅਨੁਸਾਰ ਠਹਿਰਨ ਦੀ ਸਹੂਲਤ ਜਾਰੀ ਰਹੇਗੀ, ਪਰ ਧਾਰਮਿਕ ਮਰਯਾਦਾ ਦੀ ਉਲੰਘਣਾ ਜਾਂ ਗੁਰਦੁਆਰਾ ਸਾਹਿਬ ਨੂੰ ਸਿਆਸੀ ਮੰਚ ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ।
ਦੋਵਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਘਰ ਦੀ ਮਰਯਾਦਾ ਸਰਬਉੱਚ ਹੈ ਅਤੇ ਇਸ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਿਆਸੀ ਮੰਤਵਾਂ ਲਈ ਧਾਰਮਿਕ ਅਸਥਾਨਾਂ ਦੀ ਵਰਤੋਂ ਕਰਨ ਦੀ ਬਜਾਏ ਹਰ ਕਿਸੇ ਨੂੰ ਗੁਰੂ ਘਰ ਦੇ ਸਤਿਕਾਰ ਅਤੇ ਮਰਯਾਦਾ ਦੀ ਪਾਲਣਾ ਕਰਨੀ ਚਾਹੀਦੀ ਹੈ।
- Download Babushahi App
-
-