ਪੰਜਾਬ ’ਚ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਮੁਕੰਮਲ, ਕਿਸਾਨਾਂ ਦੇ ਖਾਤਿਆਂ ’ਚ ਪਾਏ 3111 ਕਰੋੜ ਰੁਪਏ
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਫ਼ਸਲ ਦੀ ਖ਼ਰੀਦ, ਅਦਾਇਗੀ ਅਤੇ ਮੰਡੀ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਵਚਨਬੱਧ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਲਗਭਗ 21 ਲੱਖ ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿੱਚੋਂ ਕਰੀਬ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਲਈ ਹੁਣ ਤੱਕ ਲਗਭਗ 3111 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ।
ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਨੌਂ ਖ਼ਰੀਦ ਸੀਜ਼ਨਾਂ ਦੌਰਾਨ ਕਣਕ ਅਤੇ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ, ਫ਼ਸਲ ਦੀ ਖ਼ਰੀਦ ਅਤੇ ਅਦਾਇਗੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਮੌਜੂਦਾ ਸੀਜ਼ਨ ਵਿੱਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਬੀਤੀ ਰਾਤ ਹੋਈ ਬਾਰਿਸ਼ ਕਾਰਨ ਮੰਡੀ ਵਿੱਚ ਪਏ ਝੋਨੇ ਅਤੇ ਬਾਰਦਾਨੇ ਦੇ ਗਿੱਲੇ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਮੌਸਮ ’ਤੇ ਮਨੁੱਖ ਦਾ ਕੋਈ ਵੱਸ ਨਹੀਂ ਹੈ। ਹਾਲਾਂਕਿ, ਮੀਂਹ ਕਾਰਨ ਕਿਸਾਨਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਕਦਮ ਚੁੱਕੇ ਜਾਣਗੇ, ਤਾਂ ਜੋ ਫ਼ਸਲ ਦੀ ਖ਼ਰੀਦ ਅਤੇ ਕਿਸਾਨਾਂ ਦੇ ਕੰਮਕਾਜ ਵਿੱਚ ਬੇਲੋੜੀ ਦੇਰੀ ਨਾ ਹੋਵੇ।
ਇਸ ਮੌਕੇ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ, ਗੁਰਕਿਰਨਦੀਪ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।
- Download Babushahi App
-
-