ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਥਿਤ ਨਾਅਰੇਬਾਜ਼ੀ ਦਾ ਮਾਮਲਾ ਭਖਿਆ; RP Singh ਨੇ ਘੱਟ ਗਿਣਤੀ ਕਮਿਸ਼ਨ ਤੋਂ ਦਖ਼ਲ ਦੀ ਕੀਤੀ ਮੰਗ
Babushahi Network
ਨਵੀਂ ਦਿੱਲੀ, 11 ਅਕਤੂਬਰ 2026: ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਕਥਿਤ ਸਿਆਸੀ ਇਕੱਠ, ਨਾਅਰੇਬਾਜ਼ੀ ਅਤੇ ਪੋਸਟਰ ਦਿਖਾਉਣ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਭਾਜਪਾ ਦੇ ਕੌਮੀ ਬੁਲਾਰੇ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਆਰ.ਪੀ. ਸਿੰਘ ਨੇ ਇਸ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਆਰ.ਪੀ. ਸਿੰਘ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਸਮਰਥਕਾਂ ਅਤੇ ਖੱਬੇ ਪੱਖੀ ਵਿਦਿਆਰਥੀ ਜਥੇਬੰਦੀਆਂ ਨਾਲ ਜੁੜੇ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਪਵਿੱਤਰ ਅਹਾਤੇ ਵਿੱਚ ਸਿਆਸੀ ਸਰਗਰਮੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਇਸ ਘਟਨਾ ਨੂੰ ਸਿੱਖ ਧਾਰਮਿਕ ਭਾਵਨਾਵਾਂ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਨਾਲ ਜੁੜਿਆ ਗੰਭੀਰ ਮਾਮਲਾ ਦੱਸਦਿਆਂ ਇਸ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਭਾਜਪਾ ਆਗੂ ਨੇ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਅਰਦਾਸ, ਆਤਮਿਕ ਸ਼ਾਂਤੀ ਅਤੇ ਸੇਵਾ ਦਾ ਪਵਿੱਤਰ ਅਸਥਾਨ ਹੈ, ਨਾ ਕਿ ਸਿਆਸੀ ਤਾਕਤ ਦਿਖਾਉਣ ਜਾਂ ਨਾਅਰੇਬਾਜ਼ੀ ਕਰਨ ਦੀ ਥਾਂ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਇਤਰਾਜ਼ ਕਿਸੇ ਖ਼ਾਸ ਪਾਰਟੀ ਜਾਂ ਵਿਚਾਰਧਾਰਾ ਵਿਰੁੱਧ ਨਹੀਂ, ਸਗੋਂ ਧਾਰਮਿਕ ਸਥਾਨਾਂ ਦੀ ਮਰਿਆਦਾ ਕਾਇਮ ਰੱਖਣ ਦੇ ਸਿਧਾਂਤ ਨਾਲ ਸਬੰਧਤ ਹੈ। ਉਨ੍ਹਾਂ ਮੁਤਾਬਕ ਹਰ ਸਿਆਸੀ ਪਾਰਟੀ, ਵਿਦਿਆਰਥੀ ਜਥੇਬੰਦੀ ਅਤੇ ਵਿਅਕਤੀ ਲਈ ਇੱਕੋ ਜਿਹੇ ਮਾਪਦੰਡ ਲਾਗੂ ਹੋਣੇ ਚਾਹੀਦੇ ਹਨ।
ਆਰ.ਪੀ. ਸਿੰਘ ਨੇ ਕਮਿਸ਼ਨ ਅੱਗੇ ਪੰਜ ਮੁੱਖ ਮੰਗਾਂ ਰੱਖੀਆਂ ਹਨ। ਉਨ੍ਹਾਂ ਨੇ ਘਟਨਾ ਦਾ ਤੁਰੰਤ ਨੋਟਿਸ ਲੈਣ, ਦਿੱਲੀ ਪੁਲਿਸ ਅਤੇ ਗੁਰਦੁਆਰਾ ਪ੍ਰਬੰਧਕਾਂ ਤੋਂ ਤੱਥਾਂ ਬਾਰੇ ਰਿਪੋਰਟ ਮੰਗਣ ਅਤੇ ਕਥਿਤ ਸਿਆਸੀ ਇਕੱਠ ਤੇ ਨਾਅਰੇਬਾਜ਼ੀ ਦੀ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਮਾਮਲੇ ਵਿੱਚ ਕਿਸੇ ਵੀ ਕਾਨੂੰਨੀ ਅਪਰਾਧ ਦੇ ਸਾਹਮਣੇ ਆਉਣ ’ਤੇ ਐੱਫਆਈਆਰ ਦਰਜ ਕਰਨ ਸਮੇਤ ਢੁੱਕਵੀਂ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕਰਨ ਦੀ ਮੰਗ ਕੀਤੀ।
ਉਨ੍ਹਾਂ ਨੇ ਸਿੱਖ ਧਾਰਮਿਕ ਭਾਵਨਾਵਾਂ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਦੇ ਪੱਖ ਤੋਂ ਮਾਮਲੇ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਧਾਰਮਿਕ ਸਥਾਨਾਂ ਦੀ ਸਿਆਸੀ ਵਰਤੋਂ ਰੋਕਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਬਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦਾ ਮਕਸਦ ਕਿਸੇ ਦੇ ਸ਼ਾਂਤਮਈ ਪ੍ਰਦਰਸ਼ਨ ਜਾਂ ਸਿਆਸੀ ਪ੍ਰਗਟਾਵੇ ਦੇ ਕਾਨੂੰਨੀ ਹੱਕ ਨੂੰ ਰੋਕਣਾ ਨਹੀਂ ਹੈ। ਅਜਿਹੀਆਂ ਗਤੀਵਿਧੀਆਂ ਲਈ ਢੁੱਕਵੇਂ ਮੰਚ ਮੌਜੂਦ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਕੀਤਾ ਜਾਣਾ ਚਾਹੀਦਾ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਵੀ ਕੀਤੀ ਨਿੰਦਾ
ਇਸੇ ਦੌਰਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੀ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਪ੍ਰਦਰਸ਼ਨ ਕਰਨ ਦੀ ਕਥਿਤ ਕੋਸ਼ਿਸ਼ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਤੇ ਇਸ ਮਾਮਲੇ ਨੂੰ ਸਿਆਸੀ ਰੰਗ ਦੇਣ ਦੇ ਦੋਸ਼ ਵੀ ਲਾਏ।
ਕਾਲਕਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸੰਗਤਾਂ ਨਤਮਸਤਕ ਹੋਣ, ਅਰਦਾਸ ਕਰਨ ਅਤੇ ਆਤਮਿਕ ਸਕੂਨ ਪ੍ਰਾਪਤ ਕਰਨ ਲਈ ਆਉਂਦੀਆਂ ਹਨ। ਅਜਿਹੇ ਸਥਾਨ ਨੂੰ ਸਿਆਸੀ ਸਰਗਰਮੀਆਂ ਦਾ ਕੇਂਦਰ ਬਣਾਉਣ ਦੀਆਂ ਕੋਸ਼ਿਸ਼ਾਂ ਮੰਦਭਾਗੀਆਂ ਹਨ। ਫਿਲਹਾਲ, ਇਸ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਅਤੇ ਜਾਂਚ ਨਾਲ ਜੁੜੇ ਤੱਥਾਂ ਦੀ ਉਡੀਕ ਹੈ।
- Download Babushahi App
-
-