ਮੁਲਾਜ਼ਮਾਂ ਵਲੋਂ 22-23 ਦੀ ਸਮੂਹਿਕ ਛੁੱਟੀ ਤੇ ਕੰਮਕਾਜ ਠੱਪ ਕਰਨ ਦਾ ਭਾਜਪਾ ਨੇ ਕੀਤਾ ਸਮਰਥਨ
ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਸੂਬਾ ਸਰਕਾਰ : ਸ਼ਰਮਾ
ਪਠਾਨਕੋਟ, 12 ਅਕਤੂਬਰ 2026 : ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦੇ ਫੈਸਲੇ ਦਾ ਪੰਜਾਬ ਭਾਜਪਾ ਨੇ ਸਮਰਥਨ ਕੀਤਾ ਹੈ। ਇਸ ਮੌਕੇ ਕੀਤੇ ਜਾਣ ਵਾਲੇ ਮੁਜ਼ਾਹਰਿਆਂ ਵਿੱਚ ਸੂਬੇ ਦੇ ਪੈਨਸ਼ਨਰ ਵੀ ਸ਼ਾਮਲ ਹੋਣਗੇ। ਪਠਾਨਕੋਟ ਤੋਂ ਭਾਜਪਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਮੁਲਾਜ਼ਮ ਅਤੇ ਮਜ਼ਦੂਰ ਵਿਰੋਧੀ ਹਨ। ਬਦਲਾਅ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸਰਕਾਰ ਅੱਜ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨ ਲਈ ਵੀ ਤਿਆਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ, ਪੈਨਸ਼ਨਰ ਅਤੇ ਕਾਮੇ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਦੇ ਦਮ ’ਤੇ ਹੀ ਸਮੁੱਚਾ ਪ੍ਰਸ਼ਾਸਨ ਚੱਲਦਾ ਹੈ। ਪਰ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਸਿਰਫ਼ ਝੂਠੇ ਭਰੋਸਿਆਂ ਅਤੇ ਐਲਾਨਾਂ ਵਿੱਚ ਉਲਝਾ ਕੇ ਰੱਖਿਆ ਹੈ। ਹੁਣ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਉਤਰਨ ਅਤੇ ਸਮੂਹਿਕ ਛੁੱਟੀ ਵਰਗਾ ਕਦਮ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਲਈ ਜ਼ਿੰਮੇਵਾਰ ਕੌਣ ਹੈ?
ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸੂਬਾ ਸਰਕਾਰ ਨੂੰ ਖੋਖਲੇ ਬਿਆਨ ਦੇਣ ਦੀ ਬਜਾਏ ਠੋਸ ਫੈਸਲੇ ਲੈਣੇ ਚਾਹੀਦੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ। ਇਨ੍ਹਾਂ ਵਿੱਚ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਏਰੀਅਰ ਤੁਰੰਤ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ, ਠੇਕਾ ਆਧਾਰਿਤ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਤਨਖ਼ਾਹਾਂ, ਭੱਤਿਆਂ ਤੇ ਪੈਨਸ਼ਨ ਨਾਲ ਜੁੜੀਆਂ ਵਿਸੰਗਤੀਆਂ ਦੂਰ ਕਰਨਾ ਸ਼ਾਮਲ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ‘ਆਪ’ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਗੁੰਮਰਾਹ ਕਰਨਾ ਬੰਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
- Download Babushahi App
-
-