ਲੋਕਾਂ ਨੂੰ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵੱਲ ਅਹਿਮ ਕਦਮ: ਅਮਨ ਅਰੋੜਾ
*ਸੁਨਾਮ ਲਈ ਮਨਜ਼ੂਰ 60 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਲਈ ਢੁੱਕਵੀਂ ਥਾਂ ਦੀ ਭਾਲ ਜਾਰੀ; ਕੰਮ ਜਲਦ ਸ਼ੁਰੂ ਕਰਵਾਉਣ ਲਈ ਯਤਨ ਤੇਜ਼
ਚੀਮਾ/ਸੁਨਾਮ, 12 ਅਕਤੂਬਰ:
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਸਬਾ ਚੀਮਾ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅਧੀਨ 15.95 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਵਾਟਰ ਵਰਕਸ ਕੰਪਲੈਕਸ ਵਿਖੇ ਰਿਬਨ ਕੱਟ ਕੇ ਅਤੇ ਕੰਟਰੋਲ ਪੈਨਲ ਦਾ ਸਵਿੱਚ ਦਬਾ ਕੇ ਇਹ ਪ੍ਰੋਜੈਕਟ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੀਮਾ ਦਾ ਇਹ ਪ੍ਰੋਜੈਕਟ ਲੋਕਾਂ ਦੀ ਬੁਨਿਆਦੀ ਲੋੜ ਪੂਰੀ ਕਰਨ ਦੇ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵੱਲ ਵੀ ਅਹਿਮ ਕਦਮ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਹਲਕੇ ਦੇ ਤਿੰਨ ਸ਼ਹਿਰਾਂ—ਸੁਨਾਮ, ਚੀਮਾ ਅਤੇ ਲੌਂਗੋਵਾਲ—ਵਿੱਚ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਾਲ ਜੋੜਨ ਲਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਚੀਮਾ ਵਿਖੇ ਪ੍ਰੋਜੈਕਟ ਦਾ ਉਦਘਾਟਨ ਹੋਣ ਨਾਲ ਇਸ ਦਿਸ਼ਾ ਵਿੱਚ ਇੱਕ ਅਹਿਮ ਪੜਾਅ ਪੂਰਾ ਹੋਇਆ ਹੈ। ਨਹਿਰੀ ਪਾਣੀ ਨੂੰ ਸੋਧ ਕੇ ਜਲ ਸਪਲਾਈ ਪ੍ਰਣਾਲੀ ਰਾਹੀਂ ਲੋਕਾਂ ਤੱਕ ਪਹੁੰਚਾਉਣਾ ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਹੈ।
ਸੁਨਾਮ ਸ਼ਹਿਰ ਦੇ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਲਈ 60 ਕਰੋੜ ਰੁਪਏ ਦੀ ਲਾਗਤ ਵਾਲਾ ਨਹਿਰੀ ਜਲ ਸਪਲਾਈ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ। ਸੁਨਾਮ ਸ਼ਹਿਰ ਦੇ ਪ੍ਰੋਜੈਕਟ ਨੂੰ ਪਵਿੱਤਰ ਸੀਤਾਸਰ ਮੰਦਿਰ ਨਾਲ ਸਬੰਧਤ ਥਾਂ ’ਤੇ ਸਥਾਪਤ ਕਰਨ ਦੀ ਤਜਵੀਜ਼ ਸੀ। ਇਸ ਯੋਜਨਾ ਵਿੱਚ ਸੀਤਾਸਰ ਸਰੋਵਰ ਦੀ ਪਵਿੱਤਰਤਾ ਅਤੇ ਮਰਿਆਦਾ ਕਾਇਮ ਰੱਖਣ, ਸਾਫ਼ ਨਹਿਰੀ ਪਾਣੀ ਦੀ ਨਿਰੰਤਰ ਆਵਾਜਾਈ ਨਾਲ ਸਰੋਵਰ ਦੀ ਸਫ਼ਾਈ ਬਣਾਈ ਰੱਖਣ ਅਤੇ ਆਲੇ-ਦੁਆਲੇ ਦੇ ਖੇਤਰ ਦਾ ਸੁੰਦਰੀਕਰਨ ਕਰਨ ਦੀ ਸੋਚ ਵੀ ਸ਼ਾਮਲ ਸੀ, ਪਰ ਤਜਵੀਜ਼ ਉੱਥੇ ਸਿਰੇ ਨਹੀਂ ਚੜ੍ਹ ਸਕੀ।
ਹੁਣ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਵੱਲੋਂ ਪ੍ਰੋਜੈਕਟ ਲਈ ਨਵੀਂ ਢੁੱਕਵੀਂ ਥਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀ ਥਾਂ ਅਤੇ ਹੋਰ ਕਾਰਵਾਈਆਂ ਮੁਕੰਮਲ ਕਰ ਕੇ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਕਰਵਾਉਣ ਲਈ ਯਤਨ ਤੇਜ਼ ਕੀਤੇ ਜਾ ਰਹੇ ਹਨ, ਤਾਂ ਜੋ ਸੁਨਾਮ ਵਾਸੀਆਂ ਨੂੰ ਵੀ ਨਹਿਰੀ ਪਾਣੀ ਦੀ ਸਹੂਲਤ ਮਿਲ ਸਕੇ।
ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ’ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਜਲ ਸਰੋਤਾਂ ’ਤੇ ਵਧਦਾ ਦਬਾਅ ਗੰਭੀਰ ਚੁਣੌਤੀ ਹੈ। ਵਧਦੀ ਆਬਾਦੀ ਅਤੇ ਪਾਣੀ ਦੀਆਂ ਵਧਦੀਆਂ ਲੋੜਾਂ ਦੇ ਮੱਦੇਨਜ਼ਰ ਕੇਵਲ ਧਰਤੀ ਹੇਠਲੇ ਪਾਣੀ ’ਤੇ ਨਿਰਭਰ ਰਹਿਣ ਦੀ ਬਜਾਏ ਨਹਿਰੀ ਪਾਣੀ ਵਰਗੇ ਬਦਲਵੇਂ ਸਰੋਤਾਂ ਦੀ ਸੁਚੱਜੀ ਵਰਤੋਂ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀਣ ਵਾਲੇ ਪਾਣੀ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ ਜਲ ਸਰੋਤਾਂ ਦੀ ਸੰਭਾਲ ਨੂੰ ਵੀ ਤਰਜੀਹ ਦੇ ਰਹੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਸਾਫ਼ ਪੀਣਯੋਗ ਪਾਣੀ ਦੀ ਉਪਲਬਧਤਾ ਲੋਕਾਂ ਦੀ ਸਿਹਤ ਅਤੇ ਜੀਵਨ ਦੀ ਗੁਣਵੱਤਾ ਨਾਲ ਸਿੱਧੇ ਤੌਰ ’ਤੇ ਜੁੜੀ ਹੋਈ ਹੈ। ਇਸ ਲਈ ਨਹਿਰੀ ਜਲ ਸਪਲਾਈ ਪ੍ਰੋਜੈਕਟ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਵੀ ਯੋਗਦਾਨ ਪਾਉਣਗੇ।
ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਇਸ ਦੀ ਬੇਲੋੜੀ ਬਰਬਾਦੀ ਰੋਕਣ ਦੀ ਅਪੀਲ ਕਰਦਿਆਂ ਕਿਹਾ ਕਿ ਜਲ ਸੰਭਾਲ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ, ਸਥਾਨਕ ਨਗਰ ਕੌਂਸਲ ਦੇ ਪ੍ਰਤੀਨਿਧ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
- Download Babushahi App
-
-