ਕਿਸਾਨਾਂ ਦੀ ਫ਼ਸਲ ਬਰਬਾਦ ਹੋਣ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ: ਪਰਗਟ ਸਿੰਘ
ਭਾਜਪਾ ਦੀ ਬੀ-ਟੀਮ ‘ਆਪ’ ਨੇ ਪੰਜਾਬ ਦੇ ਮੰਡੀਕਰਨ ਸਿਸਟਮ ਨੂੰ ਕਮਜ਼ੋਰ ਕੀਤਾ
ਇੱਕ-ਇੱਕ ਦਾਣਾ ਚੁੱਕਣ ਦੇ ਦਾਅਵੇ ਕਰਨ ਵਾਲੀ ਮਾਨ ਸਰਕਾਰ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕਰਨ ਵਿੱਚ ਨਾਕਾਮ
ਪ੍ਰਦੇਸ਼ ਪ੍ਰਧਾਨ ਦੀ ਅਪੀਲ-‘ਸਮੱਸਿਆ ਆਵੇ ਤਾਂ ਮੈਨੂੰ ਦੱਸੋ, ਮੈਂ ਖ਼ੁਦ ਮੰਡੀ ਪਹੁੰਚਾਂਗਾ’
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਰਾਂ ਨੂੰ ਕਿਸਾਨਾਂ ਦੀ ਮਦਦ ਲਈ ਮੈਦਾਨ ਵਿੱਚ ਉਤਰਨ ਦੀ ਅਪੀਲ
ਚੰਡੀਗੜ੍ਹ, 12 ਅਕਤੂਬਰ, 2026:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਬੇਮੌਸਮੀ ਬਾਰਿਸ਼ ਅਤੇ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਸੰਭਾਲ ਲਈ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਛੇ ਮਹੀਨਿਆਂ ਦੀ ਸਖ਼ਤ ਮਿਹਨਤ, ਭਾਰੀ ਖ਼ਰਚੇ ਅਤੇ ਅਨੇਕਾਂ ਮੁਸ਼ਕਲਾਂ ਤੋਂ ਬਾਅਦ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਪਹੁੰਚਦੇ ਹਨ, ਪਰ ਉੱਥੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਉਨ੍ਹਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ। ਇਹ ਸਰਕਾਰ ਦੀ ਨਾਕਾਮੀ ਦਾ ਬੇਹੱਦ ਗੰਭੀਰ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਇੱਕ-ਇੱਕ ਦਾਣਾ ਖ਼ਰੀਦਣ ਦੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਸਾਬਤ ਹੋਏ ਹਨ। ਇੱਥੋਂ ਤੱਕ ਕਿ ਕਿਸਾਨਾਂ ਨੂੰ ਫ਼ਸਲ ਦੀ ਖ਼ਰੀਦ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਹੋ ਰਿਹਾ। ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸੰਭਾਲ, ਖ਼ਰੀਦ ਅਤੇ ਅਦਾਇਗੀ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਕੇਂਦਰ ਸਰਕਾਰ ’ਤੇ ਤਨਜ਼ ਕੱਸਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦਾ ਮੰਡੀਕਰਨ ਸਿਸਟਮ ਦੇਸ਼ ਵਿੱਚ ਕਿਸਾਨਾਂ ਦੀ ਉਪਜ ਦੀ ਖ਼ਰੀਦ ਅਤੇ ਉਸ ਨੂੰ ਬਾਜ਼ਾਰ ਤੱਕ ਪਹੁੰਚਾਉਣ ਲਈ ਇੱਕ ਮਜ਼ਬੂਤ ਪ੍ਰਣਾਲੀ ਵਜੋਂ ਵਿਕਸਤ ਹੋਇਆ ਸੀ। ਪਰ ਕੇਂਦਰ ਸਰਕਾਰ ਦੀਆਂ ਨੀਤੀਆਂ ਨੇ ਇਸ ਨੂੰ ਕਮਜ਼ੋਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਹੁਣ ਭਾਜਪਾ ਦੀ ਬੀ-ਟੀਮ ਆਮ ਆਦਮੀ ਪਾਰਟੀ ਵੀ ਪੰਜਾਬ ਦੀ ਮੰਡੀਕਰਨ ਵਿਵਸਥਾ ਨੂੰ ਕਮਜ਼ੋਰ ਕਰਨ ਵਿੱਚ ਲੱਗੀ ਹੋਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਮੰਡੀਕਰਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਸੁਰੱਖਿਆ, ਸਮੇਂ ਸਿਰ ਖ਼ਰੀਦ, ਲਿਫ਼ਟਿੰਗ ਅਤੇ ਭੰਡਾਰਨ ਦੇ ਲੋੜੀਂਦੇ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਅਤੇ ਉਸ ਦੀ ਸਮੇਂ ਸਿਰ ਖ਼ਰੀਦ ਤੇ ਚੁਕਾਈ ਲਈ ਪਹਿਲਾਂ ਤੋਂ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਸਾਰਾ ਦੋਸ਼ ਮੌਸਮ ’ਤੇ ਮੜ੍ਹ ਕੇ ਆਪਣੀ ਪ੍ਰਸ਼ਾਸਨਿਕ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।
ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ-ਆਪਣੇ ਇਲਾਕਿਆਂ ਦੀਆਂ ਮੰਡੀਆਂ ਵਿੱਚ ਪਹੁੰਚਣ, ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਮੰਡੀਆਂ ਵਿੱਚ ਫ਼ਸਲ ਦੀ ਸਥਿਤੀ, ਖ਼ਰੀਦ ਪ੍ਰਕਿਰਿਆ, ਲਿਫ਼ਟਿੰਗ, ਭੰਡਾਰਨ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਹੋਰ ਮੁਸ਼ਕਲਾਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਮੁੱਦਿਆਂ ਨੂੰ ਪ੍ਰਸ਼ਾਸਨ ਸਾਹਮਣੇ ਮਜ਼ਬੂਤੀ ਨਾਲ ਉਠਾਉਣ।
ਉਨ੍ਹਾਂ ਕਿਹਾ, “ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਮੈਨੂੰ ਦੱਸੋ, ਮੈਂ ਖ਼ੁਦ ਉੱਥੇ ਪਹੁੰਚਾਂਗਾ। ਕਿਸਾਨਾਂ ਦੀ ਆਵਾਜ਼ ਬੁਲੰਦ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਡਟ ਕੇ ਖੜ੍ਹਨਾ ਸਾਡੀ ਜ਼ਿੰਮੇਵਾਰੀ ਹੈ।”
- Download Babushahi App
-
-