ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ: ਅਜੇਪਾਲ ਸਿੰਘ ਬਰਾੜ
ਪੰਜਾਬੀ ਸਰਕਾਰ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਅਸਫਲ: ਅਜੇਪਾਲ ਸਿੰਘ ਬਰਾੜ
ਮੋਹਾਲੀ 13 ਅਕਤੂਬਰ,2026
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਲਈ ਸਿੱਧੇ ਤੌਰ ’ਤੇ ਜਵਾਬਦੇਹ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਸਥਾਪਤ ਕਰਨ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ?
ਸਰਦਾਰ ਬਰਾੜ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਿਆਂ ਦੇ ਵਿਰੁੱਧ ਸਰਗਰਮੀ ਨਾਲ ਆਵਾਜ਼ ਉਠਾ ਰਹੇ ਸਨ। ਉਹ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਵੀ ਕਰਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਦੇ ਕਈ ਵਾਰ ਝਗੜੇ ਹੋਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਸਨ। ਉਨ੍ਹਾਂ ਦੀ ਪਹਿਲਕਦਮੀ ’ਤੇ ਕਈ ਪੰਚਾਇਤਾਂ ਵੱਲੋਂ ਨਸ਼ਿਆਂ ਵਿਰੁੱਧ ਮਤੇ ਪਾਸ ਕੀਤੇ ਜਾਣਾ ਇਸ ਗੱਲ ਦਾ ਸੰਕੇਤ ਹੈ ਕਿ ਉਹ ਆਪਣੇ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਤ ਸਨ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰਦੀ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਅਤੇ ਅਪਰਾਧਿਕ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਦੀ ਜਾਨ ਦੀ ਰਾਖੀ ਕਰਨ ਅਤੇ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਅਸਫਲ ਰਹਿੰਦੀ ਹੈ, ਉਸ ਨੂੰ ਆਪਣੀ ਜਵਾਬਦੇਹੀ ਤੋਂ ਭੱਜਣ ਦਾ ਕੋਈ ਹੱਕ ਨਹੀਂ।
ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਕਾਤਲਾਂ ਅਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਦੇ ਨਾਲ ਹੀ ਮਾਨਸਾ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਦੀ ਡੂੰਘਾਈ ਨਾਲ ਜਾਂਚ ਕਰਕੇ ਇਸ ਦੇ ਪਿੱਛੇ ਕੰਮ ਕਰ ਰਹੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾਵੇ।
ਸਰਦਾਰ ਬਰਾੜ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਸ ਗੰਭੀਰ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਇਆ ਜਾ ਸਕੇ ਅਤੇ ਸੂਬੇ ਵਿੱਚ ਕਾਨੂੰਨ ਦਾ ਰਾਜ ਮੁੜ ਸਥਾਪਤ ਹੋ ਸਕੇ।
- Download Babushahi App
-
-