ਬਠਿੰਡਾ ਦੇ ਨਿਊ ਫੋਕਲ ਪੁਆਇੰਟ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 66 ਕੇ ਵੀ ਗਰਿੱਡ
ਮੇਅਰ ਪਦਮਜੀਤ ਸਿੰਘ ਮਹਿਤਾ ਨੇ ਰੱਖਿਆ ਨੀਂਹ ਪੱਥਰ
ਬਠਿੰਡਾ, 13 ਅਕਤੂਬਰ 2026 :ਬਠਿੰਡਾ ਸ਼ਹਿਰ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਗਤੀ ਦੇਣ ਅਤੇ ਉਦਯੋਗਪਤੀਆਂ ਸਮੇਤ ਆਮ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਡੱਬਵਾਲੀ ਰੋਡ ਸਥਿਤ ਨਿਊ ਫੋਕਲ ਪੁਆਇੰਟ ਵਿਖੇ 66 ਕੇਵੀ ਗਰਿੱਡ ਦਾ ਨੀਂਹ ਪੱਥਰ ਰੱਖਿਆ। ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਗਰਿੱਡ ਦੇ ਨਿਰਮਾਣ ਨਾਲ ਫੋਕਲ ਪੁਆਇੰਟ, ਗ੍ਰੋਥ ਸੈਂਟਰ ਅਤੇ ਆਲੇ-ਦੁਆਲੇ ਦੇ ਪ੍ਰਮੁੱਖ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਮਜ਼ਬੂਤ ਹੋਵੇਗੀ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ), ਬਠਿੰਡਾ ਦੇ ਚੀਫ਼ ਇੰਜੀਨੀਅਰ ਸ਼੍ਰੀ ਹਰਪ੍ਰੀਤ ਸਿੰਘ, ਐੱਸਈ ਸ਼੍ਰੀ ਗੋਠਵਾਲ, ਐਕਸੀਅਨ ਸ਼੍ਰੀ ਸੰਦੀਪ ਗਰਗ, ਵਾਰਡ ਨੰਬਰ 28 ਦੇ ਕੌਂਸਲਰ ਸ਼੍ਰੀ ਬਲਕਾਰ ਸਿੰਘ, ਵਾਰਡ ਨੰਬਰ 24 ਦੇ ਕੌਂਸਲਰ ਸ਼੍ਰੀ ਵਿਕਰਮ ਕ੍ਰਾਂਤੀ, ਬਠਿੰਡਾ ਚੈਂਬਰ ਆਫ਼ ਕਾਮਰਸ ਦੇ ਪ੍ਰਧਾਨ ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਨਿਊ ਫੋਕਲ ਪੁਆਇੰਟ ਦੇ ਪ੍ਰਧਾਨ ਸ਼੍ਰੀ ਮੁਕੇਸ਼ ਜਿੰਦਲ, ਸਕੱਤਰ ਸ਼੍ਰੀ ਅਮਿਤ ਕਤਿਆਲ, ਸਕੱਤਰ ਸ਼੍ਰੀ ਰਿੰਕੂ ਸਿੰਗਲਾ, ਕੈਸ਼ੀਅਰ ਸ਼੍ਰੀ ਦਵਿੰਦਰ ਸੋਨੀ, ਸ਼੍ਰੀ ਕੁਨਾਲ ਗੁਪਤਾ, ਸ਼੍ਰੀ ਰੌਕੀ ਬਾਂਸਲ, ਸ਼੍ਰੀ ਨਾਰਾਇਣ ਮਿੱਤਲ, ਸ਼੍ਰੀ ਮੰਗੂ ਰਾਮ ਮਿੱਤਲ ਸਮੇਤ ਫੋਕਲ ਪੁਆਇੰਟ ਦੇ ਕਈ ਉਦਯੋਗਪਤੀ ਮੌਜੂਦ ਸਨ।
ਨੀਂਹ ਪੱਥਰ ਰੱਖਣ ਉਪਰੰਤ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਕਾਰੋਬਾਰ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨ ਕਰ ਰਹੀ ਹੈ। ਉਦਯੋਗਾਂ ਦੀ ਤਰੱਕੀ ਕਿਸੇ ਵੀ ਸੂਬੇ ਦੀ ਆਰਥਿਕ ਮਜ਼ਬੂਤੀ ਦਾ ਅਹਿਮ ਆਧਾਰ ਹੁੰਦੀ ਹੈ। ਇਸ ਲਈ ਉਦਯੋਗਿਕ ਖੇਤਰਾਂ ਵਿੱਚ ਬਿਜਲੀ, ਸੜਕਾਂ, ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਰੌਸ਼ਨ ਪੰਜਾਬ’ ਪ੍ਰੋਜੈਕਟ ਤਹਿਤ ਪੀਐੱਸਪੀਸੀਐੱਲ ਦੇ ਸਹਿਯੋਗ ਨਾਲ ਡੱਬਵਾਲੀ ਰੋਡ ਸਥਿਤ ਫੋਕਲ ਪੁਆਇੰਟ ਵਿਖੇ 66 ਕੇਵੀ ਗਰਿੱਡ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਧ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਦਾ ਨਿਰਮਾਣ ਕਾਰਜ ਅਗਲੇ ਚਾਰ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਮੇਅਰ ਨੇ ਕਿਹਾ ਕਿ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਗਰਿੱਡ ਖੇਤਰ ਵਿੱਚ ਬਿਜਲੀ ਸਪਲਾਈ ਦੀ ਸਮਰੱਥਾ ਅਤੇ ਪ੍ਰਬੰਧ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਨਾਲ ਉਦਯੋਗਿਕ ਇਕਾਈਆਂ ਨੂੰ ਬਿਜਲੀ ਸਬੰਧੀ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਖੇਤਰ ਦੇ ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਵੀ ਲਾਭ ਪਹੁੰਚੇਗਾ।
ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਡੱਬਵਾਲੀ ਰੋਡ ’ਤੇ ਕਰੀਬ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸਥਿਤ ਪ੍ਰਮੁੱਖ ਖੇਤਰਾਂ, ਖ਼ਾਸ ਕਰਕੇ ਫੋਕਲ ਪੁਆਇੰਟ ਅਤੇ ਗ੍ਰੋਥ ਸੈਂਟਰ ਲਈ ਇਹ ਗਰਿੱਡ ਬੇਹੱਦ ਮਹੱਤਵਪੂਰਨ ਸਾਬਤ ਹੋਵੇਗਾ। ਇਸ ਪ੍ਰੋਜੈਕਟ ਨਾਲ ਕਰੀਬ ਤਿੰਨ ਵਾਰਡਾਂ ਦੇ ਲਗਭਗ 8,000 ਖਪਤਕਾਰਾਂ ਨੂੰ ਸਿੱਧੇ ਤੌਰ ’ਤੇ ਲਾਭ ਮਿਲਣ ਦੀ ਉਮੀਦ ਹੈ, ਜਦਕਿ ਕਰੀਬ 10,000 ਹੋਰ ਖਪਤਕਾਰਾਂ ਨੂੰ ਅਸਿੱਧੇ ਤੌਰ ’ਤੇ ਫਾਇਦਾ ਪਹੁੰਚੇਗਾ।
ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਦੀ ਬਿਹਤਰ ਉਪਲਬਧਤਾ ਨਾਲ ਉਦਯੋਗਪਤੀਆਂ ਨੂੰ ਆਪਣਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ। ਬਿਜਲੀ ਪ੍ਰਣਾਲੀ ਮਜ਼ਬੂਤ ਹੋਣ ਨਾਲ ਉਤਪਾਦਨ, ਵਪਾਰਕ ਕੰਮਕਾਜ ਅਤੇ ਸਥਾਨਕ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਆਲੇ-ਦੁਆਲੇ ਦੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਬਿਹਤਰ ਬਿਜਲੀ ਸਹੂਲਤਾਂ ਦਾ ਲਾਭ ਮਿਲ ਸਕੇਗਾ।
ਮੇਅਰ ਨੇ ਕਿਹਾ ਕਿ ਫੋਕਲ ਪੁਆਇੰਟ ਦੇ ਉਦਯੋਗਪਤੀ ਪਿਛਲੇ ਤਿੰਨ ਤੋਂ ਚਾਰ ਸਾਲਾਂ ਤੋਂ ਇਸ ਗਰਿੱਡ ਦੀ ਮੰਗ ਕਰ ਰਹੇ ਸਨ। ਹੁਣ ਇਸ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬਠਿੰਡਾ ਦੇ ਉਦਯੋਗਿਕ ਖੇਤਰਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ।
ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਦਯੋਗਾਂ ਨੂੰ ਮਜ਼ਬੂਤ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਬੇਲੋੜੀ ਮੁਸ਼ਕਲ ਦੇ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਸਕਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਯੋਗਦਾਨ ਪਾ ਸਕਣ।
ਉਨ੍ਹਾਂ ਕਿਹਾ ਕਿ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਵੀ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ’ਤੇ ਕੰਮ ਕਰਵਾ ਰਹੇ ਹਨ। ਉਦਯੋਗਿਕ ਖੇਤਰਾਂ ਵਿੱਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਨਾਲ-ਨਾਲ ਪਾਣੀ ਅਤੇ ਸੀਵਰੇਜ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਯਤਨ ਕੀਤੇ ਗਏ ਹਨ।
ਸ਼੍ਰੀ ਅਮਰਜੀਤ ਮਹਿਤਾ ਨੇ ਦੱਸਿਆ ਕਿ ਗ੍ਰੋਥ ਸੈਂਟਰ, ਆਈਟੀਆਈ ਇੰਡਸਟਰੀਅਲ ਏਰੀਆ ਅਤੇ ਨਿਊ ਫੋਕਲ ਪੁਆਇੰਟ, ਡੱਬਵਾਲੀ ਰੋਡ ਵਿਖੇ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪਾਣੀ ਦੀ ਸਪਲਾਈ ਅਤੇ ਸੀਵਰੇਜ ਪਾਈਪਲਾਈਨ ਪ੍ਰੋਜੈਕਟਾਂ ਰਾਹੀਂ ਉਦਯੋਗਿਕ ਖੇਤਰਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਜੋੜਨ ਦਾ ਕੰਮ ਵੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਦਯੋਗਾਂ ਦੀ ਤਰੱਕੀ ਨਾਲ ਨਾ ਸਿਰਫ਼ ਕਾਰੋਬਾਰ ਮਜ਼ਬੂਤ ਹੁੰਦਾ ਹੈ, ਸਗੋਂ ਰੁਜ਼ਗਾਰ ਦੇ ਮੌਕੇ ਵੀ ਵਧਦੇ ਹਨ। ਇਸ ਲਈ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕਰਨਾ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਦੇ ਉਦਯੋਗਿਕ ਵਿਕਾਸ ਲਈ ਭਵਿੱਖ ਵਿੱਚ ਵੀ ਲਗਾਤਾਰ ਕੰਮ ਕੀਤਾ ਜਾਂਦਾ ਰਹੇਗਾ।
ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਦੇ ਨਾਲ-ਨਾਲ ਇੱਥੋਂ ਦੇ ਉਦਯੋਗਾਂ ਅਤੇ ਵਪਾਰਕ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਦੀ ਪ੍ਰਕਿਰਿਆ ਵਿੱਚ ਉਦਯੋਗਿਕ ਖੇਤਰਾਂ ਦੀਆਂ ਲੋੜਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ, ਤਾਂ ਜੋ ਬਠਿੰਡਾ ਵਿਕਾਸ, ਵਪਾਰ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਨਵੀਆਂ ਪ੍ਰਾਪਤੀਆਂ ਹਾਸਲ ਕਰ ਸਕੇ।
- Download Babushahi App
-
-