ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਦੀ ਲੜੀਵਾਰ ਸ਼ੁਰੂਆਤ ਅਤੇ ਸਫ਼ਲ ਸੰਚਾਲਨ ਲੋਕਾਂ ਨੂੰ ਬੇਹਤਰੀਨ ਸਿਹਤ ਸਹੂਲਤਾਂ ਦੇਣ ਦਾ ਉਪਰਾਲਾ: ਕੁਲਵੰਤ ਸਿੰਘ
ਵਿਧਾਇਕ ਕੁਲਵੰਤ ਸਿੰਘ ਵੱਲੋਂ ਤੰਗੋਰੀ ਵਿਖੇ ਮੋਹਾਲੀ ਹਲਕੇ ਦੇ 10ਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ
ਪੰਜਾਬ ਵਿੱਚ ਹੁਣ 1245 ਮੁਹੱਲਾ ਕਲੀਨਿਕਾਂ ਰਾਹੀਂ ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਮਿਲੇਗਾ ਮੁਫ਼ਤ ਇਲਾਜ
ਮੁਹੱਲਾ ਕਲੀਨਿਕਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਟੈਸਟ ਮੁਫ਼ਤ ਉਪਲਬਧ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਤੰਗੋਰੀ ਵਿਖੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਐਸ ਏ ਐਸ ਨਗਰ (ਮੋਹਾਲੀ) ਵਿਧਾਨ ਸਭਾ ਹਲਕੇ ਦੇ 10ਵੇਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅੱਜ 154 ਨਵੇਂ ਮੁਹੱਲਾ ਕਲੀਨਿਕ ਖੁੱਲ੍ਹਣ ਨਾਲ 1245 ਮੁਹੱਲਾ ਕਲੀਨਿਕ ਹੋ ਗਏ ਹਨ, ਜਿੱਥੇ ਰੋਜ਼ਾਨਾ ਹਜ਼ਾਰਾਂ ਮਰੀਜ਼ ਇਲਾਜ ਕਰਵਾ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।
ਵਿਧਾਇਕ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਨਾਲ ਤੰਗੋਰੀ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਜਾਂਚ, ਲੋੜੀਂਦੇ ਟੈਸਟਾਂ ਅਤੇ ਦਵਾਈਆਂ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਇਸ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮੁਹੱਲਾ ਕਲੀਨਿਕਾਂ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਲਾਗੂ ਕਰਨ ਅਤੇ ਆਮ ਲੋਕਾਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਸੁਧਾਰਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਤੰਗੋਰੀ ਦੀ ਪੰਚਾਇਤ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸਰਕਾਰੀ ਸਹੂਲਤਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ।
ਵਿਧਾਇਕ ਨੇ ਦੱਸਿਆ ਕਿ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਇਸ ਤੋਂ ਪਹਿਲਾਂ ਲਾਂਡਰਾਂ, ਲਖਨੌਰ, ਸੈਕਟਰ-69, ਫੇਜ਼-11, ਫੇਜ਼-9, ਫੇਜ਼-7, ਫੇਜ਼-5, ਫੇਜ਼-1 ਅਤੇ ਬਲੌਂਗੀ ਵਿਖੇ ਮੁਹੱਲਾ ਕਲੀਨਿਕ ਚੱਲ ਰਹੇ ਹਨ। ਤੰਗੋਰੀ ਵਿਖੇ ਨਵੇਂ ਕਲੀਨਿਕ ਦੀ ਸ਼ੁਰੂਆਤ ਨਾਲ ਹਲਕੇ ਵਿੱਚ ਇਨ੍ਹਾਂ ਦੀ ਗਿਣਤੀ 10 ਹੋ ਗਈ ਹੈ।
ਰੁਜ਼ਗਾਰ ਦੇ ਮੁੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ 80 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨੌਕਰੀਆਂ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦੇਣ ਦੇ ਆਧਾਰ 'ਤੇ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਪ੍ਰਤੀ ਦੋ ਮਹੀਨੇ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਖੇਡਾਂ ਦੇ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ 'ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਕੋਚ ਅਤੇ ਲੋੜੀਂਦਾ ਖੇਡ ਸਾਮਾਨ ਮੁਹੱਈਆ ਕਰਵਾਉਣ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਉਦੋਂ ਹੀ ਮਿਲਦਾ ਹੈ ਜਦੋਂ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਪ੍ਰਾਪਤ ਹੋਵੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਰਪੰਚ ਕੁਲਦੀਪ ਸਿੰਘ, ਜਗਜੀਤ ਸਿੰਘ, ਜਸਵੀਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਸਤਨਾਮ ਸਿੰਘ, ਤਲਵਿੰਦਰ ਸਿੰਘ, ਐਸ.ਐਮ.ਓ. ਘੜੂੰਆਂ ਡਾ. ਪ੍ਰੀਤ ਮੋਹਨ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਸਤਨਾਮ ਸਿੰਘ ਬਾਲਕ, ਸਤਨਾਮ ਸਿੰਘ ਸਰਪੰਚ, ਅਮਨਦੀਪ ਸਿੰਘ ਸਰਪੰਚ, ਗੁਰਦੇਸ ਸਿੰਘ ਸਰਪੰਚ, ਜਗਤਾਰ ਸਿੰਘ ਪੰਚ, ਹਰਮੇਸ਼ ਸਿੰਘ ਕੁੰਬੜਾ, ਅਮਰਜੀਤ ਸਿੰਘ ਸਿੱਧੂ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਕੁਰੜਾ, ਚੇਤਨ ਸ਼ਰਮਾ ਨਗਾਰੀ, ਬਲਜੀਤ ਸਿੰਘ ਹੈਪੀ ਅਤੇ ਪਰਗਟ ਸਿੰਘ ਰਾਏਪੁਰ ਕਲਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
- Download Babushahi App
-
-