ਪਰਵਿੰਦਰ ਝੋਟਾ ਕਤਲ ਮਾਮਲਾ: ਬਰਨਾਲਾ ਬੰਦ ਦੌਰਾਨ ਕਾਂਗਰਸੀ ਵਿਧਾਇਕ ਕਾਲਾ ਢਿੱਲੋਂ ਨੇ ਚੁੱਕੇ ਸਵਾਲ, ਨਸ਼ਾ ਤਸਕਰਾਂ ਦਾ ਨੈੱਟਵਰਕ ਤੋੜਨ ਦੀ ਮੰਗ
Kamaljeet Singh
ਬਰਨਾਲਾ, 15 ਅਕਤੂਬਰ, 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸੱਦੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਬਰਨਾਲਾ ਵਿੱਚ ਵੀ ਵਿਆਪਕ ਰੂਪ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਇਸ ਮੌਕੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਸਰਕਾਰ ਅਤੇ ਪ੍ਰਸ਼ਾਸਨ 'ਤੇ ਨਿਸ਼ਾਨਾ: ਕਾਲਾ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਆਪਣੀ ਜਾਨ ਤੱਕ ਗੁਆਉਣੀ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰੀ ਦੀ ਸਪਲਾਈ ਲੜੀ (Supply Chain) ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ ਅਤੇ ਸਿਰਫ਼ ਛੋਟੇ ਤਸਕਰਾਂ ਜਾਂ ਨਸ਼ੇੜੀਆਂ ਨੂੰ ਫੜਨ ਦੀ ਬਜਾਏ ਅਸਲ ਸਰੋਤਾਂ ਤੱਕ ਪਹੁੰਚਿਆ ਜਾਵੇ।
ਨੌਜਵਾਨਾਂ ਦੇ ਮੁੜ ਵਸੇਬੇ ਅਤੇ ਸੁਰੱਖਿਆ 'ਤੇ ਜ਼ੋਰ: ਕਾਂਗਰਸੀ ਵਿਧਾਇਕ ਨੇ ਸੁਝਾਅ ਦਿੱਤਾ ਕਿ ਨਸ਼ਿਆਂ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਬਜਾਏ ਉਨ੍ਹਾਂ ਨੂੰ ਵਧੀਆ ਡਾਕਟਰੀ ਇਲਾਜ, ਮੁੜ ਵਸੇਬੇ (Rehabilitation) ਦੀਆਂ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਸੂਬੇ ਵਿੱਚ ਅਪਰਾਧਿਕ ਘਟਨਾਵਾਂ ਅਤੇ ਗੈਂਗਵਾਰ ਕਾਰਨ ਆਮ ਲੋਕਾਂ, ਔਰਤਾਂ ਅਤੇ ਦੁਕਾਨਦਾਰਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ, ਜਿਸ ਲਈ ਪੁਲਿਸ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਦੇ ਨਿਰਪੱਖ ਹੋ ਕੇ ਕੰਮ ਕਰਨਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਨੂੰ ਪਾਰਟੀ ਬਾਹਰ ਆ ਕੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਇੱਕ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ।
- Download Babushahi App
-
-