ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ MLA ਗਿਆਸਪੁਰਾ ਤਨਖਾਹੀਆ ਕਰਾਰ
ਜੀਵਨ ਸਿੰਘ ਬਗੀਚੀਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ, ਪੰਜ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ
ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਵੇ ਸਿੱਖ ਕੌਮ: ਗਿਆਨੀ ਕੁਲਦੀਪ ਸਿੰਘ ਗੜਗੱਜ ਕੁਲਵਿੰਦਰ ਸਿੰਘ
ਅੰਮ੍ਰਿਤਸਰ 16 ਸਤੰਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਹਿਮ ਫ਼ੈਸਲੇ ਲਏ ਗਏ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਗਤ ਨੂੰ ਫੈਸਲਾ ਸੁਣਾਉਂਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦੇਣ, ਜੀਵਨ ਸਿੰਘ ਬਗੀਚੀਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ ਲਗਾਉਣ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਰਹੂਮ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਧਰਮ ਵਿੱਚ ਜਾਤ-ਪਾਤ, ਊਚ-ਨੀਚ ਅਤੇ ਅਮੀਰ-ਗ਼ਰੀਬ ਦੇ ਆਧਾਰ ’ਤੇ ਕਿਸੇ ਨਾਲ ਵਿਤਕਰਾ ਕਰਨ ਦੀ ਕੋਈ ਥਾਂ ਨਹੀਂ ਹੈ।
ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰਕ ਸਾਂਝ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਵਾਜ਼ੇ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਲਈ ਖੁੱਲ੍ਹੇ ਹਨ।
ਉਨ੍ਹਾਂ ਦੱਸਿਆ ਕਿ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀ ਗਈ ਬਿਆਨਬਾਜ਼ੀ ਸਬੰਧੀ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਗਿਆ। ਉਨ੍ਹਾਂ ਅਨੁਸਾਰ, ਆਮ ਆਦਮੀ ਪਾਰਟੀ ਨਾਲ ਸਬੰਧਤ ਵਿਧਾਇਕਾਂ ਅਤੇ ਆਗੂਆਂ ਦੇ ਵਫ਼ਦ ਨੇ ਵੀ ਮੰਨਿਆ ਕਿ ਜਾਤ ਦਾ ਮੁੱਦਾ ਜਾਣਬੁੱਝ ਕੇ ਉਠਾਇਆ ਗਿਆ ਸੀ ਅਤੇ ਉਸ ਦਿਨ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਸੀ। ਇਸ ਮਾਮਲੇ ਵਿੱਚ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੰਦਿਆਂ ਸਿੱਖਾਂ ਨੂੰ ਉਨ੍ਹਾਂ ਨਾਲ ਸਾਂਝ ਰੱਖਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ।
ਦੂਜੇ ਫ਼ੈਸਲੇ ਬਾਰੇ ਗਿਆਨੀ ਗੜਗੱਜ ਨੇ ਕਿਹਾ ਕਿ ਜੀਵਨ ਸਿੰਘ ਬਗੀਚੀਵਾਲੇ ਵੱਲੋਂ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਤ ਮਰਯਾਦਾ ਅਤੇ ਪੰਥਕ ਰਵਾਇਤਾਂ ਦੇ ਉਲਟ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਮਾਮਲਾ ਵੀ ਵਿਚਾਰਿਆ ਗਿਆ। ਉਨ੍ਹਾਂ ਅਨੁਸਾਰ, ਜੀਵਨ ਸਿੰਘ ਬਗੀਚੀਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਆਪੇ ਬਣੇ ਪ੍ਰਚਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਤ ਮਰਯਾਦਾ ਦੇ ਉਲਟ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਤੀਜੇ ਮਾਮਲੇ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲੇ ਮਰਹੂਮ ਭਾਈ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਭਾਈ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ। ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਦਾ ਜ਼ਿਕਰ ਕਰਦਿਆਂ ਗਿਆਨੀ ਗੜਗੱਜ ਨੇ ਸਮੁੱਚੀ ਸਿੱਖ ਕੌਮ ਅਤੇ ਪੰਜਾਬ ਵਾਸੀਆਂ ਨੂੰ ਪਰਿਵਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਲੋਕਾਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਹੜੇ ਦੂਜਿਆਂ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਤੱਕ ਵਾਰ ਗਏ।
ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਿਧਾਂਤਾਂ, ਪੰਥਕ ਰਵਾਇਤਾਂ ਅਤੇ ਗੁਰਮਤਿ ਮਰਯਾਦਾ ਦੀ ਪਾਲਣਾ ਕਰਨ ’ਤੇ ਜ਼ੋਰ ਦਿੱਤਾ।
- Download Babushahi App
-
-