ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ
• ਪਾਰਟੀ ਪ੍ਰਤੀ ਵਫ਼ਾਦਾਰੀ, ਭਰੋਸੇਯੋਗਤਾ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਕੀਤੇ ਯਤਨਾਂ ਨੂੰ ਮਿਲੀ ਅਹਿਮੀਅਤ
• ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਬੁੱਧੀਜੀਵੀਆਂ ਅਤੇ ਸਿੱਖਿਆ ਸ਼ਾਸਤਰੀਆਂ ਦੀ ਭਾਗੀਦਾਰੀ ਵਧਾਉਣ ’ਤੇ ਦਿੱਤਾ ਜਾਵੇਗਾ ਜ਼ੋਰ -ਪ੍ਰੋ. ਗੱਜਣਮਾਜਰਾ
ਮਾਲੇਰਕੋਟਲਾ, 17 ਅਕਤੂਬਰ:
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਾਰਟੀ ਦੇ ਬੌਧਿਕ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਵਿੱਚ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ, ਭਰੋਸੇਯੋਗ ਕਾਰਜਸ਼ੈਲੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਕੀਤੇ ਯਤਨਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ।

ਆਪਣੀ ਨਿਯੁਕਤੀ ’ਤੇ ਪ੍ਰੋ. ਗੱਜਣਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਪਾਰਟੀ ਵੱਲੋਂ ਪ੍ਰਗਟਾਏ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਉਹ ਇਸ ਭਰੋਸੇ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ, ਸਮਰਪਣ ਅਤੇ ਜਵਾਬਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਮੁੱਖ ਮੰਤਰੀ ਦੀ ਅਗਵਾਈ ਹੇਠ ਸਿੱਖਿਆ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮਾਜਿਕ ਤਰੱਕੀ ਵਿੱਚ ਬੌਧਿਕ ਵਰਗ ਦੀ ਭੂਮਿਕਾ ਨੂੰ ਅਹਿਮ ਦੱਸਿਆ।
ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬੌਧਿਕ ਵਿੰਗ ਰਾਹੀਂ ਸਿੱਖਿਆ ਸ਼ਾਸਤਰੀਆਂ, ਖੋਜਕਰਤਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਵਧਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਕਾਨੂੰਨੀ ਕਾਰਵਾਈ ਦੇ ਨਾਲ ਸਮਾਜਿਕ ਚੇਤਨਾ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਗਿਆਨ, ਹੁਨਰ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਅਹਿਮ ਹੈ।
- Download Babushahi App
-
-