ਖੇਡਾਂ ਵਤਨ ਪੰਜਾਬ ਦੀਆਂ 2026 ਵਿੱਚ ਸਰਗੁਣ ਕੌਰ ਢਾਹਾਂ ਦੀ ਸ਼ਾਨਦਾਰ ਜਿੱਤ
ਸੂਬਾ ਪੱਧਰ ’ਤੇ ਕੁਸ਼ਤੀ ਮੁਕਾਬਲੇ ਵਿਚ ਜਿੱਤਿਆ ਕਾਂਸੀ ਦਾ ਤਮਗਾ
ਬੰਗਾ 17 ਅਕਤੂਬਰ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਢਾਹਾਂ ਕਲੇਰਾਂ ਦੀ ਹੋਣਹਾਰ ਵਿਦਿਆਰਥਣ ਪਹਿਲਵਾਨ ਸਰਗੁਣ ਕੌਰ ਢਾਹਾਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਅੰਡਰ-14 ਸਾਲ ਉਮਰ ਵਰਗ, 54 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ । ਜ਼ਿਲ੍ਹਾ ਮਾਨਸਾ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਸਰਗੁਣ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ । ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਪਿੰਡ ਢਾਹਾਂ ਦੀ ਜੰਮਪਲ ਸਰਗੁਣ ਕੌਰ ਪੁੱਤਰੀ ਬਲਜੀਤ ਸਿੰਘ ਅਤੇ ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਅਤੇ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਟਰੱਸਟ ਦੀ ਮੁੱਖ ਤਰਜੀਹ ਹੈ ਅਤੇ ਸਰਗੁਣ ਕੌਰ ਢਾਹਾਂ ਦੀ ਸਫ਼ਲਤਾ ਹੋਰਨਾਂ ਵਿਦਿਆਰਥਣਾਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ । ਇਸ ਤੋਂ ਪਹਿਲਾਂ ਸਕੂਲ ਪਹੁੰਚਣ ’ਤੇ ਉਸ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ । ਸਕੂਲ ਦੀ ਪ੍ਰਿੰਸੀਪਲ ਵਨੀਤਾ ਚੋਟ ਨੇ ਸਰਗੁਣ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਢਾਹਾਂ ਕਲੇਰਾਂ ਨੇ ਉਹਨਾਂ ਦੀ ਧੀ ਸਰਗੁਣ ਕੌਰ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਉਸ ਵੱਲੋਂ ਪੰਜਾਬ ਪੱਧਰ ’ਤੇ ਪ੍ਰਾਪਤ ਸਫ਼ਲਤਾ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ । ਜਿਸ ਲਈ ਉਨ੍ਹਾਂ ਨੇ ਟਰੱਸਟ ਅਤੇ ਸਕੂਲ ਵੱਲੋਂ ਦਿੱਤੇ ਸਹਿਯੋਗ, ਹੌਸਲਾ ਅਫ਼ਜ਼ਾਈ ਅਤੇ ਸਨਮਾਨ ਲਈ ਧੰਨਵਾਦ ਕੀਤਾ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਜਸਵੀਰ ਕੌਰ, ਕੋਮਲ, ਖੇਡ ਅਧਿਆਪਕ ਕੁਲਜੀਤ ਸਿੰਘ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
- Download Babushahi App
-
-