ਫਿਰੌਤੀ ਦੇ ਫੋਨਾਂ ਤੇ ਨਸ਼ਿਆਂ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਪੰਜਾਬ ਦੀ ਸੁਰੱਖਿਆ ਸਬੰਧੀ ਸਵਾਲ ਚੁੱਕੇ
ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ 2026: ਆਪਣੇ ਪੰਜਾਬ ਦੌਰੇ ਦੌਰਾਨ ਪੁੱਜੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਵਿੱਚ ਗੈਂਗਸਟਰਾਂ ਦੀਆਂ ਸਰਗਰਮੀਆਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਸੂਬਾ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਨਿਘਰ ਗਈ ਹੈ ਕਿ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮਹਿਸੂਸ ਕਰ ਰਿਹਾ ਹੈ। ਬਠਿੰਡਾ ਦੌਰੇ ਦੌਰਾਨ ਦੋਵਾਂ ਆਗੂਆਂ ਨੇ ਗੈਂਗਸਟਰਾਂ ਵੱਲੋਂ ਕਥਿਤ ਫ਼ਿਰੌਤੀ ਲਈ ਕਤਲ ਕੀਤੇ ਗਏ ਅੰਮ੍ਰਿਤਸਰੀ ਕੁਲਚਾ ਕਾਰੋਬਾਰੀ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਹੋਈ ਇਸ ਮੁਲਾਕਾਤ ਮੌਕੇ ਕਾਂਗਰਸੀ ਆਗੂਆਂ ਨੇ ਪੀੜਤ ਪਰਿਵਾਰ ਨਾਲ ਖੜ੍ਹਨ ਦਾ ਭਰੋਸਾ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਪੰਜਾਬ ਨੇ ਦੇਸ਼ ਦੇ ਅਨਾਜ ਭੰਡਾਰ ਭਰਨ ਅਤੇ ਸਰਹੱਦਾਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ ਅਤੇ ਕਾਰੋਬਾਰੀ ਫ਼ਿਰੌਤੀਆਂ ਦੇ ਡਰ ਹੇਠ ਜੀਅ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਵੱਲੋਂ ਫ਼ਿਰੌਤੀਆਂ ਮੰਗਣ ਅਤੇ ਇਨਕਾਰ ਕਰਨ ’ਤੇ ਕਤਲ ਦੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਪਾਇਲਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਅਤੇ ਡੀ.ਜੀ.ਪੀ. ਦੀ ਬਰਖ਼ਾਸਤਗੀ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ, ਰੁਜ਼ਗਾਰ ਅਤੇ ਅਮਨ-ਕਾਨੂੰਨ ਕਾਇਮ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਉਨ੍ਹਾਂ ਪੰਜਾਬ ਵਿੱਚ ਅਤਿਵਾਦ ਦੇ ਦੌਰ ਦਾ ਹਵਾਲਾ ਦਿਆਂਦਿਆਂ ਕਾਂਗਰਸ ਦੀਆਂ ਕੁਰਬਾਨੀਆਂ ਦਾ ਜ਼ਿਕਰ ਵੀ ਕੀਤਾ।ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਸਰਕਾਰ ਦੇ ਕਾਬੂ ਤੋਂ ਬਾਹਰ ਹੋ ਗਈ ਹੈ।
ਉਨ੍ਹਾਂ ਪੰਜਾਬ ਪੁਲੀਸ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ। ਉਨ੍ਹਾਂ ‘ਆਪ’ ਅਤੇ ਭਾਜਪਾ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਠਹਿਰਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਰਿਪੋਰਟ ਲੈਣ ’ਤੇ ਵੀ ਉਨ੍ਹਾਂ ਨੇ ਤਨਜ਼ ਕੱਸਿਆ।ਇਸ ਮੌਕੇ ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਕਾਂਗਰਸ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਪੰਜਾਬ ਕਾਂਗਰਸ ਦੇ ਡੈਲੀਗੇਟ ਕੇ.ਕੇ. ਅਗਰਵਾਲ ਅਤੇ ਹੋਰ ਵੱਖ-ਵੱਖ ਆਗੂ ਹਾਜ਼ਰ ਸਨ
- Download Babushahi App
-
-