CM-MANN ਦੇ ਹੁਕਮਾਂ ਤੋਂ ਬਾਅਦ ਅਫਸਰਾਂ ਨੇ ਮੰਡੀਆਂ ਵਿੱਚ ਸੰਭਾਲੀ ਝੋਨੇ ਦੀ ਖਰੀਦ ਸਬੰਧੀ ਕਮਾਨ
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਬਠਿੰਡਾ ਅਨਾਜ ਮੰਡੀ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ 2026 :ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ, ਲੇਕਿਨ ਫਿਰ ਵੱਖ-ਵੱਖ ਖ੍ਰੀਦ ਏਜੰਸੀਆਂ ਨੂੰ ਝੋਨੇ ਦੀ ਖ੍ਰੀਦ, ਤੁਲਾਈ ਤੇ ਚੁਕਾਈ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਬਠਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ 16 ਅਕਤੂਬਰ ਨੂੰ 6,559 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਜ਼ਿਲ੍ਹੇ ਵਿੱਚ ਕੁੱਲ 32,257 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜੋ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਫ਼ਸਲ ਪਹੁੰਚਣ ਨੂੰ ਦਰਸਾਉਂਦੀ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸ ਤਹਿਤ 21626 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 10,999 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2,355 ਮੀਟ੍ਰਿਕ ਟਨ, ਪਨਸਪ ਵੱਲੋਂ 5,783 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 2,489 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਸਰਹੱਦਾਂ ‘ਤੇ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਦੀ ਫ਼ਸਲ ਖ੍ਰੀਦਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਬਾਹਰੀ ਰਾਜ ਤੋਂ ਜ਼ਿਲ੍ਹੇ ਦੀ ਸਰਹੱਦ ਅੰਦਰ ਆ ਰਹੇ ਝੋਨੇ ਸਬੰਧੀ ਕੋਈ ਵਹੀਕਲ ਫੜਿਆ ਜਾਂਦਾ ਹੈ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਸ੍ਰੀ ਬਲਜੀਤ ਬੱਲੀ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ, ਕਿਸਾਨ ਆਦਿ ਹਾਜ਼ਰ ਸਨ।
- Download Babushahi App
-
-