HMEL ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੁਕਾਬਲੇ ਕਰਵਾਏ
ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ 2026: ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ, ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਐਚਪੀਸੀਐਲ-ਮਿੱਤਲ ਐਨਰਜੀ ਲਿਮਟਿਡ (ਐਚਐਮਈਐਲ) ਵੱਲੋਂ ਰਿਫਾਇਨਰੀ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਵੱਖ-ਵੱਖ ਖੇਡ ਮੁਕਾਬਲੇ ਕਰਵਾਉਣ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਪਹਿਲਕਦਮੀ ਤਹਿਤ ਹਾਲ ਹੀ ਵਿੱਚ ਪੱਕਾ ਖੁਰਦ, ਰਾਮਾਂ, ਜਗਾਰਾਮ ਤੀਰਥ ਅਤੇ ਹਰਿਆਣਾ ਦੇ ਪਿੰਡ ਦੇਸੂ ਮਲਕਾਣਾ ਵਿੱਚ ਕ੍ਰਿਕਟ ਅਤੇ ਕਬੱਡੀ ਟੂਰਨਾਮੈਂਟ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਆਯੋਜਨ ਵਿੱਚ ਐਚਐਮਈਐਲ ਨੇ ਗ੍ਰਾਮ ਪੰਚਾਇਤਾਂ ਅਤੇ ਯੂਥ ਕਲੱਬਾਂ ਨਾਲ ਮਿਲ ਕੇ ਸਹਿਯੋਗ ਦਿੱਤਾ।ਪਿੰਡ ਪੱਕਾ ਖੁਰਦ ਵਿੱਚ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਆਲੇ-ਦੁਆਲੇ ਦੇ 14 ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਪਿੰਡ ਜੈ ਸਿੰਘ ਵਾਲਾ ਦੀ ਟੀਮ ਨੇ ਪਹਿਲਾ ਅਤੇ ਦੁੱਨੇਵਾਲਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਟੂਰਨਾਮੈਂਟ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ।
ਰਿਫਾਇਨਰੀ ਦੇ ਨੇੜੇ ਹਰਿਆਣਾ ਦੇ ਪਿੰਡ ਦੇਸੂ ਮਲਕਾਣਾ ਵਿੱਚ ਗ੍ਰਾਮ ਪੰਚਾਇਤ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੀਆਂ ਲਗਭਗ 150 ਟੀਮਾਂ ਨੇ ਹਿੱਸਾ ਲਿਆ। ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਵੀ ਦਿੱਤਾ ਗਿਆ।
ਪਿੰਡ ਰਾਮਾਂ ਵਿੱਚ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ 20 ਟੀਮਾਂ ਨੇ ਭਾਗ ਲਿਆ। ਐਚਐਮਈਐਲ ਵੱਲੋਂ ਮੁਕਾਬਲੇ ਦੇ ਆਯੋਜਨ ਵਿੱਚ ਸਹਿਯੋਗ ਦੇਣ ਦੇ ਨਾਲ-ਨਾਲ ਖਿਡਾਰੀਆਂ ਨੂੰ ਖੇਡ ਸਮੱਗਰੀ ਵੀ ਮੁਹੱਈਆ ਕਰਵਾਈ ਗਈ। ਗ੍ਰਾਮ ਪੰਚਾਇਤ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਐਚਐਮਈਐਲ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਇਸੇ ਲੜੀ ਤਹਿਤ ਪਿੰਡ ਜਗਾਰਾਮ ਤੀਰਥ ਵਿੱਚ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਆਲੇ-ਦੁਆਲੇ ਦੇ ਪਿੰਡਾਂ ਦੀਆਂ ਲਗਭਗ 48 ਟੀਮਾਂ ਨੇ ਹਿੱਸਾ ਲਿਆ। ਐਚਐਮਈਐਲ ਵੱਲੋਂ ਖੇਡ ਸਮੱਗਰੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ ਗਿਆ। ਇਸ ਮੁਕਾਬਲੇ ਵਿੱਚ ਮੰਡੀ ਖੁਰਦ ਦੀ ਟੀਮ ਨੇ ਪਹਿਲਾ ਅਤੇ ਗਹਿਰੀ ਭਾਗੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।ਸਾਰੇ ਟੂਰਨਾਮੈਂਟਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਅਤੇ ਖਿਡਾਰੀਆਂ ਨੂੰ ਗ੍ਰਾਮ ਪੰਚਾਇਤਾਂ ਅਤੇ ਐਚਐਮਈਐਲ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਐਚਐਮਈਐਲ ਦੀ ਇਹ ਪਹਿਲ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ, ਉਨ੍ਹਾਂ ਵਿੱਚ ਅਨੁਸ਼ਾਸਨ ਅਤੇ ਟੀਮ ਭਾਵਨਾ ਵਿਕਸਿਤ ਕਰਨ ਦੇ ਨਾਲ-ਨਾਲ ਸਿਹਤਮੰਦ ਅਤੇ ਨਸ਼ਾ-ਮੁਕਤ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਵਧਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ।
- Download Babushahi App
-
-