ਜ਼ੋਨਲ ਯੂਥ ਫੈਸਟੀਵਲ 2026 ਵਿੱਚ ਕਾਲਜ ਦੀ ਇਤਿਹਾਸਕ ਪ੍ਰਾਪਤੀ
32 ਆਈਟਮਾਂ ਵਿੱਚ ਭਾਗ ਲਿਆ, 28 ਵਿੱਚ ਇਨਾਮ ਜਿੱਤੇ; 116 ਅੰਕਾਂ ਨਾਲ ਓਵਰਆਲ ਫਸਟ ਰਨਰ-ਅੱਪ ਦਾ ਖ਼ਿਤਾਬ
ਰੋਹਿਤ ਗੁਪਤਾ
ਗੁਰਦਾਸਪੁਰ, 17 ਅਕਤੂਬਰ 2026: ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਜ਼ੋਨਲ ਯੂਥ ਫੈਸਟੀਵਲ 2026 ਵਿੱਚ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 116 ਅੰਕ ਪ੍ਰਾਪਤ ਕਰਕੇ ਓਵਰਆਲ ਫਸਟ ਰਨਰ-ਅੱਪ ਦਾ ਖ਼ਿਤਾਬ ਹਾਸਲ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਕੁੱਲ 32 ਆਈਟਮਾਂ ਵਿੱਚ ਭਾਗ ਲਿਆ ਅਤੇ 28 ਆਈਟਮਾਂ ਵਿੱਚ ਇਨਾਮ ਜਿੱਤ ਕੇ ਕਾਲਜ ਦੇ ਨਾਲ-ਨਾਲ ਗੁਰਦਾਸਪੁਰ ਸ਼ਹਿਰ ਦਾ ਨਾਮ ਰੌਸ਼ਨ ਕੀਤਾ। 9 ਆਈਟਮਾਂ ਵਿੱਚ ਪਹਿਲਾ, 13 ਵਿੱਚ ਦੂਜਾ ਅਤੇ 6 ਵਿੱਚ ਤੀਜਾ ਸਥਾਨ ਪ੍ਰਾਪਤ ਕਰਨਾ ਕਾਲਜ ਦੇ ਇਤਿਹਾਸ ਵਿੱਚ ਇੱਕ ਯਾਦਗਾਰੀ ਪ੍ਰਾਪਤੀ ਹੈ।
ਜਸਟਿਸ ਹਰਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ
ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਗੁਰਦਾਸਪੁਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਜਸਟਿਸ ਹਰਪ੍ਰੀਤ ਸਿੰਘ ਜੀ ਵਿਸ਼ੇਸ਼ ਤੌਰ ’ਤੇ ਕਾਲਜ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਅਜਿਹੇ ਯੂਥ ਫੈਸਟੀਵਲ ਵਿਦਿਆਰਥੀਆਂ ਦੀ ਊਰਜਾ ਨੂੰ ਸਹੀ ਅਤੇ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਦਾ ਮਹੱਤਵਪੂਰਨ ਮੰਚ ਹਨ। ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸੱਭਿਆਚਾਰਕ ਅਤੇ ਹੋਰ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਉਨ੍ਹਾਂ ਦੇ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਜਸਟਿਸ ਹਰਪ੍ਰੀਤ ਸਿੰਘ ਜੀ ਨੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਜਿਹੇ ਉਪਰਾਲੇ ਕਰਕੇ ਸਰਹੱਦੀ ਖੇਤਰ ਗੁਰਦਾਸਪੁਰ ਦੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਥ ਫੈਸਟੀਵਲ ਵਿੱਚ ਭਾਗ ਲੈਣ ਦਾ ਮੌਕਾ ਪ੍ਰਦਾਨ ਕੀਤਾ। ਉਨ੍ਹਾਂ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਲਾਵਾਂ ਅਤੇ ਸੱਭਿਆਚਾਰਕ ਆਈਟਮਾਂ ਵਿੱਚ ਵੱਡੀ ਗਿਣਤੀ ਵਿੱਚ ਇਨਾਮ ਜਿੱਤਣ ਦੀ ਸ਼ਲਾਘਾ ਕੀਤੀ।
ਇਸ ਹੌਸਲਾ-ਅਫ਼ਜ਼ਾਈ ਸਮਾਗਮ ਵਿੱਚ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਸ੍ਰੀ ਪਰਮਿੰਦਰ ਸੈਣੀ, ਕਾਲਜ ਦੇ ਵਾਈਸ ਪ੍ਰਿੰਸੀਪਲ ਸ੍ਰੀ ਕਰਨਜੀਤ ਸ਼ਰਮਾ ਅਤੇ ਪ੍ਰੋਫੈਸਰ ਸਰਬਜੀਤ ਸਿੰਘ ਸਮੇਤ ਵੱਖ-ਵੱਖ ਸੱਭਿਆਚਾਰਕ ਟੀਮਾਂ ਦੇ ਇੰਚਾਰਜ ਅਧਿਆਪਕ ਅਤੇ ਅਧਿਕਾਰੀ ਵੀ ਸ਼ਾਮਲ ਹੋਏ। ਸਮੂਹ ਹਾਜ਼ਰੀਨ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਉਤਸ਼ਾਹ, ਮਿਹਨਤ ਅਤੇ ਸਮਰਪਣ ਨਾਲ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਥੀਏਟਰ ਅਤੇ ਲੋਕ ਨਾਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
ਕਾਲਜ ਦੇ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਕਵੀਸ਼ਰੀ, ਗਰੁੱਪ ਸ਼ਬਦ, ਕੁਇਜ਼, ਸਕਿੱਟ, ਜਨਰਲ ਡਾਂਸ (ਲੁੱਡੀ), ਭੰਗੜੇ ਅਤੇ ਹੋਰ ਸੰਗੀਤਕ, ਸਾਹਿਤਕ ਤੇ ਨਾਟਕੀ ਆਈਟਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੁੱਡੀ ਅਤੇ ਭੰਗੜੇ ਵਿੱਚ ਪਹਿਲਾ ਸਥਾਨ ਹਾਸਲ ਕਰਨਾ ਪੰਜਾਬ ਦੀ ਅਮੀਰ ਲੋਕ-ਵਿਰਾਸਤ ਪ੍ਰਤੀ ਵਿਦਿਆਰਥੀਆਂ ਦੇ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਹੈ। ਕੋਰੀਓਗ੍ਰਾਫੀ ਵਿੱਚ ਪਹਿਲਾ ਸਥਾਨ ਅਤੇ ਨਾਟਕੀ ਆਈਟਮਾਂ ਵਿੱਚ ਸਫਲਤਾ ਨੇ ਕਾਲਜ ਦੇ ਰੰਗਮੰਚੀ ਸਫ਼ਰ ਨੂੰ ਨਵਾਂ ਹੁਲਾਰਾ ਦਿੱਤਾ ਹੈ।
ਇਹ ਪ੍ਰਾਪਤੀਆਂ ਕਾਲਜ ਦੇ ਸੱਭਿਆਚਾਰਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਜੋੜਦੀਆਂ ਹਨ ਅਤੇ ਦਰਸਾਉਂਦੀਆਂ ਹਨ ਕਿ ਵਿਦਿਆਰਥੀਆਂ ਨੂੰ ਢੁਕਵਾਂ ਮੰਚ ਅਤੇ ਮਾਰਗਦਰਸ਼ਨ ਮਿਲਣ ’ਤੇ ਉਹ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ।
ਪਹਿਲੀ ਵਾਰ 22 ਆਈਟਮਾਂ ਵਿੱਚ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਭਾਗ ਲੈਣਗੇ ਵਿਦਿਆਰਥੀ
ਇਸ ਸਾਲ ਦੀ ਪ੍ਰਾਪਤੀ ਕਾਲਜ ਲਈ ਇੱਕ ਨਵੀਂ ਸੰਭਾਵਨਾ ਦਾ ਦਰਵਾਜ਼ਾ ਖੋਲ੍ਹਦੀ ਹੈ। ਕਾਲਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਦਿਆਰਥੀ 22 ਆਈਟਮਾਂ ਵਿੱਚ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਹ ਮੌਕਾ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਵੱਡੇ ਮੰਚ ’ਤੇ ਪੇਸ਼ ਕਰਨ ਅਤੇ ਯੂਨੀਵਰਸਿਟੀ ਪੱਧਰ ’ਤੇ ਕਾਲਜ ਦੀ ਪਛਾਣ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰੇਗਾ।
ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਦਾ ਉਪਰਾਲਾ
ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਕਲਾ, ਸੰਗੀਤ, ਨਾਟਕ, ਲੋਕ-ਨਾਚ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦਿੰਦੀਆਂ ਹਨ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਭਾਵਨਾ ਨਾਲ ਵੀ ਜੁੜਿਆ ਹੋਇਆ ਹੈ। ਨੌਜਵਾਨਾਂ ਨੂੰ ਕਲਾ ਅਤੇ ਸੱਭਿਆਚਾਰ ਨਾਲ ਜੋੜ ਕੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ।
ਪ੍ਰਿੰਸੀਪਲ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਸਮੁੱਚੀ ਸੱਭਿਆਚਾਰਕ ਟੀਮ ਦੇ ਸਮਰਪਣ ਨੂੰ ਦਿੱਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਾਰੀਆਂ ਟੀਮਾਂ ਦੇ ਇੰਚਾਰਜ ਅਧਿਆਪਕਾਂ ਅਤੇ ਸਹਿਯੋਗੀਆਂ ਦੀ ਸ਼ਲਾਘਾ ਕੀਤੀ।
ਕਾਲਜ ਦੀ ਐਲੂਮਨੀ ਐਸੋਸੀਏਸ਼ਨ ਅਤੇ ਸਮਰਪਣ ਸੋਸਾਇਟੀ ਵੱਲੋਂ ਵੀ ਵਿਦਿਆਰਥੀਆਂ, ਅਧਿਆਪਕਾਂ ਅਤੇ ਸੱਭਿਆਚਾਰਕ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ ਗਈ।
ਇਹ ਸਿਰਫ਼ ਇਨਾਮਾਂ ਦੀ ਜਿੱਤ ਨਹੀਂ, ਸਗੋਂ ਵਿਦਿਆਰਥੀਆਂ ਦੇ ਹੌਸਲੇ, ਮਿਹਨਤ, ਪ੍ਰਤਿਭਾ ਅਤੇ ਸਿਰਜਣਾਤਮਕ ਊਰਜਾ ਦੀ ਜਿੱਤ ਹੈ। 116 ਅੰਕਾਂ ਨਾਲ ਓਵਰਆਲ ਫਸਟ ਰਨਰ-ਅੱਪ ਬਣਨਾ ਅਤੇ 28 ਆਈਟਮਾਂ ਵਿੱਚ ਇਨਾਮ ਜਿੱਤਣਾ ਕਾਲਜ ਅਤੇ ਗੁਰਦਾਸਪੁਰ ਲਈ ਮਾਣ ਵਾਲਾ ਪਲ ਹੈ ।
- Download Babushahi App
-
-