ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਮੈਰਾਥਨ: 25 ਅਕਤੂਬਰ ਨੂੰ : ਕਾਲਕਾ, ਕਾਹਲੋਂ
ਨਵੀਂ ਦਿੱਲੀ 18 ਅਕਤੂਬਰ 2026(ਮਨਮੋਹਨ ਸਿੰਘ)ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 25 ਅਕਤੂਬਰ ਨੂੰ ਸਵੇਰੇ 6:30 ਵਜੇ ਇੰਡੀਆ ਗੇਟ ਤੋਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਜੀ ਤੱਕ ਇੱਕ ਵਿਸ਼ੇਸ਼ ਮੈਰਾਥਨ ਕਰਵਾਈ ਜਾਵੇਗੀ। ਇਸ ਮੈਰਾਥਨ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ, ਧਰਮ ਦੀ ਰਾਖੀ ਅਤੇ ਮਨੁੱਖਤਾ ਦੀ ਸੇਵਾ ਦਾ ਅਮਰ ਸੰਦੇਸ਼ ਲੋਕਾਂ ਤੱਕ ਪਹੁੰਚਾਉਣਾ ਹੈ।
ਦੋਵੇਂ ਆਗੂਆਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ, ਇਨਸਾਫ਼ ਅਤੇ ਇਨਸਾਨੀਅਤ ਦੀ ਰਾਖੀ ਲਈ ਆਪਣਾ ਸਰਵਉੱਚ ਬਲੀਦਾਨ ਦਿੱਤਾ; ਇਸ ਲਈ ਇਹ ਮੈਰਾਥਨ ਸਿਰਫ਼ ਇੱਕ ਖੇਡ ਸਮਾਗਮ ਨਹੀਂ, ਸਗੋਂ ਸ਼ਰਧਾ, ਏਕਤਾ ਅਤੇ ਸੇਵਾ ਭਾਵਨਾ ਨਾਲ ਭਰਪੂਰ ਸ਼ਰਧਾਂਜਲੀ ਵੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਵੱਲੋਂ ਸਮੂਹ ਸੰਗਤ, ਗੁਰਸਿੱਖ ਭਾਈਚਾਰੇ, ਨੌਜਵਾਨਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਸ਼ੇਸ਼ ਮੈਰਾਥਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਣਕਾਰੀ ਦੇਣ।
- Download Babushahi App
-
-